*ਵਿਧਾਇਕ ਬੁੱਧ ਰਾਮ ਵੱਲੋਂ ਪਿੰਡ ਦਰੀਆਪੁਰ ਖੁਰਦ ਅਤੇ ਦਰੀਆਪੁਰ ਕਲਾਂ ਤੋਂ ਸਫਾਈ ਅਤੇ ਪੁਨਰਵਾਸ ਮੁਹਿੰਮ ਦੀ ਸ਼ੁਰੂਆਤ*
*ਪਿੰਡ ਵਾਸੀਆਂ ਲਈ ਵਿਸ਼ੇਸ਼ ਮੈਡੀਕਲ ਕੈਂਪ ਆਯੋਜਿਤ*
ਬੁਢਲਾਡਾ/ਮਾਨਸਾ, 15 ਸਤੰਬਰ: ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 100 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ਾਲ ਪੁਨਰਵਾਸ ਤੇ ਸਫਾਈ ਮੁਹਿੰਮ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਹਲਕਾ ਬੁਢਲਾਡਾ ਦੇ ਪਿੰਡ ਦਰੀਆਪੁਰ ਕਲਾਂ ਅਤੇ ਦਰੀਆਪੁਰ ਖੁਰਦ ਤੋਂ ਸਫਾਈ ਅਤੇ ਪੁਨਰਵਾਸ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ੍ਰ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸ੍ਰੀ ਸਤੀਸ਼ ਸਿੰਗਲਾ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ, ਜਿੰਨ੍ਹਾਂ ਨੇ ਖੁਦ ਸਫਾਈ ਮੁਹਿੰਮ ਦਾ ਹਿੱਸਾ ਬਣ ਕੇ ਅਹਿਮ ਯੋਗਦਾਨ ਪਾਇਆ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਹੜ੍ਹਾਂ ਦਾ ਪਾਣੀ ਹੁਣ ਕਈ ਇਲਾਕਿਆਂ ਵਿੱਚ ਘੱਟ ਰਿਹਾ ਹੈ। ਪ੍ਰਭਾਵਿਤ ਖੇਤਰਾਂ ਵਿਚ ਜਿੱਥੇ ਕਿਤੇ ਵੀ ਚਿੱਕੜ ਅਤੇ ਗੰਦਗੀ ਫੈਲੀ ਹੋਈ ਹੈ ਇੰਨ੍ਹਾਂ ਇਲਾਕਿਆਂ ਦੀ ਸਾਫ ਸਫਾਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ 2300 ਪ੍ਰਭਾਵਿਤ ਪਿੰਡਾਂ ਅਤੇ ਵਾਰਡਾਂ ਟੀਮਾਂ ਬਣਾਈਆਂ ਹਨ, ਜਿੰਨ੍ਹਾਂ ਵਿੱਚ ਜੇ.ਸੀ.ਬੀ ਮਸ਼ੀਨਾਂ, ਟਰੈਕਟਰ-ਟਰਾਲੀਆਂ ਅਤੇ ਵਰਕਰ ਹੋਣਗੇ। ਇਹ ਟੀਮਾਂ ਚਿੱਕੜ ਅਤੇ ਮਲਬਾ ਹਟਾਉਣਗੀਆਂ ਅਤੇ ਹਰੇਕ ਪਿੰਡ ਦੀ ਪੂਰੀ ਸਫਾਈ ਯਕੀਨੀ ਬਣਾਉਣਗੀਆਂ। ਉਨ੍ਹਾਂ ਦੱਸਿਆ ਕਿ ਹਰੇਕ ਪ੍ਰਭਾਵਿਤ ਪਿੰਡ ਨੂੰ ਸ਼ੁਰੂਆਤੀ ਫੰਡ ਵਜੋਂ 1 ਲੱਖ ਰੁਪਏ ਜਾਰੀ ਕੀਤੇ ਜਾ ਰਹੇ ਹਨ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪਿੰਡਾਂ, ਜਨਤਕ ਥਾਵਾਂ ਅਤੇ ਛੱਪੜਾਂ ਦੀ ਸਫਾਈ ਅਤੇ ਮੁਰੰਮਤ ਦਾ ਕੰਮ ਕਰਵਾਇਆ ਜਾਵੇਗਾ। ਉਨ੍ਹਾਂ ਇਸ ਮੁਹਿੰਮ ਵਿਚ ਸਥਾਨਕ ਵਸਨੀਕਾਂ, ਸਮਾਜ ਸੇਵੀ ਸੰਸਥਾਵਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ਦਾ ਮੁੜ ਵਸੇਬਾ ਕੀਤਾ ਜਾ ਸਕੇ।
ਇਸ ਮੌਕੇ ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਿਹਤਯਾਬੀ ਲਈ ਵਿਸ਼ੇਸ਼ ਮੈਡੀਕਲ ਕੈਂਪ ਆਯੋਜਿਤ ਕੀਤਾ ਗਿਆ ਉੱਥੇ ਹੀ ਫੌਗਿੰਗ ਵੀ ਕਰਵਾਈ ਗਈ ਤਾਂ ਜੋ ਮੱਛਰ ਅਤੇ ਬਿਮਾਰੀਆਂ ਦੇ ਫੈਲਣ ਤੋਂ ਬਚਾਅ ਕੀਤਾ ਜਾ ਸਕੇ।
ਇਸ ਮੌਕੇ ਸਰਪੰਚ ਪਿੰਡ ਦਰੀਆਪੁਰ ਖੁਰਦ ਵੀਰਪਾਲ ਕੌਰ, ਸਰਪੰਚ ਪਿੰਡ ਦਰੀਆਪੁਰ ਕਲਾਂ ਜਸਪਾਲ ਸਿੰਘ ਤੋਂ ਇਲਾਵਾ ਬੀ.ਡੀ.ਪੀ.ਓਜ਼ ਅਤੇ ਪੰਚਾਇਤ ਸਕੱਤਰ ਅਤੇ ਸਥਾਨਕ ਵਾਸੀ ਹਾਜਰ਼ ਸਨ।