ਕਿਹਾ, ਸਰਹੱਦੀ ਖੇਤਰ ਦੇ ਮੁਲਾਜ਼ਮਾਂ ਨੂੰ ਮਿਲੇ 25 ਫੀਸਦੀ ਵਾਧੂ ਤਨਖਾਹ
ਫਾਜ਼ਿਲਕਾ, 19 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਸ਼ਾ ਵਰਕਰਾਂ ਦੇ ਆਪਣੇ ਘਰ ਨੁਕਸਾਨੇ ਜਾਣ ਦੇ ਬਾਵਜੂਦ ਉਹ ਘਰ ਘਰ ਜਾ ਕੇ ਲੋਕਾਂ ਲਈ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਨੇ ਕਰੋਨਾ ਸਮੇਂ ਵੀ, ਆਪਰੇਸ਼ਨ ਸੰਧੂਰ ਸਮੇਂ ਅਤੇ ਹੁਣ ਹੜ੍ਹ ਸਮੇਂ ਵੀ ਲੋਕਾਂ ਵਿੱਚ ਜਾ ਕੇ ਕੰਮ ਕੀਤਾ ਹੈ। ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਮੈਂ ਕੇਂਦਰੀ ਮੰਤਰੀ ਨੂੰ ਦੋ ਵਾਰ ਚਿੱਠੀ ਲਿਖ ਚੁੱਕਿਆ ਹੈ ਕਿ ਸਰਹੱਦੀ ਖੇਤਰ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ 25 ਫੀਸਦੀ ਵੱਧ ਤਨਖਾਹ ਦਿੱਤੀ ਜਾਵੇ ਅਤੇ ਆਸ਼ਾ ਵਰਕਰਾਂ ਨੂੰ ਘੱਟੋ ਘੱਟ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ।
ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਜੋ ਹੜ੍ਹ ਆਏ ਉਹ ਬਹੁਤ ਹੀ ਭਿਆਨਕ ਸਨ। ਹੁਣ ਪਾਣੀ ਉਤਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਮੱਖੀਆਂ, ਮੱਛਰਾਂ ਅਤੇ ਗੰਦੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਡਰ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਹਰ ਪਿੰਡ ਵਿੱਚ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਘਰ ਘਰ ਜਾ ਕੇ ਕੰਮ ਕਰ ਰਹੀਆਂ ਅਤੇ ਸਰਵੇ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਮੈਡੀਕਲ ਐਂਮਰਜੈਂਸੀ ਹੁੰਦੀ ਹੈ ਤਾਂ ਉਸਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੇ ਹੜ੍ਹ ਪ੍ਰਭਾਵਿਤ ਖੇਤਰ ਨੂੰ ਦੁਬਾਰਾ ਤੋਂ ਲੀਹ ਉਤੇ ਲਿਆਉਣ ਲਈ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਮਿਸ਼ਨ ਚੜ੍ਹਦੀਕਲਾ’ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਿੱਚ ਵੱਧ ਚੜ੍ਹਕੇ ਹਿੱਸਾ ਪਾਉਣ।