ਡੀ.ਸੀ ਅਤੇ ਐਸ.ਐਸ.ਪੀ ਨੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ

ਪੰਜਾਬ

ਮਿੱਟੀ ਦੀ ਉਪਜਾਊ ਸਮਰੱਥਾ ਵਧਾਉਣ ਲਈ ਪਰਾਲੀ ਨੂੰ ਸਾੜਨ ਦੀ ਥਾਂ ਖੇਤਾਂ ਵਿੱਚ ਮਿਲਾਉਣ ਕਿਸਾਨ– ਡਿਪਟੀ ਕਮਿਸ਼ਨਰ        
ਵਾਤਾਵਰਣ ਪ੍ਰਦੂਸ਼ਣ ਰੋਕਣ ਲਈ ਕਿਸਾਨਾਂ ਨੂੰ ਪੂਰਾ ਸਹਿਯੋਗ ਦੇਵੇਗੀ  ਜ਼ਿਲ੍ਹਾ ਪੁਲਿਸ – ਐਸ.ਐਸ.ਪੀ

ਮਾਲੇਰਕੋਟਲਾ, 20 ਸਤੰਬਰ: ਦੇਸ਼ ਕਲਿੱਕ ਬਿਓਰੋ

                 ਜ਼ਿਲ੍ਹੇ ਵਿੱਚ ਪੈਦੀ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਤਿਆਰ ਕੀਤੀਆਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਰਵਾਨਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਹ ਵੈਨਾਂ ਅਗਲੇ 18 ਦਿਨਾਂ ਤੱਕ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਕਰੀਬ 176 ਪਿੰਡਾਂ ’ਚ ਜਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਗੀਆਂ।

           ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਮਨੁੱਖੀ ਸਿਹਤ, ਪਸ਼ੂ-ਪੰਛੀਆਂ ਅਤੇ ਵਾਤਾਵਰਣ ’ਤੇ ਗੰਭੀਰ ਪ੍ਰਭਾਵ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਨਾ ਸਿਰਫ ਕੈਂਪਾਂ ਰਾਹੀਂ, ਸਗੋਂ ਇਹਨਾਂ ਜਾਗਰੂਕਤਾ ਵੈਨਾਂ ਰਾਹੀਂ ਵੀ ਸਿੱਧੇ ਤੌਰ ’ਤੇ ਜੋੜਿਆ ਜਾ ਰਿਹਾ ਹੈ। “ਕਿਸਾਨਾਂ ਨੂੰ ਚਾਹੀਦਾ ਹੈ ਕਿ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਮਸ਼ੀਨਰੀ ਦੀ ਵਰਤੋਂ ਕਰਦੇ ਹੋਏ ਖੇਤਾਂ ਵਿੱਚ ਮਿਲਾਉਣ, ਜਿਸ ਨਾਲ ਮਿੱਟੀ ਦੀ ਉਪਜਾਊ ਸਮਰੱਥਾ ਵਧੇਗੀ ਅਤੇ ਖੇਤੀ ਦਾ ਖਰਚ ਵੀ ਘਟੇਗਾ।”

               ਇਸ ਮੌਕੇ ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਕਿਸਾਨਾਂ ਦੇ ਨਾਲ ਮਿਲ ਕੇ ਵਾਤਾਵਰਣ ਦੀ ਸੰਭਾਲ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤਾਂ ਨੂੰ ਅੱਗ ਲਗਾਉਣ ਵਾਲੀਆਂ ਖਿ਼ਲਾਫ ਕਾਨੂੰਨ ਅਨੁਸਾਰ ਕਾਰਵਾਈ ਹੋ ਸਕਦੀ ਹੈ, ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਇਸ ਸੰਬੰਧੀ ਮੁਹਿੰਮ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ।

             ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ ਨੇ ਦੱਸਿਆ ਕਿ 1 ਟਨ ਪਰਾਲੀ ਨੂੰ ਜਮੀਨ ਵਿੱਚ ਮਿਲਾਉਣ ਨਾਲ ਕਿਸਾਨਾਂ ਨੂੰ ਨਾਈਟ੍ਰੋਜਨ, ਸਲਫ਼ਰ, ਪੋਟਾਸ਼ ਅਤੇ ਜੈਵਿਕ ਕਾਰਬਨ ਵਰਗੇ ਖ਼ੁਰਾਕੀ ਤੱਤ ਮਿਲਦੇ ਹਨ, ਜਿਸ ਨਾਲ ਪ੍ਰਤੀ ਏਕੜ ਕਰੀਬ 1500 ਤੋਂ 2000 ਰੁਪਏ ਦੀ ਬਚਤ ਹੁੰਦੀ ਹੈ। ਜਦੋਂਕਿ ਅੱਗ ਲਾਉਣ ਨਾਲ ਇਹ ਸਭ ਤੱਤ ਖ਼ਤਮ ਹੋ ਜਾਂਦੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਦੀ ਸੀ.ਆਰ.ਐਮ ਸਕੀਮ ਹੇਠ ਹੈਪੀ ਸੀਡਰ, ਸੁਪਰ ਸੀਡਰ, ਮਲਚਰ, ਜ਼ੀਰੋ ਟਿਲ, ਸੁਪਰ ਸਟਰਾ ਐਸ.ਐਮ.ਐਸ. ਆਦਿ ਮਸ਼ੀਨਾਂ ਇਕੱਲੇ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਸਮੂਹਾਂ ਨੂੰ ਸਬਸਿਡੀ ’ਤੇ ਉਪਲਬਧ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।