ਦਿੜ੍ਹਬਾ, 28 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਪੇਅ ਸਕੇਲ ਬਹਾਲੀ ਦੀ ਮੰਗ ਨੂੰ ਲੈ ਕੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਇਨਕਲਾਬ ਦੇ ਨਾਮ ਹੇਠ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਤ ਮੰਤਰੀ ਦੇ ਸ਼ਹਿਰ ਦਿੜ੍ਹਬਾ ਵਿਖੇ ਪੰਜਾਬ ਦੇ ਮੁਲਾਜ਼ਮਾਂ ਦਾ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠ ਦੇਖਣ ਨੂੰ ਮਿਲਿਆ। ਦੱਸਣਯੋਗ ਹੈ ਕਿ ਇਹ ਇਕੱਠ 17/07/2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਦੀਆਂ ਪੰਜਾਬ ਪੇਅ ਸਕੇਲ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਕੀਤਾ ਗਿਆ।
ਫਰੰਟ ਦੇ ਆਗੂਆਂ ਵੱਲੋਂ ਦੱਸਿਆ ਗਿਆ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਹਜ਼ਾਰਾਂ ਮੁਲਾਜ਼ਮ ਪੰਜਾਬ ਪੇ ਸਕੇਲ ਬਹਾਲ ਕਰਵਾਉਣ ਦੀ ਲੜਾਈ ਲੜ ਰਹੇ ਹਨ। ਜਿਸ ਵਿੱਚ ਪੰਜਾਬ ਸਰਕਾਰ ਸਮੇਂ-ਸਮੇਂ ‘ਤੇ ਫਰੰਟ ਨੂੰ ਮੀਟਿੰਗਾਂ ਦੇ ਕੇ ਗੱਲ ਕਰਨ ਤੋਂ ਭੱਜਦੀ ਆ ਰਹੀ ਹੈ। ਉਹਨਾਂ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਹਾਈਕੋਰਟ ਪੰਜਾਬ ਅਤੇ ਹਰਿਆਣਾ ਦੇ ਹੁਕਮ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਛੇਵਾਂ ਪੇ ਸਕੇਲ ਲਾਗੂ ਕਰਨ ਤੋਂ ਟਾਲ ਮਟੋਲ ਕਰ ਰਹੀ ਹੈ ਅਤੇ ਵਿੱਤ ਵਿਭਾਗ ਵੱਲੋਂ ਸਹੀ ਅਤੇ ਸਪਸ਼ਟ ਆਰਡਰ ਜਾਰੀ ਨਹੀਂ ਕੀਤੇ ਜਾ ਰਹੇ।
ਪੰਜਾਬ ਦੇ ਸਮੂਹ ਮੁਲਾਜ਼ਮਾਂ ‘ਤੇ ਪੰਜਾਬ ਦਾ ਛੇਵਾਂ ਪੇ ਸਕੇਲ ਲਾਗੂ ਕਰਵਾਉਣ ਅਤੇ ਛੇਵੇਂ ਪੇ ਸਕੇਲ ਦੇ ਵਿੱਚ ਸਹੀ ਅਤੇ ਸਪਸ਼ਟ ਤਨਖਾਹ ਫਿਕਸੇਸ਼ਨਾ ਕਰਵਾਉਣ ਲਈ ਅੱਜ ਇਹਨਾਂ ਮੁਲਾਜ਼ਮਾਂ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਦੇ ਦਿੜ੍ਹਬਾ ਵਿਖੇ ਦਫਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਪੰਜਾਬ ਪੇ ਸਕੇਲ ਬਹਾਲੀ ਸਾਂਝਾ ਫਰੰਟ ਵਿੱਚ ਸੂਬਾ ਕਨਵੀਨਰ ਸ਼ਲਿੰਦਰ ਕੰਬੋਜ਼, ਯੁੱਧਜੀਤ ਸਿੰਘ, ਸੰਦੀਪ ਸਿੰਘ, ਅੰਕਿਤ ਵਰਮਾ, ਤਰਸੇਮ ਸਿੰਘ, ਸਸਪਾਲ ਸਿੰਘ, ਦੀਪਕ ਧਾਲੀਵਾਲ ਆਦਿ ਮੌਜੂਦ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ, ਭਰਾਤਰੀ ਜਥੇਬੰਦੀਆਂ DTF ਪੰਜਾਬ ਸੂਬਾ ਆਗੂ ਵਿਕਰਮ ਦੇਵ ਸਿੰਘ, DTF ਦਿੱਗਵਿਜੇ ਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਅਤੇ ਹੋਰ ਵੱਖ ਵੱਖ ਭਰਾਤਰੀ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।