ਮੋਹਾਲੀ, 29 ਸਤੰਬਰ, ਦੇਸ਼ ਕਲਿਕ ਬਿਊਰੋ :
ਮੋਹਾਲੀ ਜ਼ਿਲ੍ਹੇ ਵਿੱਚ ਬੀਤੀ ਰਾਤ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਲੋਕਾਂ ਵੱਲੋਂ ਗੋਲੀਬਾਰੀ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਵਾਰਦਾਤ ਵਿੱਚ ਚਾਰ ਤੋਂ ਪੰਜ ਲੋਕ ਜ਼ਖ਼ਮੀ ਹੋਏ ਹਨ। ਗੋਲੀਬਾਰੀ ਦੀ ਇਹ ਘਟਨਾ ਜ਼ੀਰਕਪੁਰ ਵਿੱਚ ਵਾਪਰੀ।ਜ਼ਖ਼ਮੀਆਂ ਵਿਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਤੁਰੰਤ ਚੰਡੀਗੜ੍ਹ ਦੇ ਜੀਐਮਸੀਐਚ-32 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅਜੇ ਤੱਕ ਗੋਲੀਬਾਰੀ ਦੇ ਕਾਰਣਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਸ ਘਟਨਾ ਤੋਂ ਬਾਅਦ ਸਥਾਨਕ ਵਸਨੀਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕਾਂ ਨੇ ਇਲਾਕੇ ਵਿੱਚ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।
