ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਬੋਲਦੇ ਹੋਏ ਕਿਹਾ ਕਿ ਹੜ੍ਹ ਪੀੜਤ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਮੁੜ ਲੀਹ ‘ਤੇ ਛੇਤੀ ਲਿਆਉਣ ਲਈ ਸੂਬਾ ਸਰਕਾਰ ਜਿੱਥੇ ਫ਼ਸਲਾਂ ਅਤੇ ਮਕਾਨਾਂ ਦੇ ਨੁਕਸਾਨ ਦੇ ਵੱਧ ਮੁਆਵਜ਼ੇ ਦੇਣ ਜਾ ਰਹੀ ਹੈ, ਉੱਥੇ ਹੀ ਸਰਕਾਰ ਨੇ ਇਹਨਾਂ ਮੁਆਵਜ਼ਿਆਂ ਦੀ ਵੰਡ ਜਲਦ ਸ਼ੁਰੂ ਕਰਨ ਦੇ ਮੰਤਵ ਨਾਲ਼ ਮੁਲਾਂਕਣ ਲਈ ਇੱਕ ਨਿਯਤ ਸਮਾਂ ਵੀ ਨਿਸ਼ਚਿਤ ਕੀਤਾ ਹੈ। ਤਕਰੀਬਨ 15 ਅਕਤੂਬਰ ਤੋਂ ਮੁਆਵਜ਼ੇ ਦੇ ਚੈੱਕਾਂ ਦੀ ਵੰਡ ਸ਼ੁਰੂ ਹੋਣ ਦੀ ਉਮੀਦ ਹੈ ਅਤੇ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਦੀਵਾਲੀ ਤੋਂ ਪਹਿਲਾਂ ਲੋਕਾਂ ਦੇ ਘਰਾਂ ‘ਚ ਖ਼ੁਸ਼ੀਆਂ ਦਾ ਚਾਨਣ ਫ਼ੈਲਣਾ ਸ਼ੁਰੂ ਹੋ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਫਸਲਾਂ ਦੇ ਹੋਏ ਨੁਕਸਾਨ ਲਈ ਜੋ ਪਹਿਲਾਂ ਮੁਆਵਜ਼ਾ ਦਿੱਤਾ ਜਾਂਦਾ ਸੀ, ਉਸਨੂੰ ਪੰਜਾਬ ਸਰਕਾਰ ਵਧਾ ਕੇ ਦੇਵੇਗੀ।