- ਬਰਾਮਦ ਹਥਿਆਰ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ: ਡੀਜੀਪੀ ਗੌਰਵ ਯਾਦਵ
- ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ
ਚੰਡੀਗੜ੍ਹ/ਅੰਮ੍ਰਿਤਸਰ, 11 ਅਕਤੂਬਰ: ਦੇਸ਼ ਕਲਿੱਕ ਬਿਊਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹੇਸ਼ ਉਰਫ਼ ਆਸ਼ੂ ਮਸੀਹ ਅਤੇ ਅੰਗਰੇਜ ਸਿੰਘ ਦੋਵੇਂ ਵਾਸੀ ਪਿੰਡ ਮਾੜੀ ਮੇਘਾ, ਤਰਨ ਤਾਰਨ ਅਤੇ ਅਰਸ਼ਦੀਪ ਸਿੰਘ ਵਾਸੀ ਭਿਖੀਵਿੰਡ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਮੈਗਜ਼ੀਨਾਂ ਸਮੇਤ ਤਿੰਨ 9 ਐਮਐਮ ਪਿਸਤੌਲ ਅਤੇ ਪੰਜ .30 ਬੋਰ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦੇ ਸਨ।
ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਕਿਸੇ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਖੇਪ ਪ੍ਰਾਪਤ ਕੀਤੇ ਜਾਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ, ਜੋ ਸਰਹੱਦ ਪਾਰੋਂ ਡਰੋਨ ਦੀ ਮਦਦ ਨਾਲ ਪਿੰਡ ਮਾੜੀ ਕੰਬੋਕੇ, ਪੁਲਿਸ ਥਾਣਾ ਖਾਲੜਾ, ਜ਼ਿਲ੍ਹਾ ਤਰਨਤਾਰਨ ਦੇ ਖੇਤਰ ਵਿੱਚ ਸੁੱਟੀ ਗਈ ਸੀ। ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਭੂਸੇ ਨੇੜੇ ਤਿੰਨੋਂ ਮੁਲਜ਼ਮਾਂ ਨੂੰ ਘੇਰ ਕੇ ਉਨ੍ਹਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕਰ ਲਿਆ, ਜਿਸਨੂੰ ਉਹ ਅੰਮ੍ਰਿਤਸਰ ਦੇ ਘਰਿੰਡਾ ਨੇੜਲੇ ਖੇਤਰ ਵਿੱਚ ਅੱਗੇ ਕਿਸੇ ਵਿਅਕਤੀ ਨੂੰ ਪਹੁੰਚਾਉਣ ਜਾ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ – ਮਹੇਸ਼ ਉਰਫ਼ ਆਸ਼ੂ ਮਸੀਹ ਅਤੇ ਅੰਗਰੇਜ ਸਿੰਘ – ਪੁਲਿਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਤਹਿਤ ਦਰਜ ਪਿਛਲੇ ਕਈ ਮਾਮਲਿਆਂ ਵਿੱਚ ਵੀ ਲੋੜੀਂਦੇ ਸਨ, ਜਿਸ ਵਿੱਚ ਉਨ੍ਹਾਂ ਤੋਂ 5 ਪਿਸਤੌਲ ਬਰਾਮਦ ਕੀਤੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(1)(ਏ) ਅਤੇ 25(1)(ਬੀ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 59 ਮਿਤੀ 11-10-2025 ਦਰਜ ਕੀਤੀ ਗਈ ਹੈ।