ਪੰਜਾਬ ਨੇ ਰਾਜ ਭਰ ਵਿੱਚ 17 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ – ਮੰਤਰੀ ਨੇ ਪ੍ਰਤੀਕੂਲ ਮੌਸਮ ਦੇ ਬਾਵਜੂਦ ਕੇਂਦਰੀ ਪੂਲ ਲਈ 172 ਲੱਖ ਮੀਟਰਕ ਟਨ ਟੀਚੇ ਨੂੰ ਪੂਰਾ ਕਰਨ ਦੀ ਉਮੀਦ ਪ੍ਰਗਟਾਈ
ਚੰਡੀਗੜ੍ਹ/ਖਰੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਿਹਾ ਕਿ ਕੇਂਦਰੀ ਟੀਮਾਂ ਜਲਦੀ ਹੀ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਕੇ ਹਾਲ ਹੀ ਵਿੱਚ ਹੋਈਆਂ ਬਾਰਸ਼ਾਂ ਦੇ ਝੋਨੇ ਦੇ ਅਨਾਜ ‘ਤੇ ਪ੍ਰਭਾਵ ਦਾ ਮੁਲਾਂਕਣ ਕਰਨਗੀਆਂ।
ਸੋਮਵਾਰ ਨੂੰ ਖਰੜ ਅਨਾਜ ਮੰਡੀ ਦੇ ਆਪਣੇ ਦੌਰੇ ਦੌਰਾਨ, ਖੁਰਾਕ ਤੇ ਸਪਲਾਈ ਮੰਤਰੀ ਨੇ ਚੱਲ ਰਹੇ ਖਰੀਦ ਕਾਰਜਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਚੁਣੌਤੀਪੂਰਨ ਮੌਸਮ ਦੇ ਬਾਵਜੂਦ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਵਾਲੇ ਕਿਸਾਨਾਂ, ਏਜੰਸੀਆਂ ਅਤੇ ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 18 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 17 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਖਰੀਦੇ ਗਏ ਝੋਨੇ ਦੇ ਬਦਲੇ ਕਿਸਾਨਾਂ ਨੂੰ 3,215 ਕਰੋੜ ਰੁਪਏ ਦੀ ਅਦਾਇਗੀ ਜਾਰੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਕੋਲ ਪਹਿਲਾਂ ਹੀ ਚੱਲ ਰਹੇ ਸਾਉਣੀ ਮਾਰਕੀਟਿੰਗ ਸੀਜ਼ਨ ਲਈ 27,000 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (ਸੀ ਸੀ ਐਲ) ਹੈ।
ਉਨ੍ਹਾਂ ਕਿਹਾ, “ਕੁਝ ਖੇਤਰਾਂ ਵਿੱਚ ਖਰਾਬ ਮੌਸਮ ਕਾਰਨ ਫਸਲਾਂ ਨੂੰ ਨੁਕਸਾਨ ਹੋਣ ਦੇ ਬਾਵਜੂਦ, ਪੰਜਾਬ ਕੇਂਦਰੀ ਪੂਲ ਵਿੱਚ 172 ਲੱਖ ਮੀਟਰਕ ਟਨ ਝੋਨਾ ਪਾਉਣ ਦੇ ਆਪਣੇ ਟੀਚੇ ਨੂੰ ਪੂਰਾ ਕਰੇਗਾ। ਮੰਤਰੀ ਨੇ ਕਿਹਾ, “ਪੰਜਾਬ ਦੇ ਕਿਸਾਨ ਬਹੁਤ ਹਿੰਮਤ ਨਾਲ ਮੌਸਮ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ।”
ਜ਼ਿਲ੍ਹੇ ਵਿੱਚ ਖਰੀਦ ਪ੍ਰਬੰਧਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਉਂਦਿਆਂ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਮੰਤਰੀ ਨੂੰ ਦੱਸਿਆ ਕਿ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ 2,01,199 ਮੀਟਰਕ ਟਨ ਦੀ ਸੰਭਾਵੀ ਆਮਦ ਦੇ ਮੁਕਾਬਲੇ 75,996 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ 172.72 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਚੁੱਕੀ ਹੈ, ਜੋ ਕਿ ਨਿਯਮਾਂ ਅਨੁਸਾਰ 48 ਘੰਟਿਆਂ ਦੇ ਅੰਦਰ ਭੁਗਤਾਨ ਯੋਗ ਬਕਾਏ ਦਾ 109% ਬਣਦਾ ਹੈ।
ਮੰਤਰੀ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਕਿਸਾਨਾਂ ਨੇ ਸਮੇਂ ਸਿਰ ਅਤੇ ਪਾਰਦਰਸ਼ੀ ਖਰੀਦ ਪ੍ਰਣਾਲੀ ਲਈ ਧੰਨਵਾਦ ਪ੍ਰਗਟ ਕੀਤਾ। ਮੰਤਰੀ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਚਿੰਤਾਵਾਂ ‘ਤੇ ਵਿਚਾਰ ਕੀਤਾ ਜਾਵੇਗਾ।
ਖੁਰਾਕ ਤੇ ਸਪਲਾਈ ਮੰਤਰੀ ਦੇ ਨਾਲ ਡਿਪਟੀ ਡਾਇਰੈਕਟਰ (ਰੋਪੜ) ਰਜਨੀਸ਼ ਕੌਰ, ਡੀ ਐਫ ਐਸ ਸੀ ਐਸ ਏ ਐਸ ਨਗਰ ਡਾ. ਨਵਰੀਤ, ਚੇਅਰਮੈਨ ਮਾਰਕੀਟ ਕਮੇਟੀ ਖਰੜ ਹਾਕਮ ਸਿੰਘ, ਸਕੱਤਰ ਗੁਰਨਾਮ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਸ਼੍ਰੀ ਕਟਾਰੂਚੱਕ ਨੇ ਦੁਹਰਾਇਆ ਕਿ ਸਾਉਣੀ ਮਾਰਕੀਟਿੰਗ ਸੀਜ਼ਨ ਪੂਰੇ ਪੰਜਾਬ ਵਿੱਚ ਸੁਚਾਰੂ ਢੰਗ ਨਾਲ ਅੱਗੇ ਵਧ ਰਿਹਾ ਹੈ, ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਨੂੰ ਮੁਸ਼ਕਲ ਰਹਿਤ ਖਰੀਦ ਅਤੇ ਤੁਰੰਤ ਭੁਗਤਾਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।