ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, ਅਫੀਮ ਸਮੇਤ ਤਿੰਨ ਕਾਬੂ

ਪੰਜਾਬ

— ਗ੍ਰਿਫ਼ਤਾਰ ਮੁਲਜ਼ਮ ਅੰਤਰ-ਜ਼ਿਲ੍ਹਾ ਤਸਕਰੀ ਗਿਰੋਹ ਚਲਾ ਰਹੇ ਸਨ: ਡੀਜੀਪੀ ਗੌਰਵ ਯਾਦਵ
— ਇਹ ਮੁਲਜ਼ਮ ਅੰਮ੍ਰਿਤਸਰ ਤੋਂ ਫਾਜ਼ਿਲਕਾ ਅਤੇ ਤਰਨ ਤਾਰਨ ਸੈਕਟਰਾਂ ਵਿੱਚ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 15 ਅਕਤੂਬਰ:: ਦੇਸ਼ ਕਲਿਕ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਸੰਗਠਿਤ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 10 ਆਧੁਨਿਕ ਪਿਸਤੌਲਾਂ ਅਤੇ 500 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਸਾਗਰ (28) ਵਾਸੀ ਫੈਜ਼ਪੁਰਾ, ਅੰਮ੍ਰਿਤਸਰ, ਸੁਰਿੰਦਰ ਸਿੰਘ ਉਰਫ਼ ਪਾਲੀ (24) ਵਾਸੀ ਪਿੰਡ ਟਾਲੀ ਵਾਲਾ, ਫਾਜ਼ਿਲਕਾ ਅਤੇ ਜਗਜੀਤ ਸਿੰਘ (25) ਵਾਸੀ ਚੀਮਾ ਕਲਾਂ, ਤਰਨਤਾਰਨ ਵਜੋਂ ਹੋਈ ਹੈ। ਇਹਨਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਛੇ .30 ਬੋਰ ਦੇ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤਸਕਰੀ ਦਾ ਅੰਤਰ-ਜ਼ਿਲ੍ਹਾ ਗਿਰੋਹ ਚਲਾ ਰਹੇ ਸਨ ਅਤੇ ਪਾਕਿਸਤਾਨ ਅਧਾਰਿਤ ਇੱਕ ਹੈਂਡਲਰ ਨਾਲ ਜੁੜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂ ਵਿੱਚ ਦੋਸ਼ੀ ਰਾਜਨ ਨੂੰ ਇੱਕ .30 ਬੋਰ ਪਿਸਤੌਲ ਅਤੇ ਕਾਫੀ ਮਾਤਰਾ ਵਿੱਚ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸਦੀ ਪੁੱਛਗਿੱਛ ਨਾਲ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਹੋਇਆ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ, ਬਾਅਦ ਵਿੱਚ ਸੁਰਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸਦੇ ਕਬਜ਼ੇ ਵਿੱਚੋਂ ਤਿੰਨ .30 ਬੋਰ ਦੇ ਪਿਸਤੌਲ ਅਤੇ ਇੱਕ 9 ਐਮਐਮ ਪਿਸਤੌਲ ਬਰਾਮਦ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਸਦਕਾ ਤੀਜੇ ਦੋਸ਼ੀ ਜਗਜੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਤਿੰਨ 9 ਐਮਐਮ ਗਲੌਕ ਪਿਸਤੌਲ ਅਤੇ ਦੋ .30 ਬੋਰ ਦੇ ਪਿਸਤੌਲ ਬਰਾਮਦ ਕੀਤੇ ਗਏ।

ਸੀਪੀ ਨੇ ਦੱਸਿਆ ਕਿ ਦੋਸ਼ੀ ਜਗਜੀਤ ਸਿੰਘ ਚਾਰ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਇਆ ਸੀ। ਸੁਰਿੰਦਰ ਦਾ ਪਿੰਡ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਹੈ, ਜਦੋਂਕਿ ਜਗਜੀਤ ਦਾ ਜੱਦੀ ਪਿੰਡ ਜ਼ਿਲ੍ਹਾ ਤਰਨਤਾਰਨ ਵਿਖੇ ਸਰਹੱਦ ਦੇ ਨੇੜੇ ਸਥਿਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਸ਼ੀ ਅੰਮ੍ਰਿਤਸਰ ਤੋਂ ਫਾਜ਼ਿਲਕਾ ਅਤੇ ਤਰਨਤਾਰਨ ਸੈਕਟਰਾਂ ਵਿੱਚ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਇਨ੍ਹਾਂ ਖੇਪਾਂ ਨੂੰ ਸਿੱਧੇ ਤੌਰ ‘ਤੇ ਅਤੇ ਸਥਾਨ-ਅਧਾਰਤ ਡਿਲੀਵਰੀ ਪ੍ਰਣਾਲੀਆਂ ਰਾਹੀਂ ਅੱਗੇ ਸਪਲਾਈ ਕਰ ਰਹੇ ਸਨ।

ਇਸ ਸਬੰਧੀ, ਐਫਆਈਆਰ ਨੰਬਰ 196 ਮਿਤੀ 08-10-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 18-ਬੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਦਰ ਅੰਮ੍ਰਿਤਸਰ ਕਮਿਸ਼ਨਰੇਟ ਵਿਖੇ ਦਰਜ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।