18 ਨਵੰਬਰ 2022 ਦੇ ਆਪਣੇ ਹੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਵਿੱਚ ਪੂਰੀ ਤਰ੍ਹਾਂ ਨਕਾਮ ਰਹੀ ਹੈ ‘ਆਪ ਸਰਕਾਰ’- ਅਤਿੰਦਰ ਪਾਲ ਸਿੰਘ
ਪਟਿਆਲਾ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੂਬਾਈ ਸੱਦੇ ਤਹਿਤ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਥਾਨਕ ਡਿਪਟੀ ਕਮਿਸ਼ਨਰ ਪਟਿਆਲਾ ਦਫਤਰ ਵਿਖੇ ਕੀਤੀ ਗਈ। ਜਿਸ ਵਿੱਚ ਫਰੰਟ ਵੱਲੋਂ 26 ਅਕਤੂਬਰ ਨੂੰ ਜ਼ਿਲ੍ਹਾ ਪਟਿਆਲਾ ਦੀ ਕਨਵੈਨਸ਼ਨ ਕਰਕੇ ਪੰਜਾਬ ਸਰਕਾਰ ਖਿਲਾਫ ਸ਼ਹਿਰ ਵਿੱਚ ਰੋਸ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਆਗੂ ਅਤਿੰਦਰ ਪਾਲ ਸਿੰਘ ਅਤੇ ਸਤਪਾਲ ਸਮਾਣਵੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣੀਆਂ ਵਾਜਬ ਮੰਗਾਂ ਦੇ ਹੱਲ ਲਈ ਵੱਡੀਆਂ ਉਮੀਦਾਂ ਨਾਲ਼ ਆਪ ਸਰਕਾਰ ਨੂੰ ਸੂਬੇ ਦੀ ਵਾਗਡੋਰ ਸੌਂਪੀ ਸੀ। ਸੂਬੇ ਦੇ ਹੱਕਾਂ ਦੀ ਰਾਖੀ ਕਰਨ ਵਿੱਚ ਨਕਾਮ ਰਹੀ ਭਗਵੰਤ ਸਰਕਾਰ ਖਿਲਾਫ ਪੁਰਾਣੀ ਪੈਨਸ਼ਨ ਦੇ ਮਾਮਲੇ ਨੂੰ ਲੈ ਕੇ ਸੂਬੇ ਦੇ ਮੁਲਾਜ਼ਮਾਂ ਵਿੱਚ ਤਿੱਖੀ ਨਰਾਜ਼ਗੀ ਹੈ। ਜ਼ਿਕਰਯੋਗ ਹੈ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਕੀਤੇ ਜਾਣ ਦੇ ਬਾਵਜੂਦ ਤਿੰਨ ਸਾਲ ਬੀਤਣ ਮਗਰੋਂ ਵੀ ਇੱਕ ਵੀ ਐੱਨ.ਪੀ.ਐੱਸ ਮੁਲਾਜ਼ਮ ਨੂੰ ਪੁਰਾਣੀ ਪੈਨਸ਼ਨ ਦਾ ਲਾਭ ਨਹੀਂ ਮਿਲਿਆ ਹੈ। ਇਸ ਤੋਂ ਵੀ ਅੱਗੇ ਵੱਧਦਿਆਂ ਹੁਣ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਮੁਲਾਜ਼ਮ ਮਾਮਲਿਆਂ ਨੂੰ ਲੈ ਕੇ ਗਠਿਤ ਕੈਬਨਿਟ ਸਬ ਕਮੇਟੀ ਸੂਬੇ ਦੀ ਮਾੜੀ ਵਿੱਤੀ ਹਾਲਤ ਨੂੰ ਬਹਾਨਾ ਬਣਾ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਬਜਾਏ ਕੇਂਦਰੀ ਯੂਪੀਐੱਸ ਸਕੀਮ ਨੂੰ ਥੋਪਣ ਦੀ ਤਿਆਰੀ ਵਿੱਚ ਹਨ। ਜਿਸਨੂੰ ਐੱਨਪੀਐੱਸ ਮੁਲਾਜ਼ਮਾਂ ਨੇ ਧੁਰੋਂ ਨਕਾਰ ਦਿੱਤਾ ਹੈ। ਉਹਨਾਂ ਕੇਂਦਰੀ ਮੋਦੀ ਹਕੂਮਤ ਦੀ ਪੁਰਾਣੀ ਪੈਨਸ਼ਨ ਵੱਲ ਵੱਧਣ ਵਾਲੇ ਸੂਬਿਆਂ ਦੀ ਆਰਥਿਕ ਘੇਰਾਬੰਦੀ ਕਰਕੇ ਸੂਬਾ ਸਰਕਾਰਾਂ ਨੂੰ ਪੁਰਾਣੀ ਪੈਨਸ਼ਨ ਤੋਂ ਪਿੱਛੇ ਹੱਟਣ ਲਈ ਮਜਬੂਰ ਕਰਨ ਦੀ ਬਾਂਹਮਰੋੜਨ ਵਾਲੀ ਨੀਤੀ ਦੀ ਵੀ ਸਖਤ ਨਿਖੇਧੀ ਕੀਤੀ ਹੈ।
ਇਸ ਮੌਕੇ ਆਗੂਆਂ ਭਰਤ ਕੁਮਾਰ, ਜੀਨੀਅਸ ਅਤੇ ਜਗਤਾਰ ਰਾਮ ਨੇ ਕਿਹਾ ਕਿ ਆਪ ਸਰਕਾਰ ਦੀ ਪੈਨਸ਼ਨ ਲਾਗੂ ਕਰਨ ਦੀ ਨਕਾਮੀ ਖ਼ਿਲਾਫ਼ ਫਰੰਟ ਵੱਲੋਂ 26 ਅਕਤੂਬਰ 2025 ਨੂੰ ਜਿਲਾ ਪੱਧਰੀ ਕਨਵੈਨਸ਼ਨ ਕਰਕੇ ਐੱਨ.ਪੀ.ਐੱਸ ਮੁਲਾਜਮਾਂ ਨੂੰ ਤਿੱਖੇ ਸੰਘਰਸ਼ ਲਈ ਲਾਮਬੰਦ ਕੀਤਾ ਜਾਵੇਗਾ ਅਤੇ ਇਸ ਉਪਰੰਤ ਆਪ ਸਰਕਾਰ ਦੇ ਪਟਿਆਲਾ ਤੋਂ ਵਿਧਾਇਕ ਡਾਕਟਰ ਬਲਬੀਰ ਸਿੰਘ ਦੇ ਘਰ ਵੱਲ ਰੋਸ ਮਾਰਚ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੀ ਸਫਲਤਾ ਅਤੇ ਪੈਨਸ਼ਨ ਫਰੰਟ ਦੇ ਆਉਣ ਵਾਲੇ ਪ੍ਰੋਗਰਾਮਾਂ ਵਿੱਚ ਐੱਨਪੀਐੱਸ ਮੁਲਾਜ਼ਮਾਂ ਦੀ ਭਰਵੀਂ ਸ਼ਮੂਲੀਅਤ ਲਈ ਬਲਾਕਾਂ ਅਨੁਸਾਰ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਇਸ ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ
ਡੀਟੀਐੱਫ਼ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਡੀਐੱਮਐੱਫ਼ ਆਗੂ ਹਰਦੀਪ ਟੋਡਰਪੁਰ, ਗੁਰਜੀਤ ਸਿੰਘ, ਹਰਵਿੰਦਰ ਰੱਖੜਾ, ਰਾਜਿੰਦਰ ਸਮਾਣਾ, ਰਾਮਸ਼ਰਨ ਅਲੋਹਰਾਂ, ਹਰਵਿੰਦਰ ਬੇਲੂਮਾਜਰਾ, ਮੈਡਮ ਮਨਦੀਪ ਕੌਰ ਟੋਡਰਪੁਰ, ਭੁਪਿੰਦਰ ਸਿੰਘ ਮਰਦਾਂਹੇੜੀ, ਜਗਜੀਤ ਸਿੰਘ ਜਟਾਣਾ, ਡਾ. ਰਵਿੰਦਰ ਕੰਬੋਜ, ਗੁਰਜੀਤ ਘੱਗਾ, ਹਰਿੰਦਰ ਸਿੰਘ, ਸੁਖਦੇਵ ਸਿੰਘ ਰਾਜਪੁਰਾ, ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਦਵਿੰਦਰ ਸਿੰਘ, ਬਲਜੀਤ ਖੁਰਮੀ ਆਦਿ ਮੌਜੂਦ ਸਨ।