- ਕਿਸਾਨਾਂ ਨੂੰ ਮੰਡੀਆਂ ਵਿੱਚ ਆਉਂਦੀਆਂ ਸਮੱਸਿਆਵਾਂ ਦੇ ਹੱਲ ਲਈ ਜਾਰੀ ਕੀਤੇ ਨਿਰਦੇਸ਼
- ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵੀ ਕੀਤੀ ਅਪੀਲ
ਫ਼ਰੀਦਕੋਟ, 16 ਅਕਤੂਬਰ: ਦੇਸ਼ ਕਲਿਕ ਬਿਊਰੋ :
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਸੰਯੁਕਤ ਕਿਸਾਨ ਯੂਨੀਅਨ ਜਿਲ੍ਹਾ ਫਰੀਦਕੋਟ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਉਂਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਮੀਟਿੰਗ ਦੌਰਾਨ ਸੰਯੁਕਤ ਕਿਸਾਨ ਯੂਨੀਅਨ ਜਿਲ੍ਹਾ ਫਰੀਦਕੋਟ ਦੇ ਨੁੰਮਾਇੰਦਿਆਂ ਵੱਲੋਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੂੰ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਸਬੰਧੀ ਆਉਂਦੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਨਮੀ, ਦੋਹਰਾ ਪੱਖਾਂ ਲਗਾਉਣ ਆਦਿ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਡੀ.ਏ.ਵੀ.ਪੀ. ਖਾਦ ਦੀ ਕਮੀ ਸਬੰਧੀ ਵੀ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰਨ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਮੰਡੀਆਂ ਦੀ ਚੈਕਿੰਗ ਸਬੰਧੀ ਟੀਮਾਂ ਬਣਾਈਆਂ ਗਈਆਂ ਹਨ, ਜੋ ਮੰਡੀਆਂ ਦੀ ਚੈਕਿੰਗ ਕਰਨਗੀਆਂ। ਉਨ੍ਹਾਂ ਕਿਹਾ ਕਿ ਸੁਸਾਇਟੀਆਂ ਵਿੱਚ ਡੀ.ਏ.ਵੀ.ਪੀ. ਖਾਦ ਲੋੜੀਂਦੀ ਮਾਤਰਾ ਵਿੱਚ ਮੁਹੱਈਆ ਕਰਵਾਈ ਜਾਵੇਗੀ ਤੇ ਇਸ ਤੋਂ ਇਲਾਵਾ ਖਾਦ ਦੀ ਕਾਲਾ ਬਾਜ਼ਾਰੀ ਰੋਕਣ ਲਈ ਵੀ ਲਗਾਤਾਰ ਛਾਪੇਮਾਰੀ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਸਾਨਾਂ ਨੂੰ ਦੱਸਿਆ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਕਈ ਸੁਵਿਧਾਵਾਂ ਦਿੱਤੀਆਂ ਗਈਆਂ ਹਨ, ਜਿਵੇਂ ਕਿ ਹੈਪੀ ਸੀਡਰ, ਸੁਪਰ ਐਸ.ਐਮ.ਐਸ., ਮਲਚਰ, ਰੀਵਰਸ ਪਲਾਓ ਅਤੇ ਰੋਟਾਵੇਟਰ ਆਦਿ ਯੰਤਰਾਂ ਉੱਤੇ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਪਾਬੰਦੀ ਲਗਾਉਣ ਲਈ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ, ਜਿੱਥੇ ਕਿਸਾਨ ਸਹਾਇਤਾ ਲਈ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਜਿਹੜੇ ਕਿਸਾਨ ਪਰਾਲੀ ਸਾੜਣ ਦੀ ਬਜਾਏ ਪ੍ਰਬੰਧਨ ਯੰਤਰਾਂ ਦੀ ਵਰਤੋਂ ਕਰਨਗੇ, ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਅਤੇ ਪ੍ਰੋਤਸਾਹਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਫ਼ ਹਵਾ ਤੇ ਸਿਹਤਮੰਦ ਵਾਤਾਵਰਣ ਸਾਡੇ ਸਭ ਦਾ ਸਾਂਝਾ ਉਦੇਸ਼ ਹੈ ਇਸ ਲਈ ਸਾਨੂੰ ਮਿਲਜੁਲ ਕੇ ਇਸ ਜ਼ਿੰਮੇਵਾਰੀ ਨੂੰ ਨਿਭਾਉਣਾ ਹੈ।
ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ, ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਤੇ ਵੱਡੀ ਗਿਣਤੀ ਵਿੱਚ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।