ਐਲਾਨੇ ਸਮੇਂ ਵਿੱਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇ ਕੇ ਪੰਜਾਬ ਸਰਕਾਰ ਨੇ ਕਾਇਮ ਕੀਤੀ ਮਿਸਾਲ: ਅਮਨ ਅਰੋੜਾ

ਪੰਜਾਬ
  • ਕੈਬਨਿਟ ਮੰਤਰੀ ਨੇ ਹਲਕਾ ਸੁਨਾਮ ਦੇ 09 ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

ਸੁਨਾਮ, 16 ਅਕਤੂਬਰ : ਦੇਸ਼ ਕਲਿਕ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੀਤੇ ਐਲਾਨ ਮੁਤਾਬਕ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰ ਕੇ ਮਿਸਾਲ ਕਾਇਮ ਕੀਤੀ ਹੈ। ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਕਿਸੇ ਕੁਦਰਤੀ ਕਰੋਪੀ ਦਾ ਮੁਆਵਜ਼ਾ ਐਨੇ ਘੱਟ ਸਮੇਂ ਵਿੱਚ ਦਿੱਤਾ ਹੋਵੇ।

ਇਹ ਗੱਲ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਅਮਨ ਅਰੋੜਾ ਨੇ ਅੱਜ ਇਥੇ ਆਪਣੇ ਰਿਹਾਇਸ਼ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਦੇ ਭਾਰੀ ਬਰਸਾਤ/ ਹੜ੍ਹਾਂ ਨਾਲ ਪ੍ਰਭਾਵਿਤ ਹੋਏ 09 ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪਣ ਮੌਕੇ ਕੀਤਾ। ਇਹਨਾਂ ਪੀੜਤਾਂ ਵਿੱਚ ਅਨੋਖ ਸਿੰਘ ਸੁਨਾਮ ਏ, ਅਕਾਲਗੜ੍ਹ ਤੋਂ ਸੁਖਵਿੰਦਰ ਸਿੰਘ ਤੇ ਪਰਮਜੀਤ ਸਿੰਘ, ਝਾੜੋਂ ਤੋਂ ਸਤਗੁਰ ਸਿੰਘ, ਚਮਕੌਰ ਸਿੰਘ, ਲਾਭ ਸਿੰਘ, ਸਰਬਜੀਤ ਸਿੰਘ, ਕੋਟੜਾ ਅਮਰੂ ਤੋਂ ਗੁਰਮੇਲ ਸਿੰਘ ਅਤੇ ਮਹਿੰਦਰ ਸਿੰਘ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ, ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਨੂੰ 03.50 ਕਰੋੜ ਰੁਪਏ ਵੰਡੇ ਜਾਣਗੇ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਅਜਨਾਲਾ ਵਿੱਚ 631 ਕਿਸਾਨਾਂ ਨੂੰ 05.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ।

ਭਾਰੀ ਮੀਂਹ ਅਤੇ ਹੜ੍ਹ ਕਾਰਨ ਸੂਬੇ ਭਰ ਵਿੱਚ ਵੱਡੀ ਪੱਧਰ ਉੱਤੇ ਫਸਲਾਂ ਖ਼ਰਾਬ ਹੋ ਗਈਆਂ ਸਨ। ਕਈ ਲੋਕਾਂ ਦੇ ਘਰ ਅਤੇ ਹੋਰ ਇਮਾਰਤਾਂ ਢਹਿ ਗਈਆਂ ਸਨ। ਹਰੇਕ ਪ੍ਰਭਾਵਿਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਪੜਤਾਲ ਉਪਰੰਤ ਰਾਹਤ ਰਾਸ਼ੀ ਦਿੱਤੀ ਜਾਵੇਗੀ। ਇਹ ਵੀ ਪਹਿਲੀ ਵਾਰ ਹੈ ਕਿ ਨੁਕਸਾਨੇ ਗਏ ਹਰੇਕ ਘਰ ਨੂੰ 40 ਹਜ਼ਾਰ ਰੁਪਏ ਅਤੇ ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮਿਲਣਗੇ।

ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਸਹਿਯੋਗ ਨਾਲ ਪੂਰੀ ਤਾਕਤ ਲਾ ਕੇ ਹੜ੍ਹਾਂ ਦਾ ਮੁਕਾਬਲਾ ਕੀਤਾ ਹੈ। ਜੇਕਰ ਸਮੇਂ ਸਿਰ ਬਚਾਅ ਅਤੇ ਰਾਹਤ ਕਾਰਜ ਨਾ ਸ਼ੁਰੂ ਕੀਤੇ ਜਾਂਦੇ ਤਾਂ ਨੁਕਸਾਨ ਬਹੁਤ ਜ਼ਿਆਦਾ ਹੋਣਾ ਸੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਹਾਲ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ।

ਕੈਬਨਟ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਵੀ ਹੜ੍ਹ ਪੀੜਤ ਨੂੰ ਮੁਆਵਜ਼ਾ ਰਾਸ਼ੀ ਲੈਣ ਸਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹ ਹਰ ਹਾਲ ਉਸ ਸਮੱਸਿਆ ਦਾ ਫੌਰੀ ਹੱਲ ਕਰਵਾਉਣਗੇ।

ਇਸ ਮੌਕੇ ਐਸ.ਡੀ.ਐਮ. ਪ੍ਰਮੋਦ ਸਿੰਗਲਾ, ਤਹਿਸੀਲਦਾਰ ਰਾਜਵਿੰਦਰ ਕੌਰ, ਪਟਵਾਰੀ ਪੱਲਵੀ, ਹਰਦੀਪ, ਗੁਰਜਿੰਦਰ, ਵਰਿੰਦਰ ਕਾਨੰਗੋ, ਜਗਸੀਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।