ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ:
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਜਗਸੀਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਤੋਂ ਪਹਿਲਾਂ ਉਹ ਆਪਣੀਆਂ ਸੇਵਾਵਾਂ ਜ਼ਿਲ੍ਹਾ ਬਠਿੰਡਾ ਵਿਖੇ ਜ਼ਿਲ੍ਹਾ ਸਿਖ਼ਲਾਈ ਅਫ਼ਸਰ ਵਜੋਂ ਨਿਭਾ ਰਹੇ ਸਨ।
ਇਸ ਮੌਕੇ ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਭਰੋਸਾ ਦਿਵਾਇਆ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਸਾਰੇ ਸਟਾਫ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀਆਂ ਸਕੀਮਾਂ ਅਤੇ ਕਿਸਾਨੀ ਹਿੱਤ ਦੀਆਂ ਸਹੂਲਤਾਂ ਪਿੰਡ ਪੱਧਰ ਤੇ ਕਿਸਾਨਾਂ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਕੀਤੀ ਜਾਵੇ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਸਬੰਧੀ ਸੰਪੂਰਨ ਜਾਣਕਾਰੀ ਪ੍ਰਪਾਤ ਕਰਨ ਲਈ ਬਲਾਕ ਦਫ਼ਤਰਾਂ ਨਾਲ ਤਾਲਮੇਲ ਕੀਤਾ ਜਾਵੇ ਅਤੇ ਪਿੰਡ ਪੱਧਰ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾਵੇ।