- 25 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ, ਸਾਰੇ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ: ਸੌਂਦ
- ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਲੜੀਵਾਰ ਸਮਾਗਮਾਂ ਦੀ ਹੋਵੇਗੀ ਸ਼ੁਰੂਆਤ
ਚੰਡੀਗੜ੍ਹ, 22 ਅਕਤੂਬਰ: ਦੇਸ਼ ਕਲਿੱਕ ਬਿਊਰੋ :
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ਉੱਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਨੌਵੇਂ ਪਾਤਸ਼ਾਹ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੌਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਦੇ ਸਾਰੇ ਮੰਤਰੀ ਅਤੇ ਹੋਰ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਦੌਰਾਨ ਮੁੱਖ ਮੰਤਰੀ ਭਗੰਵਤ ਸਿੰਘ ਮਾਨ ਵੱਲੋਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਅਸਥਾਨਾਂ ਉੱਤੇ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਸੌਂਦ ਨੇ ਅੱਗੇ ਦੱਸਿਆ ਕਿ 25 ਅਕਤੂਬਰ ਦੀ ਸ਼ਾਮ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ ਤੇ ਫਲਸਫੇ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੇ ਮਹੀਨੇ ਦੌਰਾਨ ਵੱਡੇ ਪੱਧਰ ਉੱਤੇ ਸਮਾਗਮ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਇਸ ਇਤਹਿਾਸਕ ਮੌਕੇ ਉੱਤੇ ਪੰਜਾਬ ਸਰਕਾਰ ਵੱਲੋਂ ਖਾਲਸੇ ਦੀ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵੱਡੇ ਕਾਰਜ ਆਰੰਭ ਦਿੱਤੇ ਗਏ ਹਨ ਅਤੇ ਬੀਤੇ ਦਿਨੀਂ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਇਤਿਹਾਸ ਨੂੰ ਰੂਪਮਾਨ ਕਰਦੀਆਂ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਇਸ ਯਾਦਗਾਰ ਦਾ ਕੁੱਲ ਖੇਤਰ 5 ਏਕੜ ਹੈ। ਇਸ ਵਿੱਚੋਂ ਕਵਰਡ ਖੇਤਰ ਤਕਰੀਬਨ 2 ਏਕੜ ਹੈ ਅਤੇ ਕੰਸਟ੍ਰਕਸ਼ਨ ਖੇਤਰ 3200 ਵਰਗ ਫੁੱਟ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦੀ ਸਮਾਗਮਾਂ ਦੇ ਹਿੱਸੇ ਵਜੋਂ 19 ਨਵੰਬਰ ਤੋਂ 22 ਨੰਬਰ ਤੱਕ 4 ਨਗਰ ਕੀਰਤਨ ਸਜਾਏ ਜਾਣਗੇ, ਜਿਸ ਦੀ ਸ਼ੁਰੂਆਤ ਸ੍ਰੀਨਗਰ ਤੋਂ ਹੋਵੇਗੀ।