ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਪੰਜਾਬ
  • 6 ਤੋਂ 22 ਅਕਤੂਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਨਿਭਾਈ ਕਥਾ ਵਿਚਾਰ ਦੀ ਸੇਵਾ

ਅੰਮ੍ਰਿਤਸਰ, 22 ਅਕਤੂਬਰ : ਦੇਸ਼ ਕਲਿੱਕ ਬਿਊਰੋ :

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਹ 6 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ, ਜਿਸ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੰਗਤਾਂ ਭਾਈ ਪਿੰਦਰਪਾਲ ਸਿੰਘ ਦੁਆਰਾ ਕੀਤੀ ਜਾਂਦੀ ਕਥਾ ਨੂੰ ਬੜੇ ਸਹਿਜ ਨਾਲ ਸੁਣਦੀਆਂ ਹਨ ਅਤੇ ਉਨ੍ਹਾਂ ਵੱਲੋਂ ਸਹਿਜ ਨਾਲ ਕੀਤੀ ਗੁਰਬਾਣੀ ਸ਼ਬਦ ਦੀ ਕਥਾ ਨੇ ਕਈਆਂ ਦੇ ਜੀਵਨ ਬਦਲੇ ਹਨ। ਉਨ੍ਹਾਂ ਭਾਈ ਪਿੰਦਰਪਾਲ ਸਿੰਘ ਵੱਲੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਇਸੇ ਤਰ੍ਹਾਂ ਨਿਰੰਤਰ ਕਾਰਜਸ਼ੀਲ ਰਹਿਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੇ ਪ੍ਰਬੁੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇਸ਼ ਵਿਦੇਸ਼ ਅੰਦਰ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਲੈ ਕੇ ਭਾਈ ਸਾਹਿਬ ਨੇ ਲਗਾਤਾਰ ਕਥਾ ਦੀ ਸੇਵਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੁਕਮਨਾਮੇ ਦੀ ਵਿਆਖਿਆ ਨਾਲ ਸੰਗਤ ਨੂੰ ਜੋੜਿਆ ਹੈ, ਜਿਸ ਦਾ ਸੰਗਤਾਂ ਨੇ ਲਾਹਾ ਲਿਆ।

ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਪੰਥਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਨਵੰਬਰ ਤੋਂ 29 ਨਵੰਬਰ ਤੱਕ ਮਨਾਈ ਜਾ ਰਹੀ ਹੈ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।