- ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਮੀ ਰਾਜਧਾਨੀ ਵਿੱਚ ਹੋਣ ਵਾਲੇ ਇਨ੍ਹਾਂ ਸਮਾਗਮਾਂ ਵਿੱਚ ਲੈਣਗੇ ਹਿੱਸਾ
ਨਵੀਂ ਦਿੱਲੀ/ਚੰਡੀਗੜ੍ਹ, 24 ਅਕਤੂਬਰ: ਦੇਸ਼ ਕਲਿੱਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਨਿੱਚਰਵਾਰ (25 ਅਕਤੂਬਰ) ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦੇ ਆਰੰਭ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਸਿੱਖਾਂ ਦੇ ਨੌਵੇਂ ਗੁਰੂ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਮੀਰ ਵਿਰਾਸਤ ਨੂੰ ਅੱਗੇ ਤੋਰਨ ਦੇ ਉਦੇਸ਼ ਨਾਲ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਲਈ 25 ਅਕਤੂਬਰ ਨੂੰ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰੇਗੀ। ਸ਼ਾਮ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨਤਮਸਤਕ ਹੋਣਗੇ। ਇਸ ਕੀਰਤਨ ਦਰਬਾਰ ਵਿੱਚ ਪ੍ਰਸਿੱਧ ਰਾਗੀ ਭਾਈ ਅਮਰਜੀਤ ਸਿੰਘ ਤਾਨ, ਭਾਈ ਅਨੰਤਬੀਰ ਸਿੰਘ, ਭਾਈ ਚਮਨਜੀਤ ਸਿੰਘ ਲਾਲ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਦਵਿੰਦਰ ਸਿੰਘ ਸੋਢੀ, ਭਾਈ ਜਸਕਰਨ ਸਿੰਘ ਅਤੇ ਹੋਰ ਪ੍ਰਮੁੱਖ ਰਾਗੀ ਕੀਰਤਨ ਕਰਨਗੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਇਸ ਇਤਿਹਾਸਕ ਅਤੇ ਅਹਿਮ ਮੌਕੇ ਨੂੰ ਰਾਜ ਭਰ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਉਣ ਲਈ ਕਈ ਸਮਾਗਮ ਉਲੀਕੇ ਗਏ ਹਨ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਅਹਿਮ ਅਤੇ ਇਤਿਹਾਸਕ ਸਮਾਗਮ ਕਰਵਾਏ ਜਾਣਗੇ। ਇਹ ਸਮਾਗਮਾਂ ਦੀ ਲੜੀ ਪੂਰੇ ਸੂਬੇ ਵਿੱਚ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਈ ਜਾਵੇਗੀ ਅਤੇ ਇਹ ਇਤਿਹਾਸਕ ਸਮਾਗਮ ਮੁੱਖ ਤੌਰ ‘ਤੇ ਸੂਬਾ ਸਰਕਾਰ ਦੀ ਦੇਖਰੇਖ ਹੇਠ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਹੋਣਗੇ।
ਇਨ੍ਹਾਂ ਸਮਾਗਮਾਂ ਦੀ ਲੜੀ ਦਾ ਮੁੱਖ ਸੰਦੇਸ਼ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਨਿਰਪੱਖਤਾ, ਮਨੁੱਖਤਾਵਾਦ ਅਤੇ ਕੁਰਬਾਨੀ ਦੀ ਭਾਵਨਾ ਦੇ ਉੱਚ ਆਦਰਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕਰਨਾ ਹੋਵੇਗਾ, ਜਿਨ੍ਹਾਂ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੇ ਨਾਲ-ਨਾਲ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕੀਤਾ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਇਹ ਸਰਵਉੱਚ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿੱਚ ਅਨੋਖੀ ਅਤੇ ਬੇਮਿਸਾਲ ਹੈ ਅਤੇ ਇਹ ਬੇਇਨਸਾਫ਼ੀ, ਜ਼ੁਲਮ ਅਤੇ ਅੱਤਿਆਚਾਰ ਵਿਰੁੱਧ ਧਰਮ ਯੁੱਧ ਦਾ ਪ੍ਰਤੀਕ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਮਨੁੱਖੀ ਏਕਤਾ, ਵਿਸ਼ਵਵਿਆਪੀ ਭਾਈਚਾਰਾ, ਬਹਾਦਰੀ, ਧਰਮ ਅਤੇ ਦਇਆ ਦਾ ਉਪਦੇਸ਼ ਦਿੰਦੀ ਹੈ।
ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਇਹ ਲੜੀ ਮਹਾਨ ਸਿੱਖ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਸੱਚੀ ਭਾਵਨਾ ਨਾਲ ਚੱਲਣ ਲਈ ਪ੍ਰੇਰਿਤ ਕਰੇਗੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਅਤੇ ਇਹ ਸਮਾਗਮ ਇੱਕ ਪਾਸੇ ਇਸ ਮਹਾਨ ਵਿਰਾਸਤ ਨੂੰ ਅੱਗੇ ਵਧਾਉਣ ਵਿੱਚ ਸਹਾਇਕ ਹੋਣਗੇ ਅਤੇ ਦੂਜੇ ਪਾਸੇ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹੋਰ ਮਜ਼ਬੂਤ ਕਰਨਗੇ। ਇਨ੍ਹਾਂ ਸਮਾਗਮਾਂ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਮਹਾਨ ਗੁਰੂ ਸਾਹਿਬ ਦੀ ਸ਼ਾਨਦਾਰ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾਵੇ।




