‘ਆਪ’ ਸਰਕਾਰ ਗੁਰੂ ਸਾਹਿਬਾਨ ਦੇ ਫਲਸਫੇ ਅਤੇ ਵਿਰਸੇ ਨੂੰ ਸਮਰਪਿਤ : ਹਰਮੀਤ ਸਿੰਘ ਸੰਧੂ

ਪੰਜਾਬ

ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮਾਂ ਦੀ ਸ਼ੁਰੂਆਤ ਸ਼ਲਾਘਾਯੋਗ: ਹਰਮੀਤ ਸੰਧੂ

ਤਰਨਤਾਰਨ ਦੇ ਲੋਕ ਭਗਵੰਤ ਮਾਨ ਸਰਕਾਰ ਦੇ ਪੰਥਕ ਕਾਰਜਾਂ ‘ਤੇ ਲਾਉਣਗੇ ਮੋਹਰ: ‘ਆਪ’ ਉਮੀਦਵਾਰ 

‘ਹਿੰਦ ਦੀ ਚਾਦਰ’ ਨੂੰ ਸਮਰਪਿਤ ਸਮਾਗਮਾਂ ਲਈ ‘ਆਪ’ ਸਰਕਾਰ ਵਧਾਈ ਦੀ ਪਾਤਰ, ਤਰਨਤਾਰਨ ਦੇ ਲੋਕ ਸੇਵਾ ਨੂੰ ਦੇਣਗੇ ਵੋਟ- ਹਰਮੀਤ ਸਿੰਘ ਸੰਧੂ

ਤਰਨਤਾਰਨ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ, ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸਮਾਗਮਾਂ ਦੀ ਲੜੀ ਸ਼ੁਰੂ ਕਰਨ ਦੇ ਫੈਸਲੇ ਦੀ ਭਰਪੂਰ ਸ਼ਲਾਘਾ ਕੀਤੀ ਹੈ। ਸੰਧੂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈ ਕੇ ਇਹਨਾਂ ਪਵਿੱਤਰ ਸਮਾਗਮਾਂ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਅੱਜ ਸੀਨੀਅਰ ਕੈਬਨਿਟ ਮੰਤਰੀਆਂ ਨੇ ਦਿੱਲੀ ਸਥਿਤ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਬਲਬੀਰ ਸਿੰਘ ਸਮੇਤ ਹੋਰ ਮੰਤਰੀ, ਸੰਸਦ ਮੈਂਬਰ ਅਤੇ ਵਿਧਾਇਕ ਲਾਲ ਕਿਲ੍ਹੇ ਤੋਂ ਨੰਗੇ ਪੈਰੀਂ ਚੱਲ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਉਨ੍ਹਾਂ ਕਿਹਾ ਕਿ ਮੰਤਰੀਆਂ ਵੱਲੋਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਪਵਿੱਤਰ ਸ਼ਹੀਦੀ ਅਸਥਾਨਾਂ ‘ਤੇ ਸ਼ਰਧਾਂਜਲੀ ਭੇਟ ਕਰਨਾ ਇਹ ਦਰਸਾਉਂਦਾ ਹੈ ਕਿ ‘ਆਪ’ ਸਰਕਾਰ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਸਿੱਖਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਿੰਨਾ ਸਤਿਕਾਰ ਦਿੰਦੀ ਹੈ।

ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸਹੀ ਮਾਅਨਿਆਂ ਵਿੱਚ ਗੁਰੂ ਜੀ ਦੇ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਸਹਿਣਸ਼ੀਲਤਾ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਵਿਸ਼ਵਵਿਆਪੀ ਸੰਦੇਸ਼ ‘ਤੇ ਪਹਿਰਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਦਿੱਲੀ ਵਿੱਚ ਜੋ ਬੇਮਿਸਾਲ ਕੁਰਬਾਨੀ ਦਿੱਤੀ, ਮਾਨ ਸਰਕਾਰ ਉਸੇ ਫਲਸਫੇ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਹੈ।

ਹਰਮੀਤ ਸੰਧੂ ਨੇ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਤੋਂ ਸ਼ੁਰੂ ਹੋਏ ਇਹ ਸਮਾਗਮ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। ਇਸ ਤੋਂ ਇਲਾਵਾ ਗੁਰੂ ਸਾਹਿਬ ਜੀ ਦੇ ਵਰੋਸਾਏ ਕਸਬਿਆਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਵੀ ਹੋਣਗੇ।

ਉਨ੍ਹਾਂ ਕਿਹਾ ਕਿ 19 ਨਵੰਬਰ ਨੂੰ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ, ਜਿਸ ਵਿੱਚ ਕਸ਼ਮੀਰੀ ਪੰਡਿਤਾਂ ਦਾ ਵੀ ਸ਼ਾਮਲ ਹੋਣਾ ਗੁਰੂ ਸਾਹਿਬ ਵੱਲੋਂ ਹਿੰਦੂ ਧਰਮ ਦੀ ਰੱਖਿਆ ਲਈ ਦਿੱਤੀ ਕੁਰਬਾਨੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਦੇ ਨਾਲ ਹੀ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਫ਼ਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਹੋਰ ਨਗਰ ਕੀਰਤਨ ਆਰੰਭ ਹੋਣਗੇ, ਜੋ ਸਾਰੇ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪਹੁੰਚਣਗੇ।

‘ਆਪ’ ਉਮੀਦਵਾਰ ਨੇ ਅੱਗੇ ਕਿਹਾ ਕਿ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਲਈ “ਚੱਕ ਨਾਨਕੀ” ਨਾਮ ਦੀ ਵਿਸ਼ੇਸ਼ ਟੈਂਟ ਸਿਟੀ ਦੀ ਸਥਾਪਨਾ, ਸਰਬ ਧਰਮ ਸੰਮੇਲਨ ਦਾ ਆਯੋਜਨ ਅਤੇ ਗੁਰੂ ਜੀ ਦੇ ਜੀਵਨ ‘ਤੇ ਅਧਾਰਿਤ ਵਿਸ਼ੇਸ਼ ਪ੍ਰਦਰਸ਼ਨੀ ਅਤੇ ਡਰੋਨ ਸ਼ੋਅ ਕਰਵਾਉਣਾ ਸਰਕਾਰ ਦਾ ਇਤਿਹਾਸਕ ਉਪਰਾਲਾ ਹੈ। ਉਨ੍ਹਾਂ ਖਾਸ ਤੌਰ ‘ਤੇ 24 ਨਵੰਬਰ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੱਦਣ ਦੇ ਫੈਸਲੇ ਨੂੰ ਕ੍ਰਾਂਤੀਕਾਰੀ ਦੱਸਿਆ, ਜਿੱਥੇ ਗੁਰੂ ਸਾਹਿਬ ਦੇ ਫਲਸਫੇ ‘ਤੇ ਵਿਚਾਰਾਂ ਹੋਣਗੀਆਂ।

ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਇਹ ਸਮਾਗਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਆਪਣੀ ਵਿਰਾਸਤ ਅਤੇ ਪੰਥ ਪ੍ਰਤੀ ਵਚਨਬੱਧਤਾ ਦਾ ਸਬੂਤ ਹਨ। ਉਨ੍ਹਾਂ ਤਰਨਤਾਰਨ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਜੋ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਮਜ਼ਬੂਤ ਕੀਤੇ ਜਾ ਸਕਣ ਅਤੇ ਤਰਨਤਾਰਨ ਦੀ ਪਵਿੱਤਰ ਧਰਤੀ ‘ਤੇ ਵਿਕਾਸ ਦੀ ਲਹਿਰ ਨੂੰ ਹੋਰ ਤੇਜ਼ ਕੀਤਾ ਜਾ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।