ਰੋਪੜ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ :
ਚੰਡੀਗੜ੍ਹ ਪੁਲਿਸ ਦੇ ਸਾਬਕਾ (ਸੇਵਾਮੁਕਤ) ਡੀਐੱਸਪੀ ਦਿਲਸ਼ੇਰ ਸਿੰਘ ਵੱਲੋਂ ਇੱਕ ਵਿਆਹ ਸਮਾਗਮ ਦੌਰਾਨ ਇੱਕ ਆਪ ਆਗੂ ਨੂੰ ਗੋਲੀਆਂ ਮਾਰਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਨਿਤਿਨ ਨੰਦਾ ਰੋਪੜ ਜ਼ਿਲ੍ਹੇ ਦੇ ਸ੍ਰੀ ਆਨੰਦਪੁਰ ਸਾਹਿਬ ਦੇ ਇੱਕ ਪਿੰਡ ਅਗਮਪੁਰ ਵਿੱਚ ਇੱਕ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਆਏ ਸਨ। ਜਾਣਕਾਰੀ ਮੁਤਾਬਕ ਇਸ ਸਮਾਗਮ ਦੌਰਾਨ ਦੋਵਾਂ ਦੀ ਬਹਿਸ ਹੋਈ ਜਿਸ ਤੋਂ ਬਾਅਦ ਦਿਲਸ਼ੇਰ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਨਿਤਿਨ ਨੰਦਾ ਉਤੇ ਗੋਲੀ ਚਲਾ ਦਿੱਤੀ।
ਇਹ ਗੋਲੀ ਆਪ ਆਗੂ ਦੇ ਦੇ ਸਿਰ ਦੇ ਪਿਛਲੇ ਹਿੱਸੇ ਵਿੱਚ ਗੋਲੀ ਲੱਗੀ। ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ, ਆਨੰਦਪੁਰ ਸਾਹਿਬ ਲਿਜਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਆਨੰਦਪੁਰ ਸਾਹਿਬ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।




