- 5 ਕਰਮਚਾਰੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ :
ਮਨਿਸਟੀਰੀਅਲ ਸੇਵਾਵਾਂ ਕੇਡਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦੇ ਹੱਲ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ਵਿੱਚ ਮਨਿਸਟੀਰੀਅਲ ਸੇਵਾਵਾਂ ਕੇਡਰ ਲਈ ਇੱਕਸਾਰ ਸੇਵਾ ਨਿਯਮ ਬਣਾਉਣ ਦੀ ਸੰਭਾਵਨਾ ਦਾ ਅਧਿਐਨ ਕਰਨ ਲਈ ਇੱਕ ਅਫਸਰਜ਼ ਕਮੇਟੀ ਬਨਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਫਾਰਸ਼ ਕਰੇਗੀ ਤਾਂ ਜੋ ਇੰਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਦੇ ਮਾਹੌਲ ਵਿੱਚ ਇਕਸਾਰਤਾ ਲਿਆਉਣ ਦੇ ਨਾਲ-ਨਾਲ ਕਿਸੇ ਵੀ ਤਰ੍ਹਾਂ ਦੇ ਮੌਜੂਦਾ ਵਖਰੇਵੇਂ ਨੂੰ ਦੂਰ ਕੀਤਾ ਜਾ ਸਕੇ।
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਕਈ ਮੰਗਾਂ ਪਹਿਲਾਂ ਹੀ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਯੂਨੀਅਨ ਦੀਆਂ ਹੋਰ ਜਾਇਜ਼ ਮੰਗਾਂ ਨੂੰ ਵੀ ਜਲਦੀ ਹੱਲ ਕੀਤਾ ਜਾਵੇਗਾ।
ਵਿੱਤ ਮੰਤਰੀ ਵੱਲੋਂ ਇਸ ਤੋਂ ਇਲਾਵਾ ਸਿੱਖਿਆ ਵਿਭਾਗ ਦੀਆਂ ਤਿੰਨ ਯੂਨੀਅਨਾਂ ਜਿਨ੍ਹਾਂ ਵਿੱਚ ਮਾਸਟਰ ਕੇਡਰ ਯੂਨੀਅਨ, ਐਲੀਮੈਂਟਰੀ ਟੀਚਰਜ਼ ਯੂਨੀਅਨ ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਸ਼ਾਮਲ ਹਨ, ਨਾਲ ਵੀ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨਾਂ ਵੱਲੋਂ ਤਨਖਾਹ, ਤਰੱਕੀ ਅਤੇ ਛੁੱਟੀਆਂ ਦੀਆਂ ਸਹੂਲਤਾ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਪ੍ਰਕ੍ਰਿਆ ਅਧੀਨ ਮੁੱਦਿਆਂ ਨੂੰ ਹੱਲ ਕਰਨ ਵਿੱਚ ਤੇਜੀ ਲਿਆਉਣ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹੋਰ ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਲਈ ਯੂਨੀਅਨ ਆਗੂਆਂ ਨਾਲ ਨਿਯਮਤ ਮੀਟਿੰਗਾਂ ਕਰਨ।
ਵਿੱਤ ਮੰਤਰੀ ਨੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਦੇ ਮੁੱਦਿਆਂ ਨੂੰ ਵਿਸਥਾਰ ਨਾਲ ਸੁਣਦਿਆਂ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਜਾਇਜ਼ ਸ਼ਿਕਾਇਤਾਂ ਨੂੰ ਦੂਰ ਕਰਨ ਅਤੇ ਨਿਰਪੱਖਤਾ, ਸਤਿਕਾਰ ਅਤੇ ਜਵਾਬਦੇਹੀ ‘ਤੇ ਅਧਾਰਤ ਕੰਮਕਾਜ ਦੇ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਸੰਕਲਪ ‘ਤੇ ਕਾਇਮ ਹੈ।
ਮੀਟਿੰਗਾਂ ਵਿੱਚ ਮੌਜੂਦ ਯੂਨੀਅਨ ਆਗੂਆਂ ਵਿੱਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਤੋਂ ਗੁਰਨਾਮ ਸਿੰਘ ਵਿਰਕ, ਤਰਸੇਮ ਭੱਠਲ ਅਤੇ ਅਨਿਰੁਧ ਮੋਦਗੁਲ, ਮਾਸਟਰ ਕੇਡਰ ਯੂਨੀਅਨ ਤੋਂ ਬਲਜਿੰਦਰ ਸਿੰਘ ਧਾਲੀਵਾਲ, ਗੁਰਮੀਤ ਸਿੰਘ ਭੁੱਲਰ, ਦਲਜੀਤ ਸਿੰਘ ਸਬਰਵਾਲ ਅਤੇ ਅਮਰਬੀਰ ਸਿੰਘ; ਐਲੀਮੈਂਟਰੀ ਟੀਚਰਜ਼ ਯੂਨੀਅਨ ਤੋਂ ਹਰਜਿੰਦਰਪਾਲ ਸਿੰਘ ਪੰਨੂ, ਸਤਬੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੁਹਾਲੀ ਅਤੇ ਗੁਰਿੰਦਰ ਸਿੰਘ ਘੁੱਲੇਵਾਲੀ; ਮੁੜ੍ਹ ਬਹਿਲ ਕੱਚੇ ਆਧਿਆਪਕ ਯੂਨੀਅਨ ਤੋਂ ਵਿਕਾਸ ਸਾਹਨੀ, ਲਖਵਿੰਦਰ ਕੌਰ, ਅਮਨਦੀਪ ਕੌਰ; ਅਤੇ ਪੰਜਾਬ ਪੁਲਿਸ ਕਰੋਨਾ ਵਾਰੀਅਰਜ਼ ਯੂਨੀਅਨ ਤੋਂ ਅਮਰਜੀਤ ਸਿੰਘ, ਗੁਰਬਾਜ ਸਿੰਘ, ਪਵਨਬੀਰ ਸਿੰਘ ਅਤੇ ਜਗਰੂਪ ਸਿੰਘ ਸ਼ਾਮਲ ਸਨ।




