ਚੰਡੀਗੜ੍ਹ, 1 ਨਵੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਜ਼ਿਮਨੀ ਚੋਣ ਹਲਕੇ ਤਰਨਤਾਰਨ ਵਿੱਚ ਮੰਗਾਂ ਨੂੰ ਲੈ ਕੇ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਆਨਲਾਈਨ ਮੀਟਿੰਗ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਨੇ ਕਿਹਾ ਕਿ ਪੰਜਾਬ ਦੇ ਆਂਗਣਵਾੜੀ ਵਰਕਰਾਂ ਦੀ ਆਨਲਾਈਨ ਹੜਤਾਲ ਚਲਦਿਆਂ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ 7 ਨਵੰਬਰ ਨੂੰ ਤਰਨਤਾਰਨ ਵਿੱਚ ਇਕ ਵੱਡੀ ਰੈਲੀ ਕੀਤੀ ਜਾਵੇਗੀ, ਜਿਸ ਸਬੰਧੀ ਜ਼ਿਲ੍ਹਿਆਂ ਅਤੇ ਬਲਾਕਾਂ ਨੂੰ ਕੋਟੇ ਲਗਾ ਦਿੱਤੇ ਗਏ ਹਨ।
ਪੰਜਾਬ ਭਰ ਵਿਚੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਪਣੀ ਵਰਦੀ ਨਾਲ ਇਸ ਰੈਲੀ ਵਿਚ ਸ਼ਮੂਲੀਅਤ ਕਰਨਗੀਆਂ। ਊਸ਼ਾ ਰਾਣੀ ਨੇ ਕਿਹਾ 15 ਜੂਨ ਦੀ ਮੀਟਿੰਗ ਵਿੱਚ ਜੋ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦੇ ਕੀਤੇ ਗਏ ਸਨ, ਉਹ ਅਜੇ ਤੱਕ ਪੂਰੇ ਨਹੀਂ ਹੋਏ। ਸਗੋਂ ਉਨ੍ਹਾਂ ਦੀ ਸਰਕਾਰ ਦੇ ਅਧਿਕਾਰੀਆਂ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਜੋ ਕੰਮ ਨਹੀਂ ਹੋ ਰਿਹਾ ਉਹ ਸਰਕਾਰ ਕਾਰਨ ਨਹੀਂ ਹੋ ਰਿਹਾ, ਕਿਉਂਕਿ ਸਰਕਾਰ ਨੇ ਅਜੇ ਤੱਕ ਮੋਬਾਇਲ ਨਹੀਂ ਦਿੱਤੇ ਨਾ ਹੀ ਨੈਟ ਡਾਟੇ ਲਈ ਪੈਸੇ ਦਿੱਤੇ ਹਨ। ਆਗੂਆਂ ਨੇ ਕਿਹਾ ਕਿ ਐਫਆਰਐਸ ਦੇ ਆਨਲਾਈਨ ਕੰਮ ਦਾ ਉਦੋਂ ਤੱਕ ਪੂਰਨ ਤੌਰ ਉਤੇ ਬਾਈਕਾਟ ਰਹੇਗਾ ਜਦੋਂ ਤੱਕ ਸਰਕਾਰ ਮੋਬਾਇਲ ਨਹੀਂ ਦਿੱਤੀ।
ਉਨ੍ਹਾਂ ਕਿਹਾ ਕਿ 14 ਨਵੰਬਰ ਨੂੰ ਸੂਬੇ ਦੇ ਸਾਰੇ ਸੀਡੀਪੀਓ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।




