ਆਸ਼ੀਸ਼ ਚੋਪੜਾ ਗੈਂਗ ਦੇ ਸ਼ੂਟਰ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ
ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 205 ਗ੍ਰਾਮ ਹੈਰੋਇਨ ਵੀ ਕੀਤੀ ਬਰਾਮਦ
ਚੰਡੀਗੜ੍ਹ/ਫਿਰੋਜ਼ਪੁਰ, 3 ਨਵੰਬਰ, ਦੇਸ਼ ਕਲਿੱਕ ਬਿਓਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਫਿਰੋਜ਼ਪੁਰ ਤੋਂ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਚੋਂ 205 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਸ਼ਪਾਲ ਉਰਫ਼ ਸੇਵਕ ਵਾਸੀ ਪਿੰਡ ਕੁੰਡੇ (ਫਿਰੋਜ਼ਪੁਰ) ਅਤੇ ਰਾਜੀਵ ਉਰਫ਼ ਜੱਸਾ, ਪਿੰਡ ਬੜੇ (ਫਿਰੋਜ਼ਪੁਰ) ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਆਸ਼ੀਸ਼ ਚੋਪੜਾ ਗੈਂਗ ਦੇ ਸ਼ੂਟਰ ਯੁਵੀ ਦੇ ਸੰਪਰਕ ਵਿੱਚ ਸਨ ਜੋ ਕਿ ਮਈ 2025 ਵਿੱਚ ਫਿਰੋਜ਼ਪੁਰ ਵਿਖੇ ਹੋਏ ਆਸ਼ੂ ਮੌਂਗਾ ਕਤਲ ਕੇਸ ਵਿੱਚ ਲੋੜੀਂਦਾ ਸੀ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਬੇਅਸਰ ਕੀਤਾ ਜਾ ਸਕੇ।
ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏ.ਜੀ.ਟੀ.ਐਫ. ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਕਿਹਾ ਕਿ ਪੁਖ਼ਤਾ ਇਤਲਾਹ `ਤੇ ਕਾਰਵਾਈ ਕਰਦੇ ਹੋਏ ਡੀ.ਐਸ.ਪੀ. ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਫਿਰੋਜ਼ਪੁਰ ਪੁਲਿਸ ਦੇ ਤਾਲਮੇਲ ਨਾਲ ਫਿਰੋਜ਼ਪੁਰ ਦੇ ਪਿੰਡ ਮਧਰੇ ਵਿਖੇ ਰੇਲਵੇ ਕਰਾਸਿੰਗ ਦੇ ਨੇੜਿਓਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।
ਫਿਰੋਜ਼ਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਦੋਸ਼ੀ ਰਸ਼ਪਾਲ ਸਿੰਘ ਦਾ ਅਪਰਾਧਿਕ ਪਿਛੋਕੜ ਹੈ, ਜਿਸ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕਈ ਮਾਮਲੇ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ, ਥਾਣਾ ਸਦਰ ਫਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 61 ਅਤੇ 85 ਦੇ ਤਹਿਤ ਐਫਆਈਆਰ ਨੰਬਰ 319 ਮਿਤੀ 01.11.2025 ਅਧੀਨ ਕੇਸ ਦਰਜ ਕੀਤਾ ਗਿਆ ਹੈ।




