ਲਾਈਟ ਐਂਡ ਸਾਊਂਡ ਸ਼ੋਅ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ ‘ਤੇ ਚਾਨਣਾ ਪਾਇਆ

ਪੰਜਾਬ
  • ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ
  • ਪਹਿਲੇ ਪੜਾਅ ਤਹਿਤ ਜਲੰਧਰ, ਫਤਹਿਗੜ੍ਹ ਸਾਹਿਬ, ਪਟਿਆਲਾ ਅਤੇ ਪਠਾਨਕੋਟ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ
  • ਧਾਰਮਿਕ ਆਜ਼ਾਦੀ ਅਤੇ ਮਨੁੱਖੀ ਹੱਕਾਂ ਦੀ ਖਾਤਰ ਗੁਰੂ ਸਾਹਿਬ ਜੀ ਦਾ ਬਲਿਦਾਨ ਸਦਾ ਪ੍ਰੇਰਿਤ ਕਰਦਾ ਰਹੇਗਾ

ਚੰਡੀਗੜ੍ਹ, 4 ਨਵੰਬਰ: ਦੇਸ਼ ਕਲਿੱਕ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਜਲੰਧਰ, ਫਤਹਿਗੜ੍ਹ ਸਾਹਿਬ, ਪਠਾਨਕੋਟ ਅਤੇ ਪਟਿਆਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ।

ਇੱਕ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਾਜ਼ਰੀ ਭਰੀ। ਇਸ ਤੋਂ ਇਲਾਵਾ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ ‘ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਨੂੰ ਵੇਖਿਆ।

ਓਧਰ ਪਠਾਨਕੋਟ ਦੇ ਲਮੀਨੀ ਸਟੇਡੀਅਮ ਵਿਖੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਮੂਲੀਆ ਕੀਤੀ। ਸਾਰੀਆਂ ਥਾਵਾਂ ਉੱਤੇ ਸੰਗਤ ਨੇ ਇਸ ਉਪਰਾਲੇ ਦੀ ਭਰਵੀਂ ਸ਼ਲਾਂਘਾ ਕੀਤੀ ਅਤੇ ਪੂਰੇ ਆਦਰ, ਸ਼ਰਧਾ ਤੇ ਸਤਿਕਾਰ ਨਾਲ ਸ਼ੋਅ ਵੇਖੇ।

ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਦਰਸਾਇਆ ਗਿਆ। ਪੰਜਾਬ ਸਰਕਾਰ ਵੱਲੋਂ ਇਹ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ ਜੋ ਕਿ 20 ਨਵੰਬਰ ਤੱਕ ਜਾਰੀ ਰਹਿਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।