- ਧਾਰਮਿਕ ਸਮਾਗਮਾਂ ਚ ਦਖ਼ਲਅੰਦਾਜ਼ੀ ਤੋਂ ਬਚੇ ਪੰਜਾਬ ਸਰਕਾਰ- ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 8 ਨਵੰਬਰ: ਦੇਸ਼ ਕਲਿੱਕ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪਸ਼ਟ ਤੌਰ ਤੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਉਣੇ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਵਿੱਚ ਦਖਲਅੰਦਾਜ਼ੀ ਤੋਂ ਬਚਣਾ ਚਾਹੀਦਾ ਹੈ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਰਤਨ ਸਮਾਗਮ ਕਰਨ ਦੀ ਇਜਾਜ਼ਤ ਨਾ ਦੇਣ ਬਾਰੇ ਚੱਲ ਰਹੀਆਂ ਖਬਰਾਂ `ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸਰਦਾਰ ਪ੍ਰਤਾਪ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਪਹਿਲਾਂ ਹੀ ਸਪਸ਼ਟ ਕੀਤਾ ਗਿਆ ਸੀ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਕਾਸ ਕਾਰਜਾਂ ਵੱਲ ਧਿਆਨ ਦੇਵੇ ਅਤੇ ਸੰਗਤ ਦੀ ਸਹੂਲਤ ਲਈ ਸਹਿਯੋਗ ਕਰੇ। ਪ੍ਰੰਤੂ ਇਸ ਦੇ ਬਾਵਜੂਦ ਵੀ ਸਰਕਾਰ ਸਿੱਖ ਪੰਥ ਦੂਆਂ ਸੰਸਥਾਵਾਂ ਦੇ ਮੁਕਾਬਲੇ ਉਤੇ ਧਾਰਮਿਕ ਸਮਾਗਮ ਤੇ ਕੀਰਤਨ ਦਰਬਾਰ ਕਰਵਾਉਣ ਦੀ ਆਪਣੀ ਜਿੱਦ ਪੁਗਾ ਰਹੀ ਹੈ, ਜੋ ਪੰਥਕ ਭਾਵਨਾਵਾਂ ਦੇ ਵਿਰੁੱਧ ਹੈ।
ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਮਰਿਯਾਦਾ ਨਾਲ ਜੁੜਿਆ ਹੋਇਆ ਮਾਮਲਾ ਹੈ, ਜਿਸ ਵਿਚ ਕਿਸੇ ਵੀ ਅਵੱਗਿਆ ਬਾਅਦ ਵਿਵਾਦ ਬਣਦੇ ਹਨ। ਸਰਕਾਰ ਵੱਲੋਂ ਪਹਿਲਾਂ ਵੀ ਸ੍ਰੀ ਨਗਰ ਦੇ ਇਕ ਸਮਾਗਮ `ਚ ਮਰਿਆਦਾ ਦੀ ਹੋਈ ਭਾਰੀ ਉਲੰਘਣਾ ਬਾਅਦ ਇਹ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਤੇ ਵਿਚਾਰਿਆ ਗਿਆ ਸੀ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਵੀ ਸਰਕਾਰ ਨੂੰ ਕਿਹਾ ਸੀ ਕਿ ਉਹ ਧਾਰਮਿਕ ਸਮਾਗਮਾਂ ਦੀ ਥਾਂ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਵੱਲ ਧਿਆਨ ਦੇਵੇ ਅਤੇ ਸਮਾਗਮਾਂ ਦੀ ਜਿੰਮੇਵਾਰੀ ਸਿੱਖ ਸੰਸਥਾਵਾਂ ਨਿਭਾਉਣ।
ਉਨ੍ਹਾਂ ਆਖਿਆ ਕਿ ਹੁਣ ਸਰਕਾਰ ਜਾਣ ਬੁਝ ਕੇ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀ ਮਨਸ਼ਾ ਨਾਲ ਧਾਰਮਿਕ ਸਮਾਗਮਾਂ ਵਿਚ ਦਖਲਅੰਦਾਜ਼ੀ ਕਰ ਰਹੀ ਹੈ, ਜਿਸ ਤੋਂ ਉਸ ਨੂੰ ਬਚਣਾ ਚਾਹੀਦਾ ਹੈ ਸਕੱਤਰ ਸਰਦਾਰ ਪ੍ਰਤਾਪ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਅੰਦਰ ਸਮਾਗਮਾਂ ਦੀ ਇਜਾਜ਼ਤ ਦੇਣ ਮੌਕੇ ਪੰਥਕ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦੀ ਹੈ ਅਤੇ ਉਹ ਧਾਰਮਿਕ ਤੇ ਪੰਥਕ ਸੰਸਥਾਵਾਂ ਤੇ ਜਥੇਬੰਦੀਆਂ ਤੋਂ ਬਿਨਾਂ ਕਿਸੇ ਹੋਰ ਨੂੰ ਅਜਿਹੀ ਆਗਿਆ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਵੱਡੇ ਪੱਧਰ ‘ਤੇ ਸ਼ਤਾਬਦੀ ਦੇ ਸਮਾਗਮ ਰੱਖੇ ਹੋਏ ਹਨ ਜਿਨ੍ਹਾਂ ਵਿੱਚ ਹਰ ਇੱਕ ਨੂੰ ਸੱਦਾ ਹੈ ਅਤੇ ਸਰਕਾਰ ਵੀ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਿਲ ਹੋਵੇ ਪਰ ਸਿਆਸਤ ਨਾ ਕਰੇ।
ਉਨ੍ਹਾਂ ਕਿਹਾ ਕਿ ਹੁਣ ਵੀ ਦੋ ਦਿਨਾਂ ਗੁਰਮਤਿ ਸਮਾਗਮ ਨੌਵੇਂ ਪਾਤਸ਼ਾਹ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਜਾਰੀ ਹਨ ਜਿੱਥੇ ਸੰਗਤਾਂ ਵੱਡੀ ਗਿਣਤੀ ਵਿੱਚ ਨਤਮਸਤਕ ਹੋ ਰਹੀਆਂ ਹਨ। ਸਰਕਾਰ ਨੂੰ ਕਿਸੇ ਵੀ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਰੋਕਿਆ ਨਹੀਂ ਹੈ, ਸਗੋਂ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਪੰਥ ਦੀਆਂ ਸੰਸਥਾਵਾਂ ਦੇ ਸਮਾਗਮਾਂ ਵਿਚ ਆ ਕੇ ਬੈਠੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਦੇ ਨਾਲ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿਜੀ ਸਕੱਤਰ ਸ਼ਾਹਬਾਜ ਸਿੰਘ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਜਸਵਿੰਦਰ ਸਿੰਘ ਜੱਸੀ, ਗੁਰਦਿਆਲ ਸਿੰਘ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ ਆਦਿ ਮੌਜੂਦ ਸਨ।




