ਚੰਡੀਗੜ੍ਹ, 15 ਨਵੰਬਰ, ਦੇਸ਼ ਕਲਿੱਕ ਬਿਓਰੋ :
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੀ ਡੀ ਪੀ ਓਜ਼ ਦੀਆਂ ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਮੰਤਰੀ ਮੰਡਲ ਨੇ ਸਮਾਜਿਕ ਸੁਰੱਖਿਆ, ਔਰਤਾਂ ਤੇ ਬੱਚਿਆਂ ਨਾਲ ਸਬੰਧਤ ਸੂਬਾ ਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਦੀਆਂ 16 ਖਾਲੀ ਅਸਾਮੀਆਂ ਨੂੰ ਬਹਾਲ ਕਰਕੇ ਪੀ.ਪੀ.ਐਸ.ਸੀ. ਰਾਹੀਂ ਇਸ ਦੀ ਭਰਤੀ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਸੀ.ਡੀ.ਪੀ.ਓ. ਆਈ.ਸੀ.ਡੀ.ਐਸ., ਪੋਸ਼ਣ, ਸਮਾਜਿਕ ਸੁਰੱਖਿਆ ਅਤੇ ਮਹਿਲਾ ਭਲਾਈ ਅਧੀਨ ਪ੍ਰਮੁੱਖ ਯੋਜਨਾਵਾਂ ਲਈ ਮੁੱਢਲੇ ਤੌਰ ਉਤੇ ਲਾਗੂ ਕਰਨ ਵਾਲੇ ਅਧਿਕਾਰੀ ਹਨ ਅਤੇ ਜ਼ਮੀਨੀ ਪੱਧਰ ‘ਤੇ ਯੋਜਨਾ ਦੇ ਪ੍ਰਭਾਵਸ਼ਾਲੀ ਲਾਗੂਕਰਨ ਲਈ ਹਰੇਕ ਬਲਾਕ ਵਾਸਤੇ ਸੀ.ਡੀ.ਪੀ.ਓ. ਦੀ ਲੋੜ ਹੁੰਦੀ ਹੈ। ਇਹ ਬਹਾਲਗੀ ਬਲਾਕ ਪੱਧਰ ‘ਤੇ ਢੁਕਵੇਂ ਸਟਾਫ ਨੂੰ ਯਕੀਨੀ ਬਣਾਏਗੀ ਜਿਸ ਨਾਲ ਭਲਾਈ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂਕਰਨ, ਫੀਲਡ ਨਿਗਰਾਨੀ ਵਿੱਚ ਪ੍ਰਸ਼ਾਸਕੀ ਪਾੜੇ ਨੂੰ ਪੂਰਨ ਅਤੇ ਆਈਸੀਡੀਐਸ/ਪੋਸ਼ਣ ਅਧੀਨ ਪ੍ਰੋਗਰਾਮ ਦੇ ਨਿਯਮਾਂ ਦੀ ਪਾਲਣਾ ਯਕੀਨੀ ਹੋਵੇਗੀ।




