ਚੰਡੀਗੜ੍ਹ 15 ਨਵੰਬਰ: ਦੇਸ਼ ਕਲਿੱਕ ਬਿਊਰੋ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਪੰਜਾਬ ਕੈਬਨਿਟ ਮੀਟਿੰਗ ‘ਚ ਖੇਡ ਵਿਭਾਗ ਅਤੇ ਸੀ.ਐਚ.ਸੀ. ਦੋਰਾਹਾ ਵਿਖੇ ਵੱਖ-ਵੱਖ ਕਾਡਰਾਂ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਸੀ.ਐਚ.ਸੀ. ਦੋਰਾਹਾ ਵਿਖੇ ਵੱਖ-ਵੱਖ ਕਾਡਰਾਂ ਦੀਆਂ 51 ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ
ਮੰਤਰੀ ਮੰਡਲ ਨੇ ਦੋਰਾਹਾ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ 30 ਬਿਸਤਰਿਆਂ ਵਾਲੇ ਹਸਪਤਾਲ ਨੂੰ ਕਾਰਜਸ਼ੀਲ ਕਰਨ ਲਈ ਵੱਖ-ਵੱਖ ਕਾਡਰਾਂ ਦੀਆਂ 51 ਅਸਾਮੀਆਂ ਦੀ ਸਿਰਜਣਾ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਵਿੱਚ ਡਾਕਟਰਾਂ ਦੀਆਂ 11 ਅਸਾਮੀਆਂ, ਗਰੁੱਪ-ਬੀ ਦੀਆਂ ਦੋ, ਫਾਰਮਾਸਿਸਟ, ਨਰਸਾਂ ਅਤੇ ਕਲਰਕਾਂ ਦੀਆਂ 30 ਅਸਾਮੀਆਂ ਦੇ ਨਾਲ-ਨਾਲ ਵਾਰਡ ਸਰਵੈਂਟ ਅਤੇ ਸਵੀਪਰ ਦੀਆਂ ਅੱਠ ਅਸਾਮੀਆਂ ਸ਼ਾਮਲ ਹਨ।
ਇਨ੍ਹਾਂ ਨਵੀਆਂ ਅਸਾਮੀਆਂ ਦੀ ਸਿਰਜਣਾ ਨਾਲ ਦੋਰਾਹਾ ਸ਼ਹਿਰ ਅਤੇ ਇਸਦੇ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਕੁਸ਼ਲ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੇ ਸਹੂਲਤਾਂ ਤੱਕ ਆਸਾਨ ਪਹੁੰਚ ਮਿਲੇਗੀ।
ਮਾਲੇਰਕੋਟਲਾ ਵਿੱਚ ਖੇਡ ਵਿਭਾਗ, ਪੰਜਾਬ ਲਈ ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ਨਵੇਂ ਬਣੇ ਜ਼ਿਲ੍ਹੇ ਮਾਲੇਰਕੋਟਲਾ ਵਿੱਚ ਖੇਡ ਵਿਭਾਗ, ਪੰਜਾਬ ਲਈ ਤਿੰਨ ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਵਿੱਚ ਸੀਨੀਅਰ ਸਹਾਇਕ, ਸਟੈਨੋ-ਟਾਈਪਿਸਟ ਅਤੇ ਕਲਰਕ ਸ਼ਾਮਲ ਹਨ ਜੋ ਵਿਭਾਗ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣਗੇ। ਇਹ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਵਿੱਚ ਮਦਦ ਕਰੇਗਾ।




