ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਨਵੰਬਰ, ਦੇਸ਼ ਕਲਿੱਕ ਬਿਓਰੋ :
ਜੁਗਾੜੂ ਰੇਹੜੀਆਂ ਅਤੇ ਮੋਡੀਫਾਈ ਵਹੀਕਲਾਂ ਵਾਲਿਆਂ ਉਤੇ ਸਖਤੀ ਕਰਨ ਲਈ ਟ੍ਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ (ਟ੍ਰੈਫ਼ਿਕ) ਸ੍ਰੀ ਨਵਨੀਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਨੂੰ ਵਧਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ।
ਇਸ ਮੁਹਿੰਮ ਤਹਿਤ ਕਰਨੈਲ ਸਿੰਘ, ਉਪ ਕਪਤਾਨ ਪੁਲਿਸ (ਟ੍ਰੈਫ਼ਿਕ) ਵੱਲੋਂ ਜੁਗਾੜੂ ਰੇਹੜੀਆਂ ਅਤੇ ਮੋਡੀਫਾਈ ਵਹੀਕਲਾਂ ਦੀ ਖ਼ਾਸ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜਿਹੜੇ ਵਾਹਨ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਸੋਧੇ ਗਏ ਸਨ ਜਾਂ ਉਨ੍ਹਾਂ ਨੂੰ ਜੁਗਾੜੂ ਰੇਹੜੀਆਂ ਵਿੱਚ ਬਦਲਿਆ ਗਿਆ ਸੀ, ਉਨ੍ਹਾਂ ਖ਼ਿਲਾਫ਼ ਟ੍ਰੈਫ਼ਿਕ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਗਈ।
ਟ੍ਰੈਫ਼ਿਕ ਅਧਿਕਾਰੀਆਂ ਅਤੇ ਸਾਰੇ ਕਰਮਚਾਰੀਆਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਜੇ ਉਨ੍ਹਾਂ ਦੇ ਖੇਤਰ ਵਿੱਚ ਕੋਈ ਵਿਅਕਤੀ ਜੁਗਾੜੂ ਰੇਹੜੀ ਦੀ ਵਰਤੋਂ ਕਰਦਾ ਪਾਇਆ ਜਾਵੇ ਤਾਂ ਉਸ ਖ਼ਿਲਾਫ਼ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ। ਪੁਲਿਸ ਵੱਲੋਂ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਇਸ ਤਰ੍ਹਾਂ ਦੇ ਵਾਹਨ ਸੜਕ ਸੁਰੱਖਿਆ ਲਈ ਗੰਭੀਰ ਜੋਖਮ ਬਣ ਸਕਦੇ ਹਨ ਅਤੇ ਭਵਿੱਖ ਵਿੱਚ ਕੋਈ ਅਣ-ਸੁਖਾਵੀਂ ਘਟਨਾ ਵਾਪਰ ਸਕਦੀ ਹੈ।




