ਫਿਰੋਜ਼ਪੁਰ, 19 ਨਵੰਬਰ: ਦੇਸ਼ ਕਲਿੱਕ ਬਿਊਰੋ :
ਪੁਲਿਸ ਨੇਆਰਐਸਐਸ ਨੇਤਾ ਦੇ ਪੋਤੇ ਨਵੀਨ ਦੇ ਕਤਲ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਫਿਰੋਜ਼ਪੁਰ ਤੋਂ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ। ਤਿੰਨ ਦਿਨ ਪਹਿਲਾਂ ਫਿਰੋਜ਼ਪੁਰ ਸ਼ਹਿਰ ਦੇ ਇੱਕ ਬਾਜ਼ਾਰ ਵਿੱਚ ਅਪਰਾਧੀਆਂ ਨੇ ਨਵੀਨ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਨਵ ਅਤੇ ਹਰਸ਼ ਵਜੋਂ ਹੋਈ ਹੈ। ਖਾਲਿਸਤਾਨੀ ਸੰਗਠਨ, ਸ਼ੇਰ-ਏ-ਪੰਜਾਬ ਬ੍ਰਿਗੇਡ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਫਿਰੋਜ਼ਪੁਰ ਦੇ ਐਸਐਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਕਨਵ ਅਤੇ ਹਰਸ਼ ਨੇ ਨਵੀਨ ਦੀ ਰੇਕੀ ਕੀਤੀ। ਕਤਲ ਦੀ ਪੂਰੀ ਯੋਜਨਾ ਕਨਵ ਦੇ ਘਰ ‘ਤੇ ਹੋਈ ਸੀ। ਕਤਲ ਵਿੱਚ ਸਿੱਧੇ ਤੌਰ ‘ਤੇ ਚਾਰ ਲੋਕ ਸ਼ਾਮਲ ਹਨ। ਇਨ੍ਹਾਂ ਵਿੱਚੋਂ ਕਨਵ ਅਤੇ ਹਰਸ਼ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਦੋਵਾਂ ਨੇ ਕਤਲ ਦੀ ਸਾਜ਼ਿਸ਼ ਕਬੂਲ ਕੀਤੀ ਹੈ।
ਫਿਰੋਜ਼ਪੁਰ ਦੇ ਐਸਐਸਪੀ ਨੇ ਦੋਵਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ। ਐਸਐਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਨੂੰ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋ ਸਾਥੀ ਅਜੇ ਵੀ ਫਰਾਰ ਹਨ। ਪੁਲਿਸ ਨੇ ਉਨ੍ਹਾਂ ਨੂੰ ਫੜਨ ਲਈ ਟੀਮਾਂ ਬਣਾਈਆਂ ਹਨ ਅਤੇ ਛਾਪੇਮਾਰੀ ਕਰ ਰਹੀ ਹੈ।




