ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ

ਪੰਜਾਬ
  • ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਨਾਲ ਮੁਲਾਕਾਤ, ਉਨ੍ਹਾਂ ਨੂੰ ਦਰਪੇਸ਼ ਮੁੱਦਿਆਂ ਦੀ ਕੀਤੀ ਸਮੀਖਿਆ

ਚੰਡੀਗੜ੍ਹ, 22 ਨਵੰਬਰ : ਦੇਸ਼ ਕਲਿੱਕ ਬਿਊਰੋ :

ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਦੇ ਬਹੁਪੱਖੀ ਵਿਕਾਸ ਲਈ ਕੀਤੇ ਜਾ ਰਹੇ ਮਹੱਤਵਪੂਰਨ ਉਪਰਾਲਿਆਂ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਅਤੇ ਉਦਯੋਗਿਕ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਵੀ ਜਾਇਜ਼ਾ ਲਿਆ।

ਇਸ ਮੌਕੇ ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ ਅਤੇ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ ਵੀ ਮੌਜੂਦ ਸਨ।

ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਉਹ ਉਦਯੋਗਪਤੀਆਂ ਨੂੰ ਦਰਪੇਸ਼ ਅਸਲ ਜ਼ਮੀਨੀ ਪੱਧਰ ਦੀਆਂ ਮੁਸ਼ਕਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਉਦਯੋਗਿਕ ਕਾਰਜਾਂ ਨੂੰ ਸਮਰਥਨ ਦੇਣ ਦੇ ਉਦੇਸ਼ ਨਾਲ ਨਵੀਆਂ ਪਹਿਲਕਦਮੀਆਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਬਣ ਰਹੇ ਸਾਜ਼ਗਾਰ ਉਦਯੋਗਿਕ ਮਾਹੌਲ ਸਦਕਾ ਸੂਬੇ ਵਿੱਚ ਨਿਵੇਸ਼ ਕਰਨ ਲਈ ਦਿਲਚਸਪੀ ਦਿਖਾਉਣ ਵਾਲੇ ਨਿਵੇਸ਼ਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਹੋਏ ਨਿਵੇਸ਼ਾਂ ਦੇ ਨਤੀਜੇ ਵਜੋਂ ਪੰਜ ਲੱਖ ਤੋਂ ਵੱਧ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ ਹਨ, ਜੋ ਕਿ ਸੂਬੇ ਦੀ ਆਰਥਿਕਤਾ ਲਈ ਇੱਕ ਵੱਡੀ ਪ੍ਰਾਪਤੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਦਯੋਗਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਇਸਦੇ ਸਕਾਰਾਤਮਕ ਨਤੀਜੇ ਦਿਖਾਈ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਅਹੁਦਾ ਸੰਭਾਲਣ ਤੋਂ ਬਾਅਦ, ਉਨ੍ਹਾਂ ਨੇ ਉਦਯੋਗਿਕ ਜ਼ਰੂਰਤਾਂ ਅਤੇ ਵਿਕਾਸ ਸੰਭਾਵਨਾ ਨੂੰ ਵਿਸਥਾਰ ਵਿੱਚ ਸਮਝਣ ਲਈ ਜਲੰਧਰ, ਅੰਮ੍ਰਿਤਸਰ, ਮੋਹਾਲੀ, ਬਠਿੰਡਾ ਅਤੇ ਲੁਧਿਆਣਾ ਵਿਖੇ ਰੋਡ ਸ਼ੋਅ ਕੀਤੇ ਤਾਂ ਜੋ ਮਜ਼ਬੂਤ ਉਪਾਵਾਂ ਨੂੰ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਇਸ ਮੀਟਿੰਗ ਦੌਰਾਨ ਬੁਨਿਆਦੀ ਢਾਂਚੇ ਦੇ ਨਵੀਨੀਕਰਨ, ਸਬਸਿਡੀਆਂ, ਜੀਐਸਟੀ, ਹਰੀ ਊਰਜਾ, ਕਾਰੋਬਾਰ ਦਾ ਅਧਿਕਾਰ ਐਕਟ ਅਤੇ ਕਈ ਹੋਰ ਮੁੱਖ ਮੁੱਦਿਆਂ ‘ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਰਵਿੰਦ ਗੁਪਤਾ, ਜੀਐਮ ਇੰਡਸਟਰੀਜ਼ ਮਨਿੰਦਰ ਸਿੰਘ, ਪੀਐਸਪੀਸੀਐਲ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।