ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ :
ਚੰਡੀਗੜ੍ਹ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਚਲਦਿਆਂ ਹੁਣ ਕੇਂਦਰ ਸਰਕਾਰ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਹੈ। ਕੇਂਦਰ ਗ੍ਰਹਿ ਮੰਤਰਾਲੇ ਨੇ ਸਪੱਸ਼ਟਕਾਰਨ ਦਿੰਦੇ ਹੋਏ ਐਕਸ ਉਤੇ ਜਾਣਕਾਰੀ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਦੀ ਅਜਿਹੇ ਕਿਸੇ ਵੀ ਬਿੱਲ ਨੂੰ ਲਿਆਉਣ ਦੀ ਮਨਸ਼ਾ ਨਹੀਂ ਹੈ। ਵਿਭਾਗ ਵੱਲੋਂ ਕਿਹਾ ਗਿਆ ਕਿ ਸੰਘ ਰਾਜ ਖੇਤਰ ਚੰਡੀਗੜ੍ਹ ਲਈ ਸਿਰਫ਼ ਕੇਂਦਰ ਸਰਕਾਰ ਵੱਲੋਂ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਦਾ ਪ੍ਰਸਤਾਵ ਫਿਲਹਾਲ ਕੇਂਦਰ ਸਰਕਾਰ ਦੇ ਪੱਧਰ ‘ਤੇ ਵਿਚਾਰ ਅਧੀਨ ਹੈ। ਇਸ ਪ੍ਰਸਤਾਵ ‘ਤੇ ਕੋਈ ਆਖ਼ਰੀ ਫੈਸਲਾ ਨਹੀਂ ਲਿਆ ਗਿਆ ਹੈ। ਇਸ ਪ੍ਰਸਤਾਵ ‘ਚ ਕਿਸੇ ਵੀ ਤਰ੍ਹਾਂ ਚੰਡੀਗੜ੍ਹ ਦੀ ਸ਼ਾਸਨ-ਪ੍ਰਸ਼ਾਸਨ ਦੀ ਵਿਵਸਥਾ ਜਾਂ ਚੰਡੀਗੜ੍ਹ ਦੇ ਨਾਲ ਪੰਜਾਬ ਜਾਂ ਹਰਿਆਣਾ ਦੇ ਰਵਾਇਤੀ ਸੰਬੰਧਾਂ ਨੂੰ ਬਦਲਣ ਦੀ ਕੋਈ ਗੱਲ ਨਹੀਂ ਹੈ। ਇਹ ਵੀ ਕਿਹਾ ਗਿਆ ਕਿ ਚੰਡੀਗੜ੍ਹ ਦੇ ਹਿਤਾਂ ਨੂੰ ਧਿਆਨ ‘ਚ ਰੱਖਦੇ ਹੋਏ ਸਾਰੇ ਹਿਤਧਾਰਕਾਂ ਨਾਲ ਢੁਕਵੀਂ ਚਰਚਾ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਇਸ ਵਿਸ਼ੇ ‘ਤੇ ਚਿੰਤਾ ਕਰਨ ਦੀ ਲੋੜ ਨਹੀਂ ਹੈ। ਆਉਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਇਸ ਤਰ੍ਹਾਂ ਦਾ ਕੋਈ ਬਿੱਲ ਪੇਸ਼ ਕਰਨ ਦੀ ਕੇਂਦਰ ਸਰਕਾਰ ਦੀ ਕੋਈ ਮਨਸ਼ਾ ਨਹੀਂ ਹੈ।




