ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ :
ਰਿਸ਼ਵਤ ਲੈਣ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲ ਪਹੁੰਚ ਕੀਤੀ ਹੈ। ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਆਪਣੀ ਗ੍ਰਿਫ਼ਤਾਰੀ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਕੀਤੀ ਹੈ। ਡੀਆਈਜੀ ਨੇ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਡੀਆਈਜੀ ਭੁੱਲ ਨੇ ਪਟੀਸ਼ਨ ਵਿੱਚ ਸੀਬੀਆਈ ਦੇ ਅਧਿਕਾਰ ਖੇਤਰ ‘ਤੇ ਸਵਾਲ ਚੁੱਕੇ ਹਨ। ਪਟੀਸ਼ਨ ਵਿਚ ਉਨ੍ਹਾਂ ਦਲੀਲ ਦਿੱਤੀ ਹੈ ਕਿ ਉਹ ਪੰਜਾਬ ਵਿੱਚ ਕੰਮ ਕਰ ਰਹੇ ਹਨ।
ਉਨ੍ਹਾਂ ਪਟੀਸ਼ਨ ਵਿਚ ਕਿਹਾ ਕਿ ਅਜਿਹੀ ਸਥਿਤੀ ਵਿੱਚ, ਸੀਬੀਆਈ ਨੂੰ ਦਿੱਲੀ ਸਪੈਸ਼ਲ ਪੁਲਿਸ ਐਸਟੈਬਲਿਸ਼ਮੈਂਟ (ਡੀਐਸਪੀਈ) ਐਕਟ, 1946 ਦੀ ਧਾਰਾ 6 ਦੇ ਤਹਿਤ ਪੰਜਾਬ ਸਰਕਾਰ ਤੋਂ ਇਜਾਜ਼ਤ ਲੈਣੀ ਚਾਹੀਦੀ ਸੀ। ਭੁੱਲਰ ਨੇ ਅੱਗੇ ਦਲੀਲ ਦਿੱਤੀ ਕਿ ਪੰਜਾਬ ਵਿਜੀਲੈਂਸ ਬਿਊਰੋ ਪਹਿਲਾਂ ਹੀ ਸੀਬੀਆਈ ਦੇ ਸਾਹਮਣੇ ਇਸੇ ਅਪਰਾਧ ਲਈ FIR ਦਰਜ ਕਰ ਚੁੱਕਾ ਹੈ। ਦੋਵਾਂ ਵਿੱਚ ਅੱਧੇ ਘੰਟੇ ਦਾ ਸਮਾਂ ਅੰਤਰ ਹੈ।
ਜ਼ਿਕਰਯੋਗ ਹੈ ਕਿ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਵੱਲੋਂ 16 ਅਕਤੂਬਰ 2025 ਨੂੰ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਸੀਬੀਆਈ ਨੇ ਭੁੱਲਰ ਦੇ ਟਿਕਾਰਿਆਂ ਉਤੇ ਛਾਪੇਮਾਰੀ ਕੀਤੀ ਸੀ, ਜਿੱਥੋਂ ਕਰੋੜਾਂ ਰੁਪਏ ਦੀ ਨਗਦੀ, ਸੋਨਾ ਅਤੇ ਜਾਇਦਾਦ ਦੇ ਦਸਤਾਵੇਜ ਮਿਲੇ ਸਨ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਹਰਚਰਨ ਸਿੰਘ ਭੁੱਲਰ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਸੀ।




