•ਸੰਗਤ ਲਈ ਟੈਂਟ ਸਿਟੀ ਅਤੇ ਪਾਰਕਿੰਗ ਦੀ ਸਹੂਲਤ 29 ਨਵੰਬਰ ਤੱਕ ਜਾਰੀ ਰਹੇਗੀ: ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿੱਕ ਬਿਓਰੋ :
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਥਾਪਤ ਕੀਤਾ ਗਿਆ ਪੰਜਾਬ ਵਿਧਾਨ ਸਭਾ ਕੰਪਲੈਕਸ 29 ਨਵੰਬਰ, 2025 ਤੱਕ ਆਮ ਜਨਤਾ ਲਈ ਖੁੱਲ੍ਹਾ ਰਹੇਗਾ।
ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕ 29 ਨਵੰਬਰ ਤੱਕ ਭਾਈ ਜੈਤਾ ਜੀ ਯਾਦਗਾਰ ਵਿਖੇ ਸਥਾਪਤ ਇਸ ਵਿਧਾਨ ਸਭਾ ਕੰਪਲੈਕਸ ਦਾ ਦੌਰਾ ਕਰ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ 24 ਨਵੰਬਰ ਦੇ ਆਪਣੇ 10ਵੇਂ (ਵਿਸ਼ੇਸ਼) ਸੈਸ਼ਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਨੂੰ ਆਰਜ਼ੀ ਪੰਜਾਬ ਵਿਧਾਨ ਸਭਾ ਕੰਪਲੈਕਸ ਖੇਤਰ ਵਜੋਂ ਮਨੋਨੀਤ ਕੀਤਾ ਗਿਆ ਸੀ।
ਸ. ਬੈਂਸ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਰੱਖਿਆ ਗਿਆ, ਜਿਸਦਾ ਉਦੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਲਈ ਦਿੱਤੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨਾ ਸੀ।
ਸ. ਬੈਂਸ ਨੇ ਦੱਸਿਆ ਕਿ ਇਸਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਡਰੋਨ ਸ਼ੋਅ ਦੇ ਨਾਲ ਸੰਗਤ ਦੀ ਸਹੂਲਤ ਲਈ ਸਥਾਪਤ ਕੀਤੀਆਂ ਗਈਆਂ ਤਿੰਨ ਟੈਂਟ ਸਿਟੀਜ਼ ਅਤੇ ਪਾਰਕਿੰਗ ਦੀ ਸਹੂਲਤ ਵੀ 29 ਨਵੰਬਰ ਤੱਕ ਜਾਰੀ ਰਹੇਗੀ।




