ਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਊਰੋ :
ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਥਾਣਾ ਭੋਗਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਜਸਵਿੰਦਰ ਸਿੰਘ ਨੂੰ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਜਲੰਧਰ ਸ਼ਹਿਰ ਦੇ ਮਕਸੂਦਾਂ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸ਼ਿਕਾਇਤਕਰਤਾ ਨੂੰ ਥਾਣਾ ਭੋਗਪੁਰ ਵਿਖੇ ਦਰਜ ਇੱਕ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਉਸ ਮਾਮਲੇ ਦੇ ਜਾਂਚ ਅਧਿਕਾਰੀ ਵਜੋਂ ਏਐਸਆਈ ਜਸਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਨੂੰ ਗ੍ਰਿਫ਼ਤਾਰ ਨਾ ਕਰਨ, ਪਿਸਤੌਲ ਦੀ ਬਰਾਮਦਗੀ ਨਾ ਦਿਖਾਉਣ ਅਤੇ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੁਰਜੀਤ ਸਿੰਘ ਲਈ ਹੋਰ ਪੁਲਿਸ ਰਿਮਾਂਡ ਨਾ ਮੰਗਣ ਵਾਸਤੇ ਐਸਐਚਓ ਰਾਜੇਸ਼ ਕੁਮਾਰ ਦੇ ਨਾਮ ‘ਤੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਸੀ ਜਦੋਂ ਦੋਸ਼ੀ ਏਐਸਆਈ 5 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਬੇਨਤੀ ‘ਤੇ ਰਿਸ਼ਵਤ ਦੀ ਰਕਮ ਨੂੰ ਘਟਾ ਕੇ 2 ਲੱਖ ਰੁਪਏ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਐਸਐਚਓ ਰਾਜੇਸ਼ ਕੁਮਾਰ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਬੰਧੀ ਕੋਈ ਸਬੂਤ ਨਹੀਂ ਮਿਲਿਆ। ਅਗਲੇਰੀ ਜਾਂਚ ਦੌਰਾਨ ਐਸਐਚਓ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।




