ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਪੰਜਾਬ
  • ਡੀਜੀਪੀ ਗੌਰਵ ਯਾਦਵ ਵੱਲੋਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਯਕੀਨੀ ਬਣਾਉਣ ਦੇ ਨਿਰਦੇਸ਼
  • ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੀ.ਪੀਜ਼./ਐਸ.ਐਸ.ਪੀਜ਼. ਨੂੰ ਫਲੈਗ ਮਾਰਚ ਕੱਢਣ ਦੇ ਹੁਕਮ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 10 ਦਸੰਬਰ: ਦੇਸ਼ ਕਲਿੱਕ ਬਿਊਰੋ –

ਸੂਬੇ ਵਿੱਚ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ ਅਤੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ।

ਸੂਬੇ ਵਿੱਚ ਸਕਾਰਾਤਮਕ ਮਾਹੌਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।

ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੂਬੇ ਦੇ ਸੀ.ਪੀਜ਼/ਐਸ.ਐਸ.ਪੀਜ਼. ਅਤੇ ਰੇਂਜ ਡੀ.ਆਈ.ਜੀਜ਼. ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਧਿਕਾਰੀਆਂ ਨੂੰ, ਚੋਣਾਂ ਦੌਰਾਨ ਤਾਇਨਾਤੀ ਲਈ ਜ਼ਿਲਿ੍ਹਆਂ ਤੋਂ ਘੱਟੋ-ਘੱਟ 75 ਫੀਸਦੀ ਪੁਲਿਸ ਫੋਰਸ ਜੁਟਾਉਣ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਾਰੇ ਸੀਪੀ/ਐਸਐਸਪੀ ਨੂੰ ਪਹਿਲਾਂ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਆਪਣੇ ਅਧਿਕਾਰ ਖੇਤਰਾਂ ਵਿੱਚ ਫਲੈਗ ਮਾਰਚ ਕੱਢਣ ਅਤੇ ਮਜ਼ਬੂਤ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਨਾਕੇ ਲਗਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਗੁਆਂਢੀ ਰਾਜਾਂ ਦੇ ਡੀ.ਜੀ.ਪੀਜ਼. ਨੂੰ ਪੰਜਾਬ ਨਾਲ ਲੱਗਦੀ ਸਰਹੱਦ ਦੇ ਆਪਣੇ ਵਾਲੇ ਪਾਸੇ ਨਾਕੇ ਲਗਾਉਣ ਲਈ ਪਹਿਲਾਂ ਹੀ ਬੇਨਤੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 13395 ਪੋਲਿੰਗ ਸਟੇਸ਼ਨਾਂ ’ਤੇ 18718 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 860 ਨੂੰ ਅਤਿ-ਸੰਵੇਦਨਸ਼ੀਲ ਅਤੇ 3405 ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਐਲਾਨਿਆ ਗਿਆ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 44000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਾਰੇ ਸੀਪੀ ਅਤੇ ਐਸ.ਐਸ.ਪੀਜ. ਨੂੰ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਰੰਤਰ ਅਤੇ ਸਰਗਰਮੀ ਨਾਲ ਗਸ਼ਤ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।