ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ

ਪੰਜਾਬ

– ਕਈ ਥਾਵਾਂ ‘ਤੇ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੇ ਬੂਥ ਨਹੀਂ ਲੱਗੇ

ਮੋਰਿੰਡਾ, 14 ਦਸੰਬਰ (ਭਟੋਆ)

ਮੋਰਿੰਡਾ ਬਲਾਕ ਸੰਮਤੀ ਲਈ ਹੋਈਆਂ ਚੋਣਾਂ ਵਿੱਚ 50.95% ਵੋਟਾਂ ਪੋਲ ਹੋਈਆਂ। ਇਸ ਸਬੰਧੀ ਮੋਰਿੰਡਾ ਦੇ ਐਸ.ਡੀ.ਐਮ. ਸ੍ਰੀ ਗੁਰਦੇਵ ਸਿੰਘ ਧੰਮ ਨੇ ਦੱਸਿਆ ਕਿ ਬਲਾਕ ਸੰਮਤੀ ਮੋਰਿੰਡਾ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਲਈ ਕੁੱਲ 118 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਲਗਭਗ 26 ਬੂਥਾਂ ਨੂੰ ਸੰਵੇਦਨਸ਼ੀਲ ਜਾਂ ਅਤਿ ਸੰਵੇਦਨਸ਼ੀਲ ਘੋਸ਼ਿਤ ਕੀਤਾ ਗਿਆ ਸੀ। ਵੋਟਿੰਗ ਦੌਰਾਨ ਛੋਟੀ-ਮੋਟੀ ਤਕਰਾਰ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ਦੀ ਕੋਈ ਜਾਣਕਾਰੀ ਨਹੀਂ ਮਿਲੀ। ਉਨਾ ਦੱਸਿਆ ਕਿ ਚੋਣਾਂ ਦੌਰਾਨ ਬਲਾਕ ਸੰਮਤੀ ਲਈ ਵੱਖ-ਵੱਖ ਪਾਰਟੀਆਂ ਦੇ 40 ਉਮੀਦਵਾਰ ਮੈਦਾਨ ਵਿੱਚ ਸਨ, ਜਿਨ੍ਹਾਂ ਵਿੱਚੋਂ 15 ਮੈਂਬਰ ਚੁਣੇ ਜਾਣੇ ਸਨ। ਇਸ ਲਈ ਕੁੱਲ 77,771 ਵੋਟਰਾਂ ਵੱਲੋਂ ਆਪਣੇ ਮਤਾਧਿਕਾਰ ਦਾ ਇਸਤੇਮਾਲ ਕੀਤਾ ਜਾਣਾ ਸੀ। ਅਧਿਕਾਰੀਆਂ ਅਨੁਸਾਰ ਸੰਵੇਦਨਸ਼ੀਲ ਬੂਥਾਂ ‘ਤੇ ਵਾਧੂ ਪੁਲਿਸ ਫੋਰਸ ਤੈਨਾਤ ਕੀਤੀ ਗਈ ਸਨ, ਤਾਂ ਜੋ ਚੋਣ ਪ੍ਰਕਿਰਿਆ ਨਿਰਪੱਖ ਅਤੇ ਡਰ-ਭੈ ਤੋਂ ਰਹਿਤ ਤਰੀਕੇ ਨਾਲ ਸੰਪੰਨ ਹੋ ਸਕੇ।

ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੀ ਪੂਰੀ ਮੁਸਤੈਦੀ ਦੇ ਚਲਦਿਆਂ ਇਲਾਕੇ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਰੂਪਨਗਰ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਦੀ ਅਗਵਾਈ ਹੇਠ ਪੁਲਿਸ ਅਧਿਕਾਰੀਆਂ ਵੱਲੋਂ ਹਰ ਪਾਸੇ ਪੈਨੀ ਨਜ਼ਰ ਰੱਖੀ ਗਈ। ਚੋਣਾਂ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੱਲੋਂ ਲਗਾਤਾਰ ਗਸ਼ਤ ਵੀ ਕੀਤੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਰੂਪਨਗਰ ਵਿੱਚ ਭਾਵੇਂ ਵੋਟਰਾਂ ਵਿੱਚ ਉਤਸ਼ਾਹ ਵੇਖਣ ਨੂੰ ਮਿਲਿਆ, ਪਰ ਵੋਟ ਪ੍ਰਤੀਸ਼ਤਤਾ ਉਮੀਦ ਮੁਤਾਬਕ ਕਾਫ਼ੀ ਹੌਲੀ ਰਹੀ। ਇਸ ਦੌਰਾਨ ਚੱਲਣ-ਫਿਰਣ ਤੋਂ ਅਸਮਰਥ ਵੋਟਰ ਵੀ ਉਤਸ਼ਾਹ ਨਾਲ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਦੇ ਨਜ਼ਰ ਆਏ।

ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਵੱਲੋਂ ਬਲਾਕ ਸੰਮਤੀ ਮੋਰਿੰਡਾ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਲਈ ਸਾਰੀਆਂ ਤਿਆਰੀਆਂ ਪਹਿਲਾਂ ਹੀ ਮੁਕੰਮਲ ਕਰ ਲਿਆਈਆਂ ਗਈਆਂ ਸਨ। ਇਸ ਦੌਰਾਨ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਬੂਥਾਂ ਦੀ ਪਹਿਚਾਣ ਵੀ ਕੀਤੀ ਗਈ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।