ਲੋਕਾਂ ਦੀ ਅਦਾਲਤ ‘ਚ ਵਿਰੋਧੀਆਂ ਦੀ ਕਰਾਰੀ ਹਾਰ, ਪੰਚਾਇਤ ਸੰਮਤੀ–ਜ਼ਿਲ੍ਹਾ ਪ੍ਰੀਸ਼ਦ ‘ਚ ਆਪ ਦੀ ਵੱਡੀ ਜਿੱਤ: ਗੋਇਲ

ਪੰਜਾਬ

ਲਹਿਰਾਗਾਗਾ, 18 ਦਸੰਬਰ: ਦੇਸ਼ ਕਲਿੱਕ ਬਿਊਰੋ –

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਭਰਪੂਰ ਜਿੱਤ ‘ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ ਆਪ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਇਮਾਨਦਾਰ ਕਾਰਗੁਜ਼ਾਰੀ ‘ਤੇ ਲੋਕਾਂ ਦੇ ਪੂਰੇ ਭਰੋਸੇ ਦੀ ਸਪਸ਼ਟ ਤਸਦੀਕ ਹਨ।

ਇਹ ਗੱਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਵਿਖੇ ਪਾਰਟੀ ਵਰਕਰਾਂ, ਸਮਰਥਕਾਂ ਅਤੇ ਆਮ ਲੋਕਾਂ ਵੱਲੋਂ ਉਹਨਾਂ ਦਾ ਸਨਮਾਨ ਕੀਤੇ ਜਾਣ ਮੌਕੇ ਆਖੀ। ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਕੁੱਲ 15 ਵਿੱਚੋਂ 12 ਸੀਟਾਂ ‘ਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ, ਜਿਨ੍ਹਾਂ ਵਿੱਚੋਂ 2 ਸੀਟਾਂ ‘ਤੇ ਉਮੀਦਵਾਰ ਨਿਰਵਿਰੋਧ ਚੁਣੇ ਗਏ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਟਾਂ ‘ਤੇ ਵੀ ਪਾਰਟੀ ਦੀ ਜਿੱਤ ਇਹ ਦਰਸਾਉਂਦੀ ਹੈ ਕਿ ਲੋਕਾਂ ਨੇ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸਾਫ਼-ਸੁਥਰੀ ਰਾਜਨੀਤੀ ਨੂੰ ਤਰਜੀਹ ਦਿੱਤੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕੇ ਵਿੱਚ ਕਾਂਗਰਸ, ਅਕਾਲੀ ਦਲ ਪੁਨਰ ਸੁਰਜੀਤ ਅਤੇ ਹੋਰ ਧਿਰਾਂ ਇਕੱਠੀਆਂ ਹੋ ਕੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਚੋਣ ਮੈਦਾਨ ਵਿੱਚ ਉਤਰੀਆਂ, ਪਰ ਲੋਕਾਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਚੱਲੀਆਂ ਗਈਆਂ ਹਰ ਕਿਸਮ ਦੀਆਂ ਚਾਲਾਂ ਲੋਕਾਂ ਦੀ ਸੂਝਬੂਝ ਅੱਗੇ ਅਸਫਲ ਸਾਬਤ ਹੋਈਆਂ।

ਉਨ੍ਹਾਂ ਨੇ ਕਿਹਾ ਕਿ ਇਹ ਜਿੱਤ ਆਪ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਪੀਣਯੋਗ ਪਾਣੀ, ਰੋਜ਼ਗਾਰ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਕੀਤੇ ਗਏ ਕੰਮਾਂ ‘ਤੇ ਲੋਕਾਂ ਦੀ ਮੋਹਰ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਿਰਫ਼ ਆਮ ਆਦਮੀ ਪਾਰਟੀ ਦੀ ਨਹੀਂ, ਸਗੋਂ ਆਮ ਲੋਕਾਂ ਦੀ ਜਿੱਤ ਹੈ।

ਇਸ ਇਤਿਹਾਸਕ ਜਿੱਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਲੋਕਾਂ ਵੱਲੋਂ ਵੱਡੇ ਪੱਧਰ ‘ਤੇ ਜਸ਼ਨ ਮਨਾਏ ਜਾ ਰਹੇ ਹਨ। ਪਾਰਟੀ ਵਰਕਰਾਂ ਸਮੇਤ ਆਮ ਨਾਗਰਿਕ ਵੀ ਆਪਣੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ।

ਅੰਤ ਵਿੱਚ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਸ਼ਵਾਸ ਦਿਵਾਇਆ ਕਿ ਨਵੀਂ ਬਣੀ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰਦਿਆਂ ਪਿੰਡਾਂ ਦੇ ਵਿਕਾਸ, ਬੁਨਿਆਦੀ ਸੁਵਿਧਾਵਾਂ ਦੇ ਵਿਸਥਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਪਹਿਲ ਦੇਵੇਗੀ।

ਉਨ੍ਹਾਂ ਨੇ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਭਰੋਸੇ ਨੂੰ ਕਦੇ ਟੁੱਟਣ ਨਹੀਂ ਦੇਵੇਗੀ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਹੋਰ ਵੀ ਜੋਸ਼ ਨਾਲ ਕੰਮ ਕਰਦੀ ਰਹੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।