- ਸਾਬਕਾ ਵਿਧਾਇਕ ਅਤੇ ਮੋਹਾਲੀ ਹਲਕਾ ਇੰਚਾਰਜ ਨੇ ਖਰੜ ਦੇ ਬਲਾਕ ਸੰਮਤੀ ਮੈਂਬਰਾਂ ਦਾ ਕੀਤਾ ਸਨਮਾਨ
ਜ਼ੀਰਕਪੁਰ, 3 ਜਨਵਰੀ: ਦੇਸ਼ ਕਲਿੱਕ ਬਿਊਰੋ
ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਪਾਰਟੀ ਵਰਕਰਾਂ ਨੂੰ ਮੌਜੂਦਾ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਜਵਾਬ ਦੇਣ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ ਹੈ। ਐਨ.ਕੇ. ਸ਼ਰਮਾ ਅੱਜ ਇੱਥੇ ਖਰੜ ਅਤੇ ਮਾਜਰੀ ਬਲਾਕਾਂ ਤੋਂ ਜਿੱਤ ਕੇ ਆਏ ਬਲਾਕ ਸੰਮਤੀ ਮੈਂਬਰਾਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਸੰਬੋਧਨ ਕਰ ਰਹੇ ਸਨ। ਐਨ.ਕੇ. ਸ਼ਰਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਹਾਲ ਹੀ ਵਿੱਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਰਕਾਰੀ ਮਸ਼ੀਨਰੀ ਦੀ ਮਦਦ ਨਾਲ ਲੜੀਆਂ ਹਨ। ਇਸ ਦੇ ਬਾਵਜੂਦ, ਖਰੜ ਵਿਧਾਨ ਸਭਾ ਹਲਕੇ ਵਿੱਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਨੇ ਭਵਿੱਖ ਦੇ ਸੰਕੇਤ ਦਿੱਤੇ ਹਨ। ਐਨ.ਕੇ. ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਨੇ ਇਹ ਚੋਣ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਲੜੀ। ਉਨ੍ਹਾਂ ਦੀ ਮਿਹਨਤ ਵਿਅਰਥ ਨਹੀਂ ਜਾਵੇਗੀ।
ਇਸ ਮੌਕੇ ਬੋਲਦਿਆਂ ਮੋਹਾਲੀ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਚੋਣ ਜਿੱਤਣ ਵਾਲੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਨੂੰ ਰਾਜਨੀਤਿਕ ਵਿਕਲਪ ਵਜੋਂ ਸਵੀਕਾਰ ਕਰ ਲਿਆ ਹੈ। ਅੱਜ ਪੰਜਾਬ ਦੇ ਲੋਕ ਅਕਾਲੀ ਦਲ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ। ਪਿਛਲੇ ਚਾਰ ਸਾਲਾਂ ਤੋਂ ਪੰਜਾਬ ਵਿੱਚ ਵਿਕਾਸ ਦੇ ਨਾਮ ‘ਤੇ ਸਿਰਫ਼ ਪ੍ਰਚਾਰ ਹੀ ਕੀਤਾ ਜਾ ਰਿਹਾ ਹੈ। ਜ਼ਮੀਨੀ ਹਕੀਕਤ ਇਸ ਤੋਂ ਬਹੁਤ ਦੂਰ ਹੈ।
ਅੱਜ ਦੇ ਪ੍ਰੋਗਰਾਮ ਦੌਰਾਨ ਦੋਵਾਂ ਸੀਨੀਅਰ ਆਗੂਆਂ ਨੇ ਵਰਕਰਾਂ ਤੋਂ ਭਵਿੱਖ ਦੀ ਰਣਨੀਤੀ ਬਾਰੇ ਫੀਡਬੈਕ ਵੀ ਲਈ। ਇਸ ਮੌਕੇ ਐਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਸੁਰਿੰਦਰ ਸਿੰਘ, ਹਰਜਿੰਦਰ ਸਿੰਘ ਬਲੌਂਗੀ, ਸ਼ਾਮ ਲਾਲ ਮਾਜਰੀ, ਹਰਜੀਤ ਸਿੰਘ ਪੰਨੂ, ਦਿਲਬਾਗ ਸਿੰਘ ਮੀਆਂਪੁਰ, ਜਸਵੀਰ ਸਿੰਘ ਜੱਸਾ ਭਾਗੋਮਾਜਰਾ, ਸਾਧੂ ਸਿੰਘ ਖਲੌਰ ਸਮੇਤ ਕਈ ਪਤਵੰਤੇ ਮੌਜੂਦ ਸਨ।




