‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜ੍ਹਾਅ 5 ਜਨਵਰੀ ਤੋਂ ਹੋਵੇਗਾ ਸ਼ੁਰੂ: ਤਰੁਨਪ੍ਰੀਤ ਸੌਂਦ

ਪੰਜਾਬ
  • ਮੋਹਾਲੀ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਫੀਲਡ ਸਟਾਫ਼ ਦੀ ਰਾਜ ਪੱਧਰੀ ਟ੍ਰੇਨਿੰਗ ਦੀ ਅਗਵਾਈ ਕੀਤੀ

ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ: ਦੇਸ਼ ਕਲਿੱਕ ਬਿਊਰੋ :

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਐਲਾਨ ਕੀਤਾ ਕਿ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ।

ਮੋਹਾਲੀ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ ਸਟਾਫ਼ ਦੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਮੰਤਰੀ ਨੇ ਕਿਹਾ ਕਿ ਮੁਹਿੰਮ ਦੇ ਪਹਿਲੇ ਚਰਨ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪੜਾਅ ਦੌਰਾਨ ਉਹ ਨੌਜਵਾਨ, ਜੋ ਕਦੇ ਨਸ਼ੇ ਦੇ ਸ਼ਿਕਾਰ ਸਨ ਅਤੇ ਇਲਾਜ ਤੋਂ ਬਾਅਦ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਚੁੱਕੇ ਹਨ, ਪ੍ਰੇਰਕ ਵਕਤਾ ਵਜੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ।

ਪੰਚਾਇਤ ਮੰਤਰੀ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਵਿੱਚ ਸਥਾਨਕ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ, ਤਾਂ ਜੋ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਨਤਾ ਵਿੱਚ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਹਿਲੇ ਪੜਾਅ ਦੌਰਾਨ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਗਿਆ ਹੈ ਅਤੇ ਬਾਕੀ ਦੋਸ਼ੀਆਂ ਖਿਲਾਫ਼ ਦੂਜੇ ਪੜਾਅ ਵਿੱਚ ਕਰੜੀ ਕਾਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਟ੍ਰੇਨਿੰਗ ਰਾਹੀਂ ਫੀਲਡ ਸਟਾਫ਼ ਦੀ ਸਮਰੱਥਾ ਵਧਾਉਣ, ਪੰਚਾਇਤਾਂ ਨੂੰ ਮਜ਼ਬੂਤ ਕਰਨ ਅਤੇ ਆਮਦਨੀ ਵਾਧੇ ਲਈ ਸਰੋਤਾਂ ਨੂੰ ਵਿਕਸਤ ਕਰਨ ‘ਤੇ ਵੀ ਖ਼ਾਸ ਧਿਆਨ ਦਿੱਤਾ ਗਿਆ ਹੈ। ਇਸ ਇੱਕ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਫੀਲਡ ਕਰਮਚਾਰੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।