ਅੰਮ੍ਰਿਤਸਰ, 6 ਜਨਵਰੀ: ਦੇਸ਼ ਕਲਿੱਕ ਬਿਊਰੋ:
ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਚਲਦੀਆਂ ਹਨ। ਭਾਜਪਾ ਤੇ ਅਕਾਲੀ ਆਗੂ ਕਈ ਵਾਰ ਗਠਜੋੜ ਸਬੰਧੀ ਬਿਆਨ ਦੇ ਚੁੱਕੇ ਹਨ। ਹੁਣ ਅੰਮ੍ਰਿਤਸਰ ਵਿਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਪੋਸਟਰ ਲਗਾਉਣ ਲਈ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਅੰਮ੍ਰਿਤਸਰ ਵਿਚ ਯੂਥ ਆਗੂ ਮਨਸੀਰਤ ਸਿੰਘ ਵੱਲੋਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਫਲੈਕਸ ਬੋਰਡ ਲਗਾ ਕੇ ਲੋਕਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ।
ਸਾਂਝੇ ਪੋਸਟਰਾਂ ਨੇ ਸ਼ਹਿਰ ਵਿਚ ਨਵੀਂ ਚਰਚਾ ਛੇੜ ਦਿੱਤੀ। ਲਗਾਏ ਗਏ ਫੈਲਕਸ ਬੋਰਡਾਂ ਉਤੇ ਭਾਜਪਾ ਅਤੇ ਅਕਾਲੀ ਆਗੂਆਂ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ। ਇਸ ਸਬੰਧੀ ਭਾਜਪਾ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਹਰਵਿੰਦਰ ਸੰਧੂ ਨਾਲ ਸਾਡੇ ਪੱਤਰਕਾਰ ਮੁਕੇਸ਼ ਮਹਿਰਾ ਨੇ ਗੱਲਬਾਤ ਕੀਤੀ ਤਾਂ ਉਨ੍ਹਾਂ ਇਸ ਦਾ ਖੰਡਨ ਕੀਤਾ। ਉਨ੍ਹਾਂ ਕਿਹਾ ਕਿ ਲਗਾਉਣ ਵਾਲਾ ਸਾਡਾ ਮੈਂਬਰ ਵੀ ਨਹੀਂ ਹੈ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਜਾਵੇਗੀ।



