— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਲੁਧਿਆਣਾ ਵਿੱਚ ਸਰਕਾਰੀ ਅਤੇ ਪ੍ਰਮੁੱਖ ਦਫ਼ਤਰਾਂ ਦੀ ਕੀਤੀ ਸੀ ਰੇਕੀ: ਡੀਜੀਪੀ ਗੌਰਵ ਯਾਦਵ
— ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ: ਏਆਈਜੀ ਐਸਐਸਓਸੀ ਡੀ ਸੁਧਰਵਿਜ਼ੀ
ਚੰਡੀਗੜ੍ਹ, 7 ਜਨਵਰੀ: ਦੇਸ਼ ਕਲਿੱਕ ਬਿਊਰੋ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅਗਵਾਈ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੇ ਤਾਲਮੇਲ ਨਾਲ, ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਮਿੱਥ ਕੇ ਕਤਲ ਦੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਦੋ ਲੁਧਿਆਣਾ-ਅਧਾਰਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਬੀਰ ਸਿੰਘ ਵਾਸੀ ਹੈਬੋਵਾਲ ਕਲਾਂ, ਲੁਧਿਆਣਾ ਅਤੇ ਅਵਤਾਰ ਸਿੰਘ ਵਾਸੀ ਨਿਊ ਸ਼ਿਮਲਾਪੁਰੀ, ਮਿਲਰਗੰਜ, ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮ ਅਵਤਾਰ ਸਿੰਘ ਅਪਰਾਧਿਕ ਪਿਛੋਕੜ ਵਾਲਾ ਹੈ ਅਤੇ ਇਸ ਵਿਰੁੱਧ ਅਸਲਾ ਐਕਟ ਅਤੇ ਆਈਪੀਸੀ ਐਕਟ ਤਹਿਤ ਕਈ ਮਾਮਲੇ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਖਾਲਿਸਤਾਨ ਕਮਾਂਡੋ ਫੋਰਸ (ਕੇਸੀਐਫ) ਨਾਲ ਜੁੜੇ ਯੂਕੇ ਅਤੇ ਜਰਮਨੀ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਕੱਟੜਪੰਥੀ ਵਿਚਾਰਧਾਰਾ ਨਾਲ ਜੁੜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਸਾਜ਼ਿਸ਼ ਦੇ ਹਿੱਸੇ ਵਜੋਂ ਲੁਧਿਆਣਾ ਵਿੱਚ ਸਰਕਾਰੀ ਅਤੇ ਪ੍ਰਮੁੱਖ ਦਫ਼ਤਰਾਂ ਦੀ ਰੇਕੀ ਕੀਤੀ ਸੀ।
ਡੀਜੀਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਕੁਝ ਹੋਰ ਪਛਾਣੇ ਗਏ ਵਿਅਕਤੀਆਂ ਨਾਲ ਸਬੰਧਤ ਜਾਣਕਾਰੀ ਇਕੱਠੀ ਕਰਨ ਅਤੇ ਜ਼ਮੀਨੀ ਪੱਧਰ ‘ਤੇ ਕਾਰਵਾਈ ਕਰਨ ਦਾ ਕੰਮ ਸੌਂਪਿਆ ਗਿਆ ਸੀ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਏਆਈਜੀ ਐਸਐਸਓਸੀ ਐਸਏਐਸ ਨਗਰ ਡੀ ਸੁਧਰਵਿਜ਼ੀ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਇਲਾਕੇ ਵਿੱਚ ਮਿੱਥ ਕੇ ਕਤਲ ਦੀ ਸਾਜ਼ਿਸ਼ ਰਚਣ ਬਾਰੇ ਮਿਲੀ ਭਰੋਸੇਯੋਗ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਐਸਐਸਓਸੀ ਐਸਏਐਸ ਨਗਰ ਦੀ ਇੱਕ ਸਾਂਝੀ ਟੀਮ ਨੇ ਸੀਆਈ ਲੁਧਿਆਣਾ ਦੇ ਨਾਲ ਮਿਲ ਕੇ ਇੱਕ ਆਪਰੇਸ਼ਨ ਚਲਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ, ਅਵਤਾਰ ਸਿੰਘ ਦੇ ਖੁਲਾਸੇ ‘ਤੇ, ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਏਆਈਜੀ ਨੇ ਦੱਸਿਆ ਕਿ ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਵੇਂ ਮੁਲਜ਼ਮ ਕੱਟੜਪੰਥੀ ਸਨ ਅਤੇ ਇਨ੍ਹਾਂ ਨੂੰ ਵਿਦੇਸ਼ੀ ਹੈਂਡਲਰਾਂ ਦੁਆਰਾ ਭਰਤੀ ਕਰਕੇ ਸੋਸ਼ਲ ਮੀਡੀਆ ‘ਤੇ ਕੱਟੜਪੰਥੀ ਸਮੱਗਰੀ ਸਾਂਝੀ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ, ਮਿਤੀ 05.01.2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113(5) ਅਤੇ 61(2) ਤਹਿਤ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਐਫਆਈਆਰ ਨੰਬਰ 1 ਦਰਜ ਕੀਤੀ ਗਈ ਹੈ।



