ਧੀ ਦਾ ਜਨਮ ਹੁਣ ਤਿਉਹਾਰ ਹੈ—ਇਹੀ ਸਮਾਜਿਕ ਬਦਲਾਅ ਦੀ ਅਸਲ ਨਿਸ਼ਾਨੀ: ਡਾ. ਬਲਜੀਤ ਕੌਰ
ਚੰਡੀਗੜ੍ਹ/ਜਲੰਧਰ, 11 ਜਨਵਰੀ : ਦੇਸ਼ ਕਲਿੱਕ ਬਿਊਰੋ:
ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ।
ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਅਤੇ ਪੰਜਾਬ ਐਗਰੀ ਫੂਡ ਕਾਰਪੋਰੇਸ਼ਨ ਲਿਮਿਟੇਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਧੀ ਬਚਾਓ–ਬੇਟੀ ਪੜ੍ਹਾਓ ਦੇ ਸੰਦੇਸ਼ ਨੂੰ ਸਮਾਜ ਤੱਕ ਹੋਰ ਮਜ਼ਬੂਤੀ ਨਾਲ ਪਹੁੰਚਾਇਆ।
ਇਸ ਮੌਕੇ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ 5100 ਨਵਜੰਮੀਆਂ ਧੀਆਂ ਦੀ ਲੋਹੜੀ ਮਨਾਉਣਾ ਸਮਾਜ ਵਿੱਚ ਧੀ ਪ੍ਰਤੀ ਬਦਲ ਰਹੀ ਸਕਾਰਾਤਮਕ ਸੋਚ ਦਾ ਸਪੱਸ਼ਟ ਪ੍ਰਤੀਕ ਹੈ। ਉਨ੍ਹਾਂ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਧੀ ਦੇ ਜਨਮ ਨੂੰ ਤਿਉਹਾਰ ਵਜੋਂ ਮਨਾਉਣਾ ਬਦਲ ਰਹੀ ਸਮਾਜਿਕ ਸੋਚ ਦੀ ਅਸਲ ਨਿਸ਼ਾਨੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੱਚੀਆਂ ਦੀ ਸੁਰੱਖਿਆ, ਸਿੱਖਿਆ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਕਈ ਲੋਕ-ਹਿੱਤੈਸ਼ੀ ਯੋਜਨਾਵਾਂ ਲਾਗੂ ਕਰ ਰਹੀ ਹੈ, ਤਾਂ ਜੋ ਹਰ ਧੀ ਨੂੰ ਇੱਜ਼ਤ, ਬਰਾਬਰੀ ਅਤੇ ਅੱਗੇ ਵਧਣ ਦੇ ਸਮਾਨ ਮੌਕੇ ਮਿਲ ਸਕਣ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਉਪਰਾਲਿਆਂ ਦੇ ਨਾਲ-ਨਾਲ ਸਮਾਜਿਕ ਸੰਸਥਾਵਾਂ ਅਤੇ ਪਿੰਡ ਪੱਧਰ ’ਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਹੀ ਧੀ ਬਚਾਓ ਅਭਿਆਨ ਨੂੰ ਕਾਮਯਾਬ ਬਣਾ ਸਕਦੀ ਹੈ। ਇਸ ਤਰ੍ਹਾਂ ਦੇ ਸਮੂਹਿਕ ਸਮਾਗਮ ਨਵੀਂ ਪੀੜ੍ਹੀ ਵਿੱਚ ਸਮਾਨਤਾ, ਸਨਮਾਨ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਉਪਰਾਲੇ ਲਈ ਜੋਹਲ ਫਾਰਮ ਸੇਵਾ ਸੁਸਾਇਟੀ ਅਤੇ ਸਮਾਗਮ ਨਾਲ ਜੁੜੇ ਹੋਰ ਸਹਿਯੋਗੀਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਸਮਾਜਿਕ ਉਪਰਾਲੇ ਧੀ ਪ੍ਰਤੀ ਸਕਾਰਾਤਮਕ ਮਾਹੌਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।



