ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧ ਮੁਕੰਮਲ : ਸਿਹਤ ਮੰਤਰੀ

ਪੰਜਾਬ
  • ਸੂਬੇ ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਰਜਿਸਟ੍ਰੇਸ਼ਨ 22 ਜਨਵਰੀ ਤੋਂ
  • ਸੂਬੇ ਭਰ ਵਿੱਚ 650 ਨਿੱਜੀ ਹਸਪਤਾਲ ਸੂਚੀਬੱਧ
  • ਆਯੁਸ਼ਮਾਨ ਲਾਭਪਾਤਰੀਆਂ ਨੂੰ ਵੀ ਮਿਲੇਗਾ ਵਾਧੂ 5 ਲੱਖ ਰੁਪਏ ਦਾ ਇਲਾਜ ਬੀਮਾ ਕਵਰ

ਸੰਗਰੂਰ, 13 ਜਨਵਰੀ: ਦੇਸ਼ ਕਲਿੱਕ ਬਿਊਰੋ:

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸੂਬੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਸਮੀ ਸ਼ੁਰੂਆਤ 22 ਜਨਵਰੀ ਤੋਂ ਕੀਤੀ ਜਾਵੇਗੀ, ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਰੱਖਣ ਵਾਲੇ ਸਾਰੇ ਨਿਵਾਸੀ ਇਸ ਯੋਜਨਾ ਦੇ ਲਾਭਪਾਤਰੀ ਹੋਣਗੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ 650 ਦੇ ਕਰੀਬ ਨਿੱਜੀ ਹਸਪਤਾਲਾਂ ਅਤੇ ਸਾਰੇ ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਯੋਜਨਾ ਤਹਿਤ ਸੂਚੀਬੱਧ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ 207 ਰਜਿਸਟ੍ਰੇਸ਼ਨ ਸਥਾਨ ਨਿਰਧਾਰਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕਾਮਨ ਸਰਵਿਸ ਸੈਂਟਰ ਸ਼ਾਮਲ ਹਨ।

ਉਹਨਾਂ ਕਿਹਾ ਕਿ ਰਜਿਸਟ੍ਰੇਸ਼ਨ ਲਈ ਯੂਥ ਡਿਵੈਲਪਮੈਂਟ ਬੋਰਡ ਦੇ ਸਿਹਤ ਮਿੱਤਰਾ ਹਰੇਕ ਘਰ ਵਿੱਚ ਨਿੱਜੀ ਤੌਰ ਉੱਤੇ ਜਾਣਗੇ। ਹਰੇਕ ਪਰਿਵਾਰ ਨੂੰ ਇਕ ਰਜਿਸਟ੍ਰੇਸ਼ਨ ਸਲਿੱਪ ਦਿੱਤੀ ਜਾਵੇਗੀ। ਜਿਸ ਉੱਤੇ ਰਜਿਸਟ੍ਰੇਸ਼ਨ ਕਰਵਾਉਣ ਲਈ ਦਿਨ, ਸਮਾਂ ਅਤੇ ਸਥਾਨ ਦੱਸਿਆ ਜਾਵੇਗਾ। ਨਿਰਧਾਰਤ ਸਮੇਂ ਅਨੁਸਾਰ ਕਾਮਨ ਸਰਵਿਸ ਸੈਂਟਰ ਜਾ ਕੇ ਰਜਿਸਟ੍ਰੇਸ਼ਨ ਕਾਰਵਾਈ ਜਾ ਸਕੇਗੀ। ਰਜਿਸਟ੍ਰੇਸ਼ਨ ਮੁਕੰਮਲ ਹੋਣ ਉੱਤੇ ਇੱਕ ਰਸੀਦ ਦਿੱਤੀ ਜਾਵੇਗੀ ਜਿਸ ਦਾ ਭਾਵ ਹੋਵੇਗਾ ਕਿ ਤੁਸੀਂ ਇਲਾਜ ਲਈ ਯੋਗ ਹੋ ਚੁੱਕੇ ਹੋ। 2 ਜਾਂ 3 ਹਫ਼ਤੇ ਵਿੱਚ ਕਾਰਡ ਵੀ ਬਣ ਕੇ ਆ ਜਾਣਗੇ।

ਉਨ੍ਹਾਂ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੀ ਸਕੀਮ ਤਹਿਤ ਵਾਧੂ 5 ਲੱਖ ਰੁਪਏ ਦਾ ਸਿਹਤ ਕਵਰ ਦਿੱਤਾ ਜਾਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ। ਜ਼ਿਲ੍ਹਾ ਸੰਗਰੂਰ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜਦਕਿ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਦਫ਼ਤਰਾਂ ਵਿੱਚ ਤਾਇਨਾਤ ਸਾਰੇ ਡਿਪਟੀ ਮੈਡੀਕਲ ਕਮਿਸ਼ਨਰ ਨੋਡਲ ਅਫ਼ਸਰ ਹੋਣਗੇ।

ਉਨ੍ਹਾਂ ਨੇ ਹਦਾਇਤ ਦਿੱਤੀ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਸੁਚਾਰੂ ਹੋਵੇ ਅਤੇ ਲਾਭਪਾਤਰੀਆਂ ਨੂੰ ਪੂਰੀ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਵੱਧ ਤੋਂ ਵੱਧ ਪਰਿਵਾਰ ਇਸ ਇਤਿਹਾਸਕ ਯੋਜਨਾ ਦਾ ਲਾਭ ਲੈ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾਕਟਰ ਅੰਕੁਰ ਮੋਹਿੰਦਰੂ, ਸਹਾਇਕ ਕਮਿਸ਼ਨਰ ਸ੍ਰ ਕ੍ਰਿਪਾਲ ਵੀਰ ਸਿੰਘ, ਸਿਵਲ ਸਰਜਨ ਡਾ. ਅਮਰਜੀਤ ਕੌਰ, ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀ ਸ਼ਾਮ ਸਿੰਗਲਾ, ਕੋਆਰਡੀਨੇਟਰ ਸ਼੍ਰੀ ਲਵਦੀਪ ਸ਼ਰਮਾ ਅਤੇ ਹੋਰ ਵੀ ਕਈ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।