- 90 ਹਜ਼ਾਰ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ
- ਪੰਜਾਬ ਪੁਲਿਸ ਨੇ ਸੂਬੇ ਭਰ ’ਚ 831 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ; 200 ਐਫਆਈਆਰਜ਼ ਦਰਜ, 227 ਗ੍ਰਿਫ਼ਤਾਰ
- 1 ਮਾਰਚ, 2025 ਤੋਂ ਪੰਜਾਬ ਪੁਲਿਸ ਨੇ 1961 ਕਿਲੋ ਹੈਰੋਇਨ, 607 ਕਿਲੋ ਅਫੀਮ ਅਤੇ 15.4 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
- ‘ਸੇਫ ਪੰਜਾਬ’ ਨਸ਼ਾ ਵਿਰੋਧੀ ਚੈਟਬੋਟ ’ਤੇ ਲੋਕਾਂ ਤੋਂ ਮਿਲੀ ਜਾਣਕਾਰੀ ਤੋਂ ਬਾਅਦ 11 ਹਜ਼ਾਰ ਤੋਂ ਵੱਧ ਐਫਆਈਆਰਜ਼ ਕੀਤੀਆਂ ਦਰਜ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ, 17 ਜਨਵਰੀ: ਦੇਸ਼ ਕਲਿੱਕ ਬਿਊਰੋ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਸਫ਼ਲਤਾਪੂਰਵਕ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ ਯੁੱਧ ਨਸ਼ਿਆਂ ਵਿਰੁੱਧ’ ਦੇ 322ਵੇਂ ਦਿਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ – ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ – ’ਤੇ ਇੱਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ ।
ਇਹ ਤਲਾਸ਼ੀ ਅਭਿਆਨ (ਕਾਸੋ) ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲਿ੍ਹਆਂ ਵਿੱਚ ਤਾਇਨਾਤ ਕੀਤਾ ਗਿਆ ਸੀ।
ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਰਾਜ ਭਰ ਦੇ 831 ਡਰੱਗ ਹੌਟਸਪੌਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਦੇ ਨਤੀਜੇ ਵਜੋਂ 227 ਡਰੱਗ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 200 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 745 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 550 ਗ੍ਰਾਮ ਗਾਂਜਾ, 4935 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8750 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਮੋਹਾਲੀ ਵਿੱਚ ਡਰੱਗ ਹੌਟਸਪੌਟਸ ’ਤੇ ਕੀਤੀ ਇਸ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਦੌਰੇ ’ਤੇ ਸਨ, ਨੇ ਕਿਹਾ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਰਾਜ ਭਰ ਵਿੱਚ 45,028 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 31,370 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1961 ਕਿਲੋ ਹੈਰੋਇਨ, 607 ਕਿਲੋ ਅਫੀਮ, 27.5 ਕੁਇੰਟਲ ਭੁੱਕੀ, 47.57 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 28 ਕਿਲੋਗ੍ਰਾਮ ਆਈ.ਸੀ.ਈ. ਅਤੇ 15.4 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ।
ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ 45000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਪੰਜਾਬ ਪੁਲਿਸ ਨੇ ਰੋਕਥਾਮ ਦੇ ਹਿੱਸੇ ਵਜੋਂ ਰਾਜ ਭਰ ਵਿੱਚ 90,000 ਤੋਂ ਵੱਧ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਜਾਂ ਓਓਏਟੀ ਕੇਂਦਰਾਂ ਵਿੱਚ ਇਲਾਜ ਲਈ ਭੇਜਿਆ ਹੈ । ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਸੇਫ਼ ਪੰਜਾਬ’ ਐਂਟੀ-ਡਰੱਗ ਵਟਸਐਪ ਚੈਟਬੋਟ – 97791-00200 – ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਵਿੱਚ ਆਮ ਲੋਕਾਂ ਦੇ ਸੁਝਾਵਾਂ ਤੋਂ ਬਾਅਦ 11,591 ਤੋਂ ਵੱਧ ਐਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਹੋਰ ਲੋਕਾਂ ਨੂੰ ਸੇਫ਼ ਪੰਜਾਬ ਹੈਲਪਲਾਈਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੀ ਕਿਹਾ ਤਾਂ ਜੋ ਨਾਗਰਿਕਾਂ ਦੀ ਪਛਾਣ ਗੁਪਤ ਰੱਖਦਿਆਂ ਉਨ੍ਹਾਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ’ਤੇ ਨਸ਼ਿਆਂ ਅਤੇ ਨਸ਼ਾ ਕਾਰੋਬਾਰੀਆਂ ਨੂੰ ਨੱਥ ਪਾਈ ਜਾ ਸਕੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।



