- ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਦਾ ਉਦੇਸ਼ ਗੈਂਗਸਟਰਵਾਦ ਨੂੰ ਜੜ੍ਹੋਂ ਖਤਮ ਕਰਨਾ : ਡੀਜੀਪੀ ਗੌਰਵ ਯਾਦਵ
- 72 ਘੰਟੇ ਚੱਲੇਗਾ ਆਪ੍ਰੇੇਸ਼ਨ ਪ੍ਰਹਾਰ ; 2000 ਤੋਂ ਵੱਧ ਪੁਲਿਸ ਟੀਮਾਂ 60 ਵੱਲੋਂ ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਟਿਕਾਣਿਆਂ ’ਤੇ ਕੀਤੀ ਜਾ ਰਹੀ ਹੈ ਛਾਪੇਮਾਰੀ: : ਡੀਜੀਪੀ ਗੌਰਵ ਯਾਦਵ
- ਗੈਂਗਸਟਰਾਂ ਦੀ ਹਵਾਲਗੀ ਵਿੱਚ ਤੇਜ਼ੀ ਲਿਆਉਣ ਲਈ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ ਕੀਤਾ ਸਥਾਪਤ: ਡੀਜੀਪੀ ਗੌਰਵ ਯਾਦਵ
- ਡੀਜੀਪੀ ਪੰਜਾਬ ਨੇ ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੀ ਕੀਤੀ ਸ਼ੁਰੂ; ਜਿਸ ਰਾਹੀਂ ਲੋਕ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਸਬੰਧੀ ਜਾਣਕਾਰੀ
- ਪੰਜਾਬ ਪੁਲਿਸ ਦਾ ਗੁੰਮਰਾਹ ਨੌਜਵਾਨਾਂ ਨੂੰ ਸਪੱਸ਼ਟ ਸੁਨੇਹਾ ਮੁੱਖ ਧਾਰਾ ਵਿੱਚ ਵਾਪਸ ਆਓ ਨਹੀਂ ਤਾਂ ਕਾਨੂੰਨ ਦਾ ਸਾਹਮਣਾ ਕਰਨ ਲਈ ਤਿਆਰ ਰਹੋ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 20 ਜਨਵਰੀ: ਦੇਸ਼ ਕਲਿੱਕ ਬਿਊਰੋ:
ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਪੁਰਜ਼ੋਰ ਸਫ਼ਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਆਰੰਭ ਦਿੱਤੀ ਹੈ।
ਇਸ ਜੰਗ ਦਾ ਐਲਾਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ 12000 ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਪੁਲਿਸ ਟੀਮਾਂ 60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ 72 ਘੰਟੇ ਚਲਾਏ ਜਾ ਰਹੇ ‘ਆਪ੍ਰੇਸ਼ਨ ਪ੍ਰਹਾਰ’ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ।
ਅੱਜ ਇੱਥੇ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ (ਪੀਪੀਓਆਈ) ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਜਿਨ੍ਹਾ ਦੇ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਅਤੇ ਆਈਜੀਪੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ , ਨੇ ਗੈਂਗਸਟਰਵਾਦ ਅਤੇ ਇਸਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਇਆ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਇੱਕ ਸੁਚੱਜੀ ਤੇ ਰਣਨੀਤੀਬੱਧ ਜੰਗ ਦਾ ਐਲਾਨ ਕੀਤਾ ਹੈ ਜਿਸਦਾ ਉਦੇਸ਼ ਗੈਂਗਸਟਰਵਾਦ ਦੇ ਪੂਰੇ ਵਾਤਾਵਰਣ- ਜਿਸ ਵਿੱਚ ਉਨ੍ਹਾਂ ਦੀ ਵਿੱਤ, ਲੌਜਿਸਟਿਕਸ, ਛੁਪਣਗਾਹਾਂ, ਹਥਿਆਰ ਸਪਲਾਈ ਚੇਨ ਅਤੇ ਸੰਚਾਰ ਨੈਟਵਰਕ ਸ਼ਾਮਲ ਹੈ, ਨੂੰ ਤਹਿਸ ਨਹਿਸ ਕਰਨਾ ਹੈ।
ਉਨ੍ਹਾਂ ਨੇ ਵਿਦੇਸ਼ੀ ਗੈਂਗਸਟਰਾਂ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਉਹ ਵਿਦੇਸ਼ਾਂ ਵਿੱਚ ਸੁਰੱਖਿਅਤ ਮਹਿਸੂਸ ਨਾ ਕਰਨ, ਜਲਦੀ ਹੀ ਉਨ੍ਹਾਂ ਨੂੰ ਕਾਨੂੰਨੀ ਦਾ ਸਾਹਮਣਾ ਕਰਨ ਲਈ ਪੰਜਾਬ ਲਿਆਂਦਾ ਜਾਵੇਗਾ।
ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 60 ਅਜਿਹੇ ਗੈਂਗਸਟਰਾਂ ਦੀ ਪਛਾਣ ਕੀਤੀ ਹੈ, ਜੋ ਵਿਦੇਸ਼ਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਰਾਹੀਂ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਕਿਹਾ, ‘‘ਇਨ੍ਹਾਂ ਵਿਦੇਸ਼ੀ ਗੈਂਗਸਟਰਾਂ ਦੀ ਹਵਾਲਗੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ, ਡੀਆਈਜੀ ਕਾਊਂਟਰ ਇੰਟੈਲੀਜੈਂਸ ਆਸ਼ੀਸ਼ ਚੌਧਰੀ ਦੀ ਅਗਵਾਈ ਵਿੱਚ ਇੱਕ ਓਵਰਸੀਜ਼ ਫਿਊਜੀਟਿਵ ਟ੍ਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓਐਫਟੀਈਸੀ) ਸਥਾਪਤ ਕੀਤਾ ਗਿਆ ਹੈ ਅਤੇ ਜਲਦੀ ਹੀ ਅਜਿਹੇ ਵਿਦੇਸ਼ੀ ਗੈਂਗਸਟਰਾਂ ਨੂੰ ਕਾਨੂੰਨ ਦਾ ਸਾਹਮਣਾ ਕਰਨ ਲਈ ਪੰਜਾਬ ਲਿਆਂਦਾ ਜਾਵੇਗਾ’’।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ 60 ਵਿਦੇਸ਼ ਅਧਾਰਤ ਪਛਾਣੇ ਗਏ ਗੈਂਗਸਟਰਾਂ ਵਿਚੋਂ 23 ਨੂੰ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤੇ ਗਏ ਹਨ ਜਾਂ ਕੀਤੇ ਜਾ ਰਹੇ ਹਨ। ਜਦੋਂ ਕਿ ਬਾਕੀ 37 ਗੈਂਗਸਟਰਾਂ ਲਈ ਆਰਸੀਐਨਜ਼ ਜਾਰੀ ਕਰਨ ਦੀ ਪ੍ਰਕਿਰਿਆ ਸਮਾਂਬੱਧ ਢੰਗ ਨਾਲ 3 ਮਹੀਨਿਆਂ ਵਿੱਚ ਪੂਰੀ ਕਰ ਲਈ ਜਾਵੇਗੀ।
ਡੀਜੀਪੀ ਨੇ ਗੁੰਮਰਾਹ ਨੌਜਵਾਨਾਂ ਨੂੰ ਅਪਰਾਧ ਦਾ ਰਸਤਾ ਛੱਡਕੇ ਮੁੱਖ ਧਾਰਾ ਵਿੱਚ ਵਾਪਸ ਪਰਤਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ,‘‘ ਮੈਂ ਗੁੰਮਰਾਹ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਥੋੜ੍ਹੇ ਜਿਹੇ ਪੈਸਿਆਂ ਦੇ ਲਾਲਚ ਵਿੱਚ ਵਿਦੇਸ਼ੀ ਗੈਂਗਸਟਰਾਂ ਦੇ ਬਹਿਕਾਵੇ ਵਿੱਚ ਨਾ ਆਉਣ ਕਿਉਂਕਿ ਜੋ ਖੁਦ ਵਿਦੇਸ਼ਾਂ ਵਿੱਚ ਪਨਾਹ ਲੈ ਕੇ ਬੈਠੇ ਹਨ, ਉਹ ਤੁਹਾਡੇ ਖ਼ੈਰ-ਖੁਆਹ ਨਹੀਂ ਹੋ ਸਕਦੇ ।’’ ਉਨ੍ਹਾਂ ਇਹ ਵੀ ਚੇਤਵਾਨੀ ਦਿੱਤੀ ਕਿ ਜੋ ਨੌਜਵਾਨ ਅਪਰਾਧ ਦਾ ਇਹ ਰਸਤਾ ਨਹੀਂ ਛੱਡਣਗੇ ਉਹ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ।
ਇਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ – 93946-93946 ਵੀ ਸ਼ੁਰੂ ਕੀਤਾ, ਜਿੱਥੇ ਲੋਕ ਅਪਰਾਧੀਆਂ/ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਵੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਦਿੱਤੀ ਗੈਂਗਸਟਰਾਂ ਦੀ ਸੂਚਨਾ ਦੇ ਅਧਾਰ ਤੇ ਜੇਕਰ ਕੋਈ ਗ੍ਰਿਫਤਾਰੀ ਹੁੰਦੀ ਹੈ ਤਾਂ 10 ਲੱਖ ਰੁਪਏ ਤੱਕ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨਾਮ ਨੀਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸ ਲਈ 10 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ । ਇਸ ਨੀਤੀ ਤਹਿਤ, ਐਸਐਸਪੀਜ਼ ਨੂੰ 1 ਲੱਖ ਰੁਪਏ ਤੱਕ, ਸੀਪੀਜ਼/ਡੀਆਈਜੀਜ਼ ਰੇਂਜਜ਼ ਨੂੰ 1.5 ਲੱਖ ਰੁਪਏ ਤੱਕ, ਵਿੰਗ ਹੈੱਡਜ਼ ਨੂੰ 2 ਲੱਖ ਰੁਪਏ ਤੱਕ ਦੇ ਇਨਾਮ ਦੇਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਡੀਜੀਪੀ ਪੰਜਾਬ 2 ਲੱਖ ਰੁਪਏ ਤੋਂ ਵੱਧ ਦੇ ਇਨਾਮ ਮਨਜੂਰ ਕਰ ਸਕਦਾਾ। ਇਹ ਇਨਾਮ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਦੀ ਸਹਾਇਤਾ ਜਾਂ ਜਾਣਕਾਰੀ ਨਾਲ ਗ੍ਰਿਫ਼ਤਾਰੀਆਂ ਵਿੱਚ ਮਦਦ ਮਿਲੀ ਹੋਵੇ ਜਾਂ ਉਨ੍ਹਾਂ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤਾ ਜਾਵੇੇਗਾ ਜੋ ਐਨਡੀਪੀਐਸ ਐਕਟ ਅਧੀਨ ਜਾਂ ਗੈਂਗਸਟਰਾਂ ਵਿਰੁੱਧ ਅਸਾਧਾਰਨ ਕਾਰਵਾਈਆਂ ਕਰਨਗੇ।



