ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ *ਚੰਡੀਗੜ੍ਹ, 20 ਜਨਵਰੀ:

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ  ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਫੋਕਲ ਪੁਆਇੰਟ ਲੁਧਿਆਣਾ ਦੇ ਪਿੰਡ ਜਮਾਲਪੁਰ ਅਵਾਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ਤੇ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸੀਵਰਮੈਨ ਨੇ ਸ਼ਿਕਾਇਤਕਰਤਾ ਨੂੰ ਨਗਰ ਨਿਗਮ ਲੁਧਿਆਣਾ ਵਿੱਚ ਸੀਵਰਮੈਨ ਵਜੋਂ ਭਰਤੀ ਕਰਵਾਉਣ ਬਦਲੇ 150000 ਰੁਪਏ ਦੀ ਰਿਸ਼ਵਤ ਤਿੰਨ ਕਿਸ਼ਤਾਂ ਵਿੱਚ ਲਈ ਸੀ।

 ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਦੇ ਪੈਸੇ ਲੈਣ ਸਮੇਂ ਦੀ ਵੀਡੀਓ ਰਿਕਾਰਡ ਕਰ ਲਈ ਸੀ। ਜ਼ਿਕਰਯੋਗ ਹੈ ਕਿ ਮੁਲਜ਼ਮ ਬਹਾਦਰ ਸਿੰਘ ਨੇ ਸ਼ਿਕਾਇਤਕਰਤਾ ਤੋਂ ਢਾਈ ਸਾਲ ਸੀਵਰੇਜ ਦੀ ਸਫਾਈ ਦਾ ਕੰਮ ਵੀ ਕਰਵਾਉਂਦਾ ਰਿਹਾ ਪਰ  ਉਸਨੂੰ ਇਸ ਕੱਮ ਲਈ ਕੋਈ ਤਨਖਾਹ ਨਹੀਂ ਦਿੱਤੀ ਗਈ।

 ਬੁਲਾਰੇ ਨੇ ਅੱਗੇ ਕਿਹਾ ਕਿ ਜੇਕਰ ਜਾਂਚ ਦੌਰਾਨ ਇਸ ਮਾਮਲੇ ਵਿਚ ਨਗਰ ਨਿਗਮ ਲੁਧਿਆਣਾ ਦੇ ਕਿਸੇ ਹੋਰ ਅਧਿਕਾਰੀ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਤਫਤੀਸ਼ ਦੌਰਾਨ ਉਕਤ ਦੋਸ਼ ਸਹੀ ਪਾਏ ਗਏ ਹਨ। ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ  ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ  ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।