- ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ
- ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਂਗਣਵਾੜੀਆਂ, ਪਲੇਅ-ਵੇਅ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਇੱਕੋ ਜਿਹਾ ਪਾਠਕ੍ਰਮ ਕੀਤਾ ਜਾਵੇਗਾ ਲਾਗੂ: ਡਾ. ਬਲਜੀਤ ਕੌਰ
- ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਮੁੱਢਲੀ ਸਿੱਖਿਆ ਨੂੰ ਤਰਜੀਹ ਕਿਉਂਕਿ 6 ਸਾਲ ਦੀ ਉਮਰ ਤੋਂ ਪਹਿਲਾਂ ਹੁੰਦਾ 90 ਫੀਸਦੀ ਦਿਮਾਗੀ ਵਿਕਾਸ: ਡਾ. ਬਲਜੀਤ ਕੌਰ
- ਮਿਸ਼ਨ ਆਰੰਭ ਤਹਿਤ ਪੰਜਾਬ ਸਰਕਾਰ ਨੇ ਮਾਪਿਆਂ ਨੂੰ ਸਿੱਧੇ ਤੌਰ ’ਤੇ ਬੱਚਿਆਂ ਦੀ ਰੋਜ਼ਾਨਾ ਸਿੱਖਣ ਪ੍ਰਕਿਰਿਆ ਨਾਲ ਜੋੜਿਆ : ਡਾ. ਬਲਜੀਤ ਕੌਰ
- 1000 ਆਧੁਨਿਕ ਆਂਗਣਵਾੜੀ ਕੇਂਦਰਾਂ ਵਿੱਚੋਂ 700 ਮੁਕੰਮਲ; 100 ਕਰੋੜ ਰੁਪਏ ਦੀ ਲਾਗਤ ਨਾਲ ਜਲਦੀ ਹੀ ਤਿਆਰ ਹੋ ਜਾਣਗੇ ਇਹ ਕੇਂਦਰ : ਡਾ. ਬਲਜੀਤ ਕੌਰ
ਚੰਡੀਗੜ੍ਹ, 21 ਜਨਵਰੀ: ਦੇਸ਼ ਕਲਿੱਕ ਬਿਊਰੋ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਕਰਵਾਈ ਮੀਡੀਆ ਕਾਨਫਰੰਸ ਦੌਰਾਨ ਪਲੇਅ-ਵੇਅ ਸਕੂਲਾਂ ਲਈ ਇੱਕ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਸ਼ੁਰੂ ਕਰਨ ਦਾ ਐਲਾਨ ਕੀਤਾ।
ਮੀਡੀਆ ਨੂੰ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ ਪੰਜਾਬ ਵਿੱਚ ਚੱਲ ਰਹੇ ਸਾਰੇ ਪਲੇਅ-ਵੇਅ ਸਕੂਲਾਂ ਸਮੇਤ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਾਲੇ ਨਿੱਜੀ ਸਕੂਲਾਂ ਨੂੰ ਇਸ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਨੀ ਲਾਜ਼ਮੀ ਹੋਵੇਗੀ। ਇਹ ਕਦਮ ਬੱਚਿਆਂ ਦੀ ਸਿੱਖਿਆ, ਸੁਰੱਖਿਆ ਅਤੇ ਸਮੁੱਚੇ ਵਿਕਾਸ ਦੀ ਪ੍ਰਭਾਵੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।’’
ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਇੱਕ’ੋ ਤਰ੍ਹਾਂ ਦਾ ਪਾਠਕ੍ਰਮ ਤਿਆਰ ਕੀਤਾ ਜਾ ਰਿਹਾ ਹੈ, ਜਿਸਨੂੰ ਆਂਗਣਵਾੜੀ ਕੇਂਦਰਾਂ, ਪਲੇਅ-ਵੇਅ ਸਕੂਲਾਂ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਮੰਤਰੀ ਨੇ ਕਿਹਾ,“ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਦੀ ਸਿਖਲਾਈ ਫਰਵਰੀ ਦੇ ਅੱਧ ਤੱਕ ਪੂਰੀ ਹੋ ਜਾਵੇਗੀ। ਬੱਚਿਆਂ ’ਤੇ ਕਿਤਾਬਾਂ ਦਾ ਬੋਝ ਪਾਉਣ ਦੀ ਬਜਾਏ, ਖੇਡ-ਅਧਾਰਤ ਅਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਸਿੱਖਿਆ ਦਿੱਤੀ ਜਾਵੇਗੀ,”।
ਨਿੱਕੀ ਉਮਰ ਦੇ ਬੱਚਿਆਂ ’ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਦਰਸਾਉਂਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਇੱਕ ਬੱਚੇ ਦਾ ਲਗਭਗ 90 ਫੀਸਦੀ ਦਿਮਾਗੀ ਵਿਕਾਸ 0-6 ਸਾਲ ਦੀ ਉਮਰ ਦੌਰਾਨ ਹੁੰਦਾ ਹੈ। ਇਸ ਲਈ ਇਸ ਅਹਿਮ ਸਮੇਂ ਦੌਰਾਨ ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਸਹੀ ਪੋਸ਼ਣ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।’’
ਉਨ੍ਹਾਂ ਅੱਗੇ ਕਿਹਾ ਕਿ ਮਿਸ਼ਨ ਆਰੰਭ ਤਹਿਤ, ਮਾਪਿਆਂ ਨੂੰ ਆਪਣੇ ਬੱਚਿਆਂ ਦੀ ਰੋਜ਼ਾਨਾ ਸਿੱਖਣ ਪ੍ਰਕਿਰਿਆ ਨਾਲ ਸਰਗਰਮੀ ਨਾਲ ਜੋੜਿਆ ਗਿਆ ਹੈ। “ਡਿਜੀਟਲ ਸਮੱਗਰੀ ਸਾਂਝੀ ਕਰਕੇ ਬੱਚਿਆਂ ਨੂੰ ਘਰ ਵਿੱਚ ਆਪਣੇ ਮਾਪਿਆਂ ਨਾਲ ਰਹਿੰਦਿਆਂ ਸਿੱਖਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਹੁਣ ਤੱਕ ਬੱਚਿਆਂ ਦੇ ਬੌਧਿਕ ਵਿਕਾਸ ਵਿੱਚ ਮਾਪਿਆਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਇਸ ਮਿਸ਼ਨ ਤਹਿਤ 2,941 ਪੇਰੈਂਟ ਸਮੂਹ ਬਣਾਏ ਗਏ ਹਨ। ਮਾਪਿਆਂ ਨੂੰ ਉਨ੍ਹਾਂ ਦੇ ਫ਼ੋਨ ’ਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਭੇਜੀ ਜਾ ਰਹੀ ਹੈ ਤਾਂ ਜੋ ਉਹ ਘਰ ਵਿੱਚ ਆਪਣੇ ਬੱਚਿਆਂ ਦੀ ਸਿੱਖਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਭਾਗ ਲੈ ਸਕਣ,”।
ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਬੋਲਦਿਆਂ, ਮੰਤਰੀ ਨੇ ਕਿਹਾ, “1,000 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਦੇ ਟੀਚੇ ਦੇ ਤਹਿਤ, 100 ਕਰੋੜ ਦੀ ਲਾਗਤ ਨਾਲ 1,000 ਆਧੁਨਿਕ ਆਂਗਣਵਾੜੀ ਕੇਂਦਰ ਵਿਕਸਤ ਕੀਤੇ ਜਾ ਰਹੇ ਹਨ, ਜਿਸ ਤਹਿਤ ਪ੍ਰਤੀ ਕੇਂਦਰ ’ਤੇ ਲਗਭਗ 10 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚੋਂ 700 ਕੇਂਦਰਾਂ ਵਿੱਚ ਪਹਿਲਾਂ ਹੀ ਖੁੱਲ੍ਹੇ- ਹਵਾਦਾਰ ਕਮਰੇ, ਰਸੋਈਆਂ, ਬੱਚਿਆਂ ਦੇ ਪਖ਼ਾਨੇ, ਵਾਲ ਪੇਂਟਿੰਗਾਂ ਅਤੇ ਆਧੁਨਿਕ ਫਰਨੀਚਰ ਨਾਲ ਤਿਆਰ ਹਨ। ਬਾਕੀ 300 ਕੇਂਦਰ ਵੀ ਜਲਦ ਹੀ ਪੂਰੇ ਹੋ ਜਾਣਗੇ।”
ਅਖ਼ੀਰ ਵਿੱਚ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਸਾਡੇ ਬੱਚਿਆਂ ਲਈ ਇੱਕ ਸੁਰੱਖਿਅਤ ਅਤੇ ਉੱਜਵਲ ਭਵਿੱਖ ਯਕੀਨੀ ਬਣਾਉਣ ਲਈ ਸਿੱਖਿਆ, ਪੋਸ਼ਣ ਅਤੇ ਸੁਰੱਖਿਆ ਦੇ ਖੇਤਰਾਂ ਵਿੱਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ।”



