ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: ਹੁਣ ਤੱਕ 111 ਮਾਮਲੇ ਰੋਕੇ – ਡਾ. ਬਲਜੀਤ ਕੌਰ

ਪੰਜਾਬ
  • ਬਾਲ ਵਿਆਹ ਰੋਕਣ ਲਈ 2076 ਬਾਲ ਵਿਆਹ ਰੋਕਥਾਮ ਅਧਿਕਾਰੀ ਨਾਮਜ਼ਦ: ਡਾ. ਬਲਜੀਤ ਕੌਰ
  • ਬੱਚਿਆਂ ਦੇ ਭਵਿੱਖ ਦੀ ਸੁਰੱਖਿਆ ਮਾਨ ਸਰਕਾਰ ਦੀ ਪ੍ਰਾਥਮਿਕਤਾ: ਡਾ. ਬਲਜੀਤ ਕੌਰ
  • ਬਾਲ ਵਿਆਹ ਦੀ ਸੂਚਨਾ 1098 ‘ਤੇ ਦਿਓ; ਲੋਕਾਂ ਦੀ ਭਾਗੀਦਾਰੀ ਅਹਿਮ

ਚੰਡੀਗੜ੍ਹ, 3 ਫਰਵਰੀ: ਦੇਸ਼ ਕਲਿੱਕ ਬਿਊਰੋ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਨੀਅਤ ਨਾਲ ਕੰਮ ਕਰ ਰਹੀ ਹੈ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ।

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਵਰੀ 2024 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਬਾਲ ਵਿਆਹ ਦੇ 111 ਮਾਮਲੇ ਸਮੇਂ ਸਿਰ ਰੋਕੇ ਗਏ ਹਨ, ਜੋ ਕਿ ਮਾਨ ਸਰਕਾਰ ਦੀ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ।

ਉਨ੍ਹਾਂ ਜ਼ਿਲ੍ਹਾ ਵਾਰ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿੱਚ 5, ਬਰਨਾਲਾ 1, ਬਠਿੰਡਾ 9, ਫਤਿਹਗੜ੍ਹ ਸਾਹਿਬ 4, ਫਿਰੋਜ਼ਪੁਰ 4, ਫਾਜ਼ਿਲਕਾ 18, ਫਰੀਦਕੋਟ 3, ਗੁਰਦਾਸਪੁਰ 8, ਹੁਸ਼ਿਆਰਪੁਰ 1, ਜਲੰਧਰ 2, ਲੁਧਿਆਣਾ 3, ਕਪੂਰਥਲਾ 5, ਮਾਨਸਾ 8, ਮੋਗਾ 12, ਮੁਕਤਸਰ ਸਾਹਿਬ 5, ਪਟਿਆਲਾ 4, ਪਠਾਨਕੋਟ 2, ਰੋਪੜ 1, ਸੰਗਰੂਰ 1, ਮੋਹਾਲੀ 4, ਸ਼ਹੀਦ ਭਗਤ ਸਿੰਘ ਨਗਰ 5 ਅਤੇ ਤਰਨਤਾਰਨ ਵਿੱਚ 6 ਬਾਲ ਵਿਆਹਾਂ ਦੇ ਮਾਮਲੇ ਰੋਕੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨਾ ਮਾਨ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਖ਼ਿਲਾਫ਼ ਸਰਕਾਰ ਪੂਰੀ ਸਖ਼ਤੀ ਦੇ ਨਾਲ-ਨਾਲ ਸੰਵੇਦਨਸ਼ੀਲਤਾ ਨਾਲ ਵੀ ਕਾਰਵਾਈ ਕਰ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਬਾਲ ਵਿਆਹ ਰੋਕਣ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 2076 ਬਾਲ ਵਿਆਹ ਰੋਕਥਾਮ ਅਧਿਕਾਰੀ (CMPOs) ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ CDPOs ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਸ਼ਾਮਲ ਹਨ।

ਇਸ ਸੰਦਰਭ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਸਿਰਫ਼ ਕਾਨੂੰਨੀ ਉਲੰਘਣਾ ਨਹੀਂ, ਸਗੋਂ ਇਹ ਬੱਚਿਆਂ ਦੇ ਸੁਪਨਿਆਂ, ਸਿੱਖਿਆ ਅਤੇ ਸਿਹਤ ਨਾਲ ਜੁੜੇ ਭਵਿੱਖ ‘ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਹਰ ਰੋਕਿਆ ਗਿਆ ਬਾਲ ਵਿਆਹ ਇੱਕ ਬੱਚੀ ਨੂੰ ਆਪਣੀ ਪੜ੍ਹਾਈ ਪੂਰੀ ਕਰਨ, ਆਪਣੀ ਪਹਿਚਾਣ ਬਣਾਉਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧਣ ਦਾ ਮੌਕਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਸੁਪਨਾ ਹੈ ਕਿ ਪੰਜਾਬ ਦਾ ਹਰ ਬੱਚਾ ਡਰ ਤੋਂ ਮੁਕਤ, ਸੁਰੱਖਿਅਤ ਅਤੇ ਇੱਜ਼ਤ ਨਾਲ ਭਰਪੂਰ ਬਚਪਨ ਜੀਵੇ, ਅਤੇ ਇਸ ਮਕਸਦ ਨੂੰ ਪੂਰਾ ਕਰਨ ਲਈ ਸਰਕਾਰ ਸਮਾਜ ਦੇ ਹਰ ਵਰਗ ਨਾਲ ਮਿਲ ਕੇ ਦ੍ਰਿੜਤਾ ਨਾਲ ਕੰਮ ਕਰਦੀ ਰਹੇਗੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ, ਕਿਉਂਕਿ ਜਨ-ਸਹਿਯੋਗ ਤੋਂ ਬਿਨਾਂ ਕੋਈ ਵੀ ਮੁਹਿੰਮ ਸਫਲ ਨਹੀਂ ਹੋ ਸਕਦੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਆਪਣੇ ਆਲੇ-ਦੁਆਲੇ ਬਾਲ ਵਿਆਹ ਸਬੰਧੀ ਕੋਈ ਵੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੂਚਿਤ ਕੀਤਾ ਜਾਵੇ ਜਾਂ ਆਪਣੇ ਨਜ਼ਦੀਕੀ ਬਾਲ ਵਿਆਹ ਰੋਕਥਾਮ ਅਧਿਕਾਰੀ ਨਾਲ ਸੰਪਰਕ ਕੀਤਾ ਜਾਵੇ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।