ਪਟਿਆਲਾ, 15 ਫਰਵਰੀ: ਦੇਸ਼ ਕਲਿੱਕ ਬਿਊਰੋ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਮੇਸ਼ਾ ਪੰਜਾਬ ਨਾਲ ਧੱਕਾ ਕੀਤਾ ਜਾਂਦਾ ਰਿਹਾ ਹੈ, ਤੇ ਪੰਜਾਬ ਦੇ ਹੱਕਾਂ ਤੇ ਡਾਕੇ ਮਾਰਨ ਤੋਂ ਕੇਂਦਰ ਸਰਕਾਰ ਬਾਜ ਨਹੀਂ ਆ ਰਹੀ। ਉਹਨਾਂ ਕਿਹਾ ਕਿ ਹੁਣ ਫਿਰ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਧੱਕਿਆਂ ਦੀ ਕੜੀ ਤਹਿਤ ਐਫ.ਸੀ ਆਈ ਦੇ ਪੰਜਾਬ ਜੋਨ ਦਾ ਮੁਖੀ ਅਧਿਕਾਰੀ ਵੀ ਪੰਜਾਬ ਤੋਂ ਬਾਹਰਲੇ ਯੂਟੀ ਕੇਂਦਰ ਦੇ ਅਧਿਕਾਰੀ ਨੂੰ ਨਿਯੁਕਤ ਕਰ ਦਿੱਤਾ ਗਿਆ ਹੈ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਪੰਜਾਬ ਦੇਸ਼ ਦਾ ਬੜਾ ਮਹੱਤਵਪੂਰਨ ਸੂਬਾ ਹੈ ਜਿਸ ਦਾ ਯੋਗਦਾਨ ਭਾਰਤ ਦੇ ਵਿਕਾਸ ਵਿੱਚ ਸਭ ਤੋਂ ਵੱਧ ਰਿਹਾ ਹੈ ਤੇ ਪੰਜਾਬ ਨਾਲ ਇੰਨੀ ਬੇਇਨਸਾਫੀ ਕਰਨੀ ਕਿਸੇ ਵੀ ਹਾਲਤ ਵਿੱਚ ਨਹੀਂ ਸ਼ੋਭਦੀ ਉਹਨਾਂ ਕਿਹਾ ਕਿ ਪੰਜਾਬ ਦਾ ਬਣਦਾ ਹੱਕ ਪੰਜਾਬ ਨੂੰ ਦਿੱਤਾ ਜਾਣਾ ਚਾਹੀਦਾ ਹੈ ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਚੰਡੀਗੜ੍ਹ, ਪੰਜਾਬ ਦੇ ਪੰਜਾਬੀ ਬੋਲਦੇ ਇਲਾਕਿਆਂ ਨੂੰ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਕੇਂਦਰ ਸਰਕਾਰ ਵੱਲੋਂ ਕੀਤਾ ਜਾਣਾ ਸਿੱਧਾ ਕੰਟਰੋਲ, ਚੰਡੀਗੜ੍ਹ ਵਿੱਚ ਮੁਲਾਜ਼ਮਾਂ ਦੀ 60-40 ਦੀ ਰੇਸ਼ੋ ਵਿੱਚ ਪੱਖਪਾਤ ਕਰਨਾ ਅਤੇ ਫੌਜ ਵਿੱਚ ਸਿੱਖਾਂ ਦੀ ਭਰਤੀ ਪ੍ਰਕਿਰਿਆ ਵਿੱਚ ਗਿਣਤੀ ਘਟਾਉਣਾ ਅਜਿਹੇ ਅਨੇਕਾਂ ਹੀ ਕੇਂਦਰ ਸਰਕਾਰ ਵੱਲੋਂ ਜੋ ਕੰਮ ਕੀਤੇ ਜਾ ਰਹੇ ਹਨ ਇਹ ਪੰਜਾਬ ਅਤੇ ਸਿੱਖ ਵਿਰੋਧੀ ਫੈਸਲੇ ਹਨ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਪੰਜਾਬ ਹੀ ਇੱਕ ਅਜਿਹਾ ਸੂਬਾ ਹੈ ਜਿਸ ਨੇ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਤੇ ਹੁਣ ਕੇਂਦਰ ਸਰਕਾਰ ਵੱਲੋਂ ਸਭ ਤੋਂ ਵੱਡਾ ਧੋਖਾ ਪੰਜਾਬ ਨਾਲ ਹੀ ਕੀਤਾ ਜਾ ਰਿਹਾ ਹੈ ।



