ਸਰਕਾਰੀ ਨੌਕਰੀਆਂ ‘ਤੇ ਪਹਿਲਾ ਹੱਕ ਪੰਜਾਬੀਆਂ ਦਾ ਹੋਵੇ : ਪੀਰਮੁਹੰਮਦ

ਪੰਜਾਬ

ਚਮਕੌਰ ਸਾਹਿਬ / ਮੋਰਿੰਡਾ 22 ਫਰਵਰੀ (ਭਟੋਆ)

ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਪੰਜਾਬ ਦੇ ਮੌਜੂਦਾ ਹਾਲਾਤ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਅਤੇ ਨੌਜਵਾਨ ਦੋਵੇਂ ਹੀ ਹਾਸ਼ੀਏ ਤੇ ਧੱਕ ਦਿੱਤੇ ਗਏ ਹਨ । ਉਨ੍ਹਾਂ ਕਿਹਾ ਕਿ ਅਮਰੀਕਾ ਵਰਗੇ ਵਿਕਸਤ ਦੇਸ਼ ਆਪਣੇ ਕਿਸਾਨਾਂ ਨੂੰ ਅਰਬਾਂ ਡਾਲਰ ਦੀ ਸਬਸਿਡੀ ਦੇ ਕੇ ਭਾਰਤੀ ਮੰਡੀਆਂ ਵਿੱਚ ਸਸਤਾ ਮਾਲ ਸੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਮਰੀਕੀ ਪੈਦਾਵਾਰ ਬਿਨ੍ਹਾਂ ਕਿਸੇ ਰੋਕ ਟੋਕ ਤੋਂ ਭਾਰਤੀ ਮੰਡੀਆਂ ਵਿੱਚ ਆ ਗਈ, ਤਾਂ ਪੰਜਾਬ ਦਾ ਕਿਸਾਨ ਪੂਰੀ ਤਰ੍ਹਾਂ ਰੁਲ ਜਾਵੇਗਾ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਾਹਰਲੇ ਮੁਲਕਾਂ ਤੋਂ ਆਉਣ ਵਾਲੀ ਫ਼ਸਲ ਤੇ ਭਾਰੀ ਆਯਾਤ ਡਿਊਟੀ ਲਗਾਵੇ ਤਾਂ ਜੋ ਕਿ ਸਥਾਨਕ ਕਿਸਾਨ ਦੀ ਹੋਂਦ ਬਚ ਸਕੇ। ਸ੍ਰੀ ਪੀਰਮੁਹੰਮਦ ਨੇ ਐਸ ਐਸ ਬੋਰਡ ਦੀ ਕਾਰਜਪ੍ਰਣਾਲੀ ਤੇ ਸਵਾਲ ਕਰਦਿਆਂ ਕਿਹਾ ਕਿ ਇਕ ਪਾਸੇ ਖੇਤੀ ਘਾਟੇ ਦਾ ਸੋਦਾ ਬਣ ਰਹੀ ਹੈ ਅਤੇ ਦੂਜੇ ਪਾਸੇ ਸਰਕਾਰੀ ਨੌਕਰੀਆਂ ਵਿੱਚ ਪੰਜਾਬ ਦੇ ਨੌਜਵਾਨਾਂ ਨਾਲ ਧੱਕਾ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਐਸ ਐਸ ਬੋਰਡ ਰਾਹੀਂ ਹੋਣ ਵਾਲੀ ਭਰਤੀ ਵਿੱਚ 80 ਤੋਂ 90 ਫ਼ੀਸਦ ਕੋਟਾ ਸਿਰਫ਼ ਪੰਜਾਬ ਦੇ ਪੱਕੇ ਵਸਨੀਕਾਂ ਲਈ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਨੌਕਰੀਆਂ ਪੰਜਾਬੀਆਂ ਨੂੰ ਨਾ ਮਿਲੀਆਂ ਤਾਂ ਨੌਜਵਾਨ ਮਜਬੂਰਨ ਆਪਣੀਆਂ ਜ਼ਮੀਨਾਂ ਵੇਚ ਕੇ ਵਿਦੇਸ਼ਾਂ ਵੱਲ ਜਾਣਗੇ। ਸ੍ਰੀ ਪੀਰਮੁਹੰਮਦ ਨੇ ਕਿਹਾ ਕਿ ਐਸ ਐਸ ਬੋਰਡ ਭਰਤੀ ਪ੍ਰਕਿਰਿਆ ਨੂੰ ਤੁਰੰਤ ਸੁਧਾਰੇ ਅਤੇ ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਦੇਵੇ ਤਾਂ ਜੋ ਕਿ ਨਸ਼ਾਂ ਮੁਕਤ ਪੰਜਾਬ ਨੌਜਵਾਨਾਂ ਨੂੰ ਖੇਡਾਂ ਅਤੇ ਰੁਜ਼ਗਾਰ ਨਾਲ ਜੋੜ ਕੇ ਨਸ਼ਿਆਂ ਦੇ ਦਰਿਆ ਨੂੰ ਠੱਲ੍ਹ ਪਾਈ ਜਾ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।