- ਸ਼ਹੀਦ ਗੁਰਦੀਪ ਸਿੰਘ ਦਾ ਜੱਦੀ ਪਿੰਡ ਮਹਿਲਾਂ ਵਿਖੇ ਸਰਕਾਰੀ ਤੇ ਫੌਜੀ ਸਨਮਾਨਾਂ ਨਾਲ ਹੋਇਆ ਅੰਤਮ ਸਸਕਾਰ, ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਵਿਦਾਇਗੀ
- ਪੰਜਾਬ ਸਰਕਾਰ ਤਰਫੋਂ ਐਸ.ਡੀ.ਐਮ ਗਗਨਦੀਪ ਸਿੰਘ ਵੱਲੋਂ ਰੀਥ ਰੱਖ ਕੇ ਦਿੱਤੀ ਗਈ ਸ਼ਰਧਾਂਜਲੀ
ਮਹਿਲਾਂ/ਸੰਗਰੂਰ, 26 ਫਰਵਰੀ: ਦੇਸ਼ ਕਲਿੱਕ ਬਿਊਰੋ:
ਮਣੀਪੁਰ ਵਿਖੇ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਹੌਲਦਾਰ ਸ. ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਮਹਿਲਾਂ ਵਿਖੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ। ਸ਼ਹੀਦ ਗੁਰਦੀਪ ਸਿੰਘ ਨੂੰ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਅੰਤਮ ਵਿਦਾਇਗੀ ਦਿੱਤੀ।
ਸ਼ਹੀਦ ਨੂੰ ਫ਼ੌਜੀ ਜਵਾਨਾਂ ਦੀ ਇੱਕ ਟੁਕੜੀ ਵੱਲੋਂ ਹਥਿਆਰ ਝੁਕਾ ਕੇ ਸਲਾਮੀ ਦਿੱਤੀ ਗਈ ਜਿਸ ਤੋਂ ਬਾਅਦ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਰੀਥ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਪੰਜਾਬ ਸਰਕਾਰ ਦੀ ਤਰਫੋਂ ਐਸ.ਡੀ.ਐਮ. ਸੁਨਾਮ ਗਗਨਦੀਪ ਸਿੰਘ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਤਰਫੋਂ ਉਨ੍ਹਾਂ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਵੱਲੋਂ ਸ਼ਹੀਦ ਦੀ ਮ੍ਰਿਤਕ ਦੇਹ ‘ਤੇ ਰੀਥ ਰੱਖਣ ਦੀ ਰਸਮ ਅਦਾ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਪੰਜਾਬ ਪੁਲਿਸ ਤਰਫੋਂ ਡੀ.ਐਸ.ਪੀ. ਡਾ. ਆਰ.ਕੇ. ਬਾਜਵਾ ਵੱਲੋਂ ਸ਼ਰਧਾਂਜਲੀ ਫੁੱਲ ਭੇਂਟ ਕੀਤੇ ਗਏ।
ਇਸ ਮੌਕੇ ਐਸ.ਡੀ.ਐਮ ਗਗਨਦੀਪ ਸਿੰਘ ਨੇ ਕਿਹਾ ਕਿ ਸ਼ਹੀਦ ਗੁਰਦੀਪ ਸਿੰਘ ਦੇ ਜਾਣ ਨਾਲ ਪਰਿਵਾਰ ਨੂੰ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪਰਿਵਾਰ ਦੀ ਹਰ ਸੰਭਵ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਜ਼ਿਕਰਯੋਗ ਹੈ ਕਿ ਸ਼ਹੀਦ ਗੁਰਦੀਪ ਸਿੰਘ ਨੇ ਲਗਭਗ 22 ਸਾਲ ਦੇਸ਼ ਦੀ ਸੇਵਾ ਕੀਤੀ ਹੈ ਅਤੇ ਉਹ ਖੇਡਾਂ ਦੇ ਵਿੱਚ ਕਾਫੀ ਚੰਗੇ ਸਨ। ਸ਼ਹੀਦ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ ਛੱਡ ਗਿਆ ਹੈ।



