ਅੰਮ੍ਰਿਤਸਰ, 6 ਮਾਰਚ: ਦੇਸ਼ ਕਲਿੱਕ ਬਿਊਰੋ:
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ, ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ, ਪੰਜ ਮੁਲਜ਼ਮਾਂ ਅਤੇ ਇੱਕ ਨਾਬਾਲਗ ਨੂੰ ਗ੍ਰਿਫਤਾਰ ਕਰਕੇ, ਪੰਜ ਐਡਵਾਂਸਡ ਪਿਸਤੌਲ (ਗਲਾਕ 9mm, PX5 .30 ਬੋਰ, ਟੌਰਸ 9mm, ਗ੍ਰੇਟਾ 9mm ਪਾਕਿਸਤਾਨ ਵਿੱਚ ਬਣਿਆ, ਅਤੇ ਇੱਕ .30 ਬੋਰ), 34 ਜ਼ਿੰਦਾ ਕਾਰਤੂਸ ਅਤੇ ਇੱਕ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ।
ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਹਥਿਆਰ ਤਸਕਰਾਂ ਨਾਲ ਸੰਪਰਕ ਵਿੱਚ ਸਨ ਅਤੇ ਹਥਿਆਰਾਂ ਦੀ ਖੇਪ ਮੰਗਵਾ ਕੇ ਵੱਖ-ਵੱਖ ਥਾਵਾਂ ‘ਤੇ ਵੰਡਦੇ ਸਨ।
ਪੁਲਿਸ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਅਸਲਾ ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਵਚਨਬੱਧ ਹੈ।



